ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਬਚਾਓ ਦੇ ਮੁੱਢਲੇ ਢੰਗ

ਬਚਾਓ ਦੇ ਮੁੱਢਲੇ ਢੰਗ ਬਾਰੇ ਜਾਣਕਾਰੀ।

ਜੇ ਕਿਸੇ ਨੂੰ ਇਨ੍ਹਾਂ ਦਵਾਈਆਂ ਦਾ ਜ਼ਹਿਰ ਚੜ੍ਹ ਜਾਵੇ ਤਾਂ ਜਲਦੀ ਹੀ ਡਾਕਟਰ ਨੂੰ ਬੁਲਾਅ ਲੈਣਾ ਚਾਹੀਦਾ ਹੈ। ਡਾਕਟਰ ਦੇ ਪੁੱਜਣ ਤੋਂ ਪਹਿਲਾਂ ਮੁੱਢਲੇ ਬਚਾਓ ਦੇ ਢੰਗ ਅਪਣਾਅ ਲੈਣੇ ਜ਼ਰੂਰੀ ਹਨ।

ਨਿਗਲੀ ਹੋਈ ਜ਼ਹਿਰ:

ਜਲਦੀ ਹੀ ਉਲਟੀ ਕਰਾ ਕੇ ਮਰੀਜ਼ ਦੇ ਪੇਟ ਵਿਚੋਂ ਜ਼ਹਿਰ ਕੱਢ ਦੇਣੀ ਚਾਹੀਦੀ ਹੈ। ਇਕ ਚਮਚ (੧੫ ਗ੍ਰਾਮ) ਨਮਕ ਗਰਮ ਪਾਣੀ ਦੇ ਗਲਾਸ ਵਿਚ ਘੋਲ ਕੇ ਮਰੀਜ ਨੂੰ ਦਿਓ ਅਤੇ ਇਹ ਅਮਲ, ਉਸ ਸਮੇਂ ਤੱਕ ਦੁਹਰਾਉਂਦੇ ਰਹੋ ਜਿੰਨਾ ਚਿਰ ਤੱਕ ਕਿ ਉਲਟੀ ਨਾ ਹੋ ਜਾਵੇ। ਸਹਿਜੇ ਸਹਿਜੇ ਉਂਗਲੀ ਨਾਲ ਗਲ ਨੂੰ ਟੋਹਣ ਜਾਂ ਚਮਚੇ ਦਾਖੁੰਢਾ ਪਾਸਾ ਗਲ ਉੱਤੇ ਰੱਖਣ ਨਾਲ ਜਦੋਂ ਪੇਟ ਨਮਕੀਨ ਪਾਣੀ ਨਾਲ ਭਰਿਆ ਹੋਵੇ ਉਲਟੀ ਕਰਾਉਣ ਵਿਚ ਸਹਾਇਤਾ ਮਿਲਦੀ ਹੈ। ਜੇ ਮਰੀਜ ਪਹਿਲੇ ਹੀ ਉਲਟੀਆਂ ਕਰ ਰਿਹਾ ਹੋਵੇ ਤਾਂ ਉਸ ਨੂੰ ਨਮਕ ਵਾਲਾ ਗਰਮ ਪਾਣੀ ਨਾ ਦਿਓ। ਸਗੋਂ ਗਰਮ ਪਾਣੀ ਬਹੁਤੀ ਮਿਕਦਾਰ ਵਿਚ ਦਿਓ ਅਤੇ ਫਿਰ ਦੱਸੀਆਂ ਹਦਾਇਤਾਂ ਅਨੁਸਾਰ ਅਮਲ ਕਰੋ। ਜੇ ਮਰੀਜ ਬੇਸੁਰਤ ਹੋਵੇ ਤਾਂ ਉਲਟੀਆਂ ਦੀ ਦਵਾਈ ਨਹੀਂ ਦੇਣੀ ਚਾਹੀਦੀ।

ਸਾਹ ਰਾਹੀਂ ਅੰਦਰ ਗਿਆ ਜ਼ਹਿਰ:

(ੳ) ਮਰੀਜ ਨੂੰ ਜਲਦੀ ਹੀ ਖੁੱਲੀ ਹਵਾ ਵਿਚ ਲੈ ਜਾਓ (ਤੋਰ ਕੇ ਨਹੀਂ)।

(ਅ) ਸਾਰੇ ਦਰਵਾਜੇ ਅਤੇ ਖਿੜਕੀਆਂ ਖੋਲ੍ਹ ਦਿਓ।

(ੲ) ਪਾਏ ਤੰਗ ਕੱਪੜੇ ਢਿੱਲੇ ਕਰ ਦਿਓ।

(ਸ) ਜੇ ਸਾਹ ਬੰਦ ਹੋ ਜਾਵੇ ਜਾਂ ਚਾਲ ਵਿਚ ਤਬਦੀਲੀ ਆ ਜਾਵੇ ਤਾਂ ਆਰਜੀ ਤੌਰ ਤੇ ਸਾਹ ਦਿਵਾਉਣਾ ਚਾਹੀਦਾ ਹੈ। ਛਾਤੀ ਤੇ ਕੋਈ ਦਬਾਅ ਨਹੀਂ ਦੇਣਾ ਚਾਹੀਦਾ।

(ਹ) ਮਰੀਜ਼ ਨੂੰ ਸਰਦੀ ਨਹੀਂ ਲੱਗਣ ਦੇਣੀ ਚਾਹੀਦੀ। ਮਰੀਜ਼ ਉੱਤੇ ਕੰਬਲ ਦੇਣਾ ਚਾਹੀਦਾ ਹੈ।

(ਕ) ਮਰੀਜ਼ ਨੂੰ ਜਿੰਨਾ ਹੋ ਸਕੇ ਚੁੱਪ ਰੱਖਣਾ ਚਾਹੀਦਾ ਹੈ।

(ਖ) ਜੇ ਮਰੀਜ਼ ਨੂੰ ਕੜਵੱਲ ਪੈਣ ਤਾਂ ਉਸਨੂੰ ਹਨ੍ਹੇਰੇ ਕਮਰੇ ਵਿਚ ਬਿਸਤਰ ਵਿਚ ਰੱਖੋ।

(ਗ) ਉਥੇ ਕੋਈ ਸ਼ੋਰ-ਸ਼ਰਾਬਾ ਨਾ ਕਰੋ।

(ਘ) ਮਰੀਜ਼ ਨੂੰ ਅਲਕੋਹਲ ਨਾ ਦਿਉ।

ਚਮੜੀ ਰਾਹੀਂ ਜ਼ਹਿਰ ਜਾਣਾ:

(ੳ) ਪਾਣੀ ਨਾਲ ਸਰੀਰ ਨੂੰ ਗਿੱਲਾ ਕਰ ਲਓ (ਸ਼ਾਵਰ, ਹੌਜ਼ ਜਾਂ ਪੰਪ ਦੁਆਰਾ)।

(ਅ) ਕੱਪੜੇ ਉਤਾਰ ਕੇ ਸਰੀਰ ਤੇ ਲਗਾਤਾਰ ਪਾਣੀ ਪਾਉਂਦੇ ਜਾਓ।

(ੲ) ਸਰੀਰ ਨੂੰ ਪਾਣੀ ਨਾਲ ਚੰਗੀ ਤਰ੍ਹਾਂ ਸਾਫ਼ ਕਰੋ।

(ਸ) ਸਰੀਰ ਨੂੰ ਛੇਤੀ ਧੋ ਲੈਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਕਾਫੀ ਫ਼ਰਕ ਪੈ ਜਾਂਦਾ ਹੈ।

(੪) ਅੱਖ ਵਿਚ ਜ਼ਹਿਰੀਲੀ ਦਵਾਈ ਪੈ ਜਾਣ ਤੇ ਹੇਠ ਦੱਸੀਆਂ ਹਦਾਇਤਾਂ ਤੇ ਅਮਲ ਕਰਨਾ ਚਾਹੀਦਾ ਹੈ।

(ੳ) ਅੱਖਾਂ ਦੀਆ ਪਲਕਾਂ ਖੁਲ੍ਹੀਆਂ ਰੱਖੋ।

(ਅ) ਚਲਦੇ ਪਾਣੀ ਨਾਲ ਤੁਰੰਤ ਹੀ ਅੱਖਾਂ ਹੌਲੀ-ਹੌਲੀ ਸਹਿਜੇ ਸਹਿਜੇ ਧੋਣੀਆਂ ਚਾਹੀਦੀਆਂ ਹਨ।

(ੲ) ਅੱਖਾਂ ਨੂੰ ਉਸ ਸਮੇਂ ਤੱਕ ਧੋਦੇਂ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਡਾਕਟਰ ਨਾ ਪਹੁੰਚ ਜਾਵੇ।

(ਸ) ਕਿਸੇ ਦਵਾਈ ਦੀ ਵਰਤੋਂ ਡਾਕਟਰ ਦੀ ਸਲਾਹ ਤੋਂ ਬਿਨਾਂ ਨਹੀਂ ਕਰਨੀ ਚਾਹੀਦੀ, ਹੋ ਸਕਦਾ ਹੈ ਕਿ ਗਲਤ ਵਰਤੀ ਦਵਾਈ ਹੋਰ ਹਾਨੀਕਾਰਕ ਸਿੱਧ ਹੋਵੇ।

ਸੱਟ ਲੱਗਣਾ:

(ੳ) ਜੇਕਰ ਕੋਈ ਜ਼ਖ਼ਮ ਹੋ ਜਾਵੇ ਤਾਂ ਜ਼ਖ਼ਮ ਨੂੰ ਐਂਟੀਸੈਪਟਿਕ ਤਰਲ ਨਾਲ ਸਾਫ਼ ਕਰੋ।

(ਅ) ਜੇਕਰ ਜ਼ਖ਼ਮ ਵਿੱਚੋਂ ਬਹੁਤ ਜ਼ਿਆਦਾ ਖੂਨ ਵਗ ਰਿਹਾ ਹੋਵੇ ਤਾਂ ਪੱਟੀ ਨੂੰ ਕਸ ਕੇ ਬੰਨ੍ਹ ਦਿਉ । ਸੱਟ ਵਾਲੀ ਥਾਂ ਨੂੰ ਉੱਚਾ ਚੁੱਕ ਕੇ ਰੱਖੋ।

(ੲ) ਜੇਕਰ ਕੋਈ ਹੱਡੀ ਟੁੱਟ ਜਾਵੇ ਤਾਂ ਟੁੱਟੀ ਹੋਈ ਹੱਡੀ ਨੂੰ ਕਿਸੇ ਪੱਟੀ ਆਦਿ ਨਾਲ ਬੰਨ੍ਹ ਕੇ ਸਹਾਰਾ ਦੇ ਦਿਉ ਅਤੇ ਮਰੀਜ਼ ਨੂੰ ਛੇਤੀ ਹਸਪਤਾਲ ਪਹੁੰਚਾਉ।

ਸੱਪ ਦਾ ਡੱਸਣਾ:

ਜਿਨ੍ਹਾਂ ਇਲਾਕਿਆਂ ਵਿੱਚ ਸੱਪ ਰਹਿੰਦੇ ਹਨ, ਉਥੇ ਪਜਾਮਾਂ ਜਾਂ ਪੈਂਟ ਆਦਿ, ਉੱਚੇ ਬੂਟ, ਜੁਰਾਬਾਂ ਅਤੇ ਦਸਤਾਨੇ ਪਾ ਕੇ ਰੱਖੋ। ਸਭ ਤੋਂ ਜ਼ਰੂਰੀ ਹੈ ਕਿ ਤੁਰਦਿਆਂ ਹੋਇਆਂ ਹੇਠਾਂ ਧਿਆਨ ਰੱਖੋ।

ਮੁੱਢਲੀ ਸਹਾਇਤਾ:

(ੳ) ਮਰੀਜ਼ ਨੂੰ ਪੂਰਾ ਆਰਾਮ ਦਿਉ, ਤਾਂ ਕਿ ਸਰੀਰ ਵਿੱਚ ਜ਼ਹਿਰ ਨਾ ਫੈਲੇ।

(ਅ) ਕੱਟੇ ਹੋਏ ਥਾਂ ਤੋਂ ਕੁਝ ਉੱਚਾ ਰੱਖ ਕੇ ਸਰੀਰ ਦੇ ਹਿੱਸੇ ਨੂੰ ਘੁੱਟ ਕੇ ਬੰਨ੍ਹ ਦਿਉ ਅਤੇ ਤੁਰੰਤ ਡਾਕਟਰ ਕੋਲ ਪਹੁੰਚਾਉ।

ਬਿਜਲੀ ਦਾ ਕਰੰਟ ਲੱਗਣਾ:

(ੳ) ਬਿਜਲੀ ਨਾਲ ਹੋਣ ਵਾਲੇ ਹਾਦਸਿਆਂ ਬਾਰੇ ਹਰੇਕ ਨੂੰ ਸੁਚੇਤ ਕਰੋ।

(ਅ) ਬਿਜਲੀ ਨਾਲ ਚੱਲਣ ਵਾਲੀਆਂ ਮੋਟਰਾਂ, ਮਸ਼ੀਨਾਂ ਆਦਿ ਦੀਆਂ ਤਾਰਾਂ ਚੰਗੀ ਤਰ੍ਹਾਂ ਢੱਕੀਆਂ ਹੋਣੀਆਂ ਚਾਹੀਦੀਆਂ ਹਨ।

(ੲ) ਬਿਜਲੀ ਦਾ ਕੰਮ ਕਰਦੇ ਸਮੇਂ ਰਬੜ ਦੇ ਦਸਤਾਨੇ ਅਤੇ ਸੁੱਕੀ ਜੁੱਤੀ ਪਹਿਨੋ।

ਹਾਦਸਾ ਹੋਣ ਤੇ ਮੁੱਢਲੀ ਸਹਾਇਤਾ:

(ੳ) ਜੇਕਰ ਸੰਭਵ ਹੋਵੇ ਤਾਂ ਤੁਰੰਤ ਬਿਜਲੀ ਬੰਦ ਕਰ ਦਿਉ। ਮਰੀਜ਼ ਨੂੰ ਹੱਥ ਲਾਏ ਬਿਨਾਂ ਤਾਰ ਤੋਂ ਪਾਸੇ ਕਰ ਦਿਉ। ਇਸ ਕੰਮ ਲਈ ਰਬੜ ਦੀ ਸ਼ੀਟ, ਚਮੜੇ ਦੀ ਪੇਟੀ, ਲੱਕੜੀ ਜਾਂ ਕੋਈ ਹੋਰ ਚੀਜ਼ ਜਿਸ ਵਿੱਚ ਬਿਜਲੀ ਨਾ ਲੰਘ ਸਕੇ ਆਦਿ ਵਰਤੀ ਜਾ ਸਕਦੀ ਹੈ।

(ਅ) ਜੇਕਰ ਮਰੀਜ਼ ਦਾ ਸਾਹ ਬੰਦ ਹੋ ਰਿਹਾ ਹੋਵੇ, ਤਾਂ ਉਸਨੂੰ ਮੂੰਹ ਨਾਲ ਸਾਹ ਦਿਉ।

(ੲ) ਜੇਕਰ ਮਰੀਜ਼ ਦੀ ਨਬਜ਼ ਨਾ ਚੱਲ ਰਹੀ ਹੋਵੇ, ਤਾਂ ਉਸ ਦੀ ਛਾਤੀ ਦੇ ਖੱਬੇ ਪਾਸੇ ਮਾਲਿਸ਼ ਕਰੋ ਅਤੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਉ।

(ਸ) ਕਰੰਟ ਲੱਗਣ ਨਾਲ ਜੇਕਰ ਜਖ਼ਮ ਹੋ ਗਏ ਹੋਣ, ਤਾਂ ਉਸ ਦਾ ਇਲਾਜ ਕਰਵਾਉ।

ਮੱਧੂ ਮੱਖੀ ਜਾਂ ਭੂੰਡ ਦਾ ਕੱਟਣਾ:

(ੳ) ਡੰਗ ਵਾਲੀ ਥਾਂ ਤੇ ਬਰਫ਼ ਨਾਲ ਠੰਢਾ ਕਰੋ।

(ਅ) ਡੰਗ ਨੂੰ ਕੱਢ ਦਿਓ।

(ੲ) ਡੰਗ ਵਾਲੀ ਥਾਂ ਨੂੰ ਸਾਬਣ ਨਾਲ ਧੋਵੋ।

(ਸ) ਕੋਈ ਵੀ ਐਂਟੀਅਲਰਜੀ ਦਵਾਈ ਲਵੋ।

(ਹ) ਤਿੱਖੇ ਰੰਗਾਂ ਵਾਲੇ ਕੱਪੜੇ ਅਤੇ ਸੁਗੰਧੀ ਵਾਲੀ ਚੀਜ਼ ਲਾਉਣ ਤੋਂ ਪ੍ਰਹੇਜ ਕਰੋ।

(ਕ) ਕਈ ਮਨੁੱਖਾਂ ਨੂੰ ਇਕ ਡੰਗ ਲੱਗਣ ਨਾਲ ਕਾਫ਼ੀ ਅਸਰ ਹੋ ਜਾਂਦਾ ਹੈ। ਇਹੋ ਜਿਹੀ ਹਾਲਤ ਵਿਚ ਮਰੀਜ਼ ਨੂੰ ਡਾਕਟਰ ਕੋਲ ਲੈ ਜਾਓ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.26804123711
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top