ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਬਹੁ - ਫ਼ਸਲੀ ਪ੍ਰਣਾਲੀ / ਬਹੁ - ਫ਼ਸਲੀ ਪ੍ਰਣਾਲੀ ਅਤੇ ਮੱਕੀ - ਆਲੂ ਮੈਂਥਾ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਬਹੁ - ਫ਼ਸਲੀ ਪ੍ਰਣਾਲੀ ਅਤੇ ਮੱਕੀ - ਆਲੂ ਮੈਂਥਾ

ਬਹੁ - ਫ਼ਸਲੀ ਪ੍ਰਣਾਲੀ ਅਤੇ ਮੱਕੀ-ਆਲੂ ਮੈਂਥਾ ਉੱਤੇ ਜਾਣਕਾਰੀ।

ਮੱਕੀ-ਆਲੂ ਮੈਂਥਾ

ਇਹ ਫ਼ਸਲੀ ਚੱਕਰ ਝੋਨਾ-ਕਣਕ ਨਾਲੋਂ ਦੁੱਗਣਾ ਲਾਹੇਵੰਦ ਹੈ ਅਤੇ ਇਸ ਨਾਲ ਪਾਣੀ ਦੀ ਕਾਫ਼ੀ ਬੱਚਤ ਹੁੰਦੀ ਹੈ। ਇਸ ਚੱਕਰ ਵਿੱਚ ਮੱਕੀ ਨੂੰ ਅੱਧ ਜੂਨ ਵਿਚ ਬੀਜੋ ਜੋ ਸਤੰਬਰ ਦੇ ਦੂਜੇ ਪੰਦਰਵਾੜੇ ਵਿਚ ਖੇਤ ਨੂੰ ਖਾਲੀ ਕਰ ਦੇਵੇਗੀ। ਇਸ ਤੋਂ ਬਾਅਦ ਆਲੂ (ਕੁਫਰੀ ਚੰਦਰਮੁਖੀ) ਅਕਤੂਬਰ ਦੇ ਪਹਿਲੇ ਹਫ਼ਤੇ ਵਿਚ ਬੀਜੋ ਜਿਹੜੇ ਖੇਤ ਨੂੰ ਅੱਧ ਜਨਵਰੀ ਤੱਕ ਖਾਲੀ ਕਰ ਦੇਣਗੇ। ਇਸ ਤੋਂ ਬਾਅਦ ਜਨਵਰੀ ਦੇ ਦੂਜੇ ਪੰਦਰਵਾੜੇ ਵਿਚ ਮੈਂਥਾ ਲਾਓ ਜੋ ਖੇਤ ਨੂੰ ਜੂਨ ਦੇ ਪਹਿਲੇ ਪੰਦਰਵਾੜੇ ਵਿਚ ਖਾਲੀ ਕਰ ਦੇਵੇਗਾ। ਇਸ ਫ਼ਸਲੀ ਚੱਕਰ ਵਿੱਚ ਜ਼ਮੀਨ ਦਾ ਜੈਵਿਕ ਕਾਰਬਨ, ਫਾਸਫੋਰਸ ਤੇ ਪੋਟਾਸ਼ ਵੀ ਵਧਦਾ ਹੈੇ।

ਮੱਕੀ (ਅਗਸਤ)-ਕਣਕ/ਕਰਨੌਲੀ-ਬਾਜਰਾ (ਚਾਰਾ)

ਇਹ ਫ਼ਸਲੀ ਚੱਕਰ ਵੀ ਝੋਨੇ-ਕਣਕ ਨਾਲੋਂ ਜ਼ਿਆਦਾ ਲਾਹੇਵੰਦ ਹਨ ਅਤੇ ਇਸ ਨਾਲ ਪਾਣੀ ਦੀ ਵੀ ਕਾਫ਼ੀ ਬੱਚਤ ਹੁੰਦੀ ਹੈ। ਇਨ੍ਹਾਂ ਚੱਕਰਾਂ ਵਿਚ ਮੱਕੀ ਨੂੰ ਅਗਸਤ ਦੇ ਦੂਜੇ ਪੰਦਰਵਾੜੇ ਵਿਚ ਬੀਜੋ ਜਿਹੜੀ ਅੱਧ ਦਸੰਬਰ ਤੱਕ ਖੇਤ ਖਾਲੀ ਕਰ ਦੇਵੇਗੀ। ਦਸੰਬਰ ਦੇ ਦੂਜੇ ਪੰਦਰਵਾੜੇ ਵਿਚ ਕਣਕ ਦੀ ਪਿਛੇਤੀ ਕਿਸਮ (ਪੀ ਬੀ ਡਬਲਯੂ ੫੯੦) ਜਾਂ ਕਰਨੌਲੀ ਦੀ ਪਨੀਰੀ ਰਾਹੀਂ ਬਿਜਾਈ ਕਰੋ। ਮਈ ਦੇ ਪਹਿਲੇ ਪੰਦਰਵਾੜੇ ਵਿਚ ਬਾਜਰੇ (ਚਾਰਾ) ਦੀ ਬਿਜਾਈ ਕਰੋ ਜਿਹੜਾ ਖੇਤ ਨੂੰ ਜੁਲਾਈ ਦੇ ਪਹਿਲੇ ਪੰਦਰਵਾੜੇ ਵਿਚ ਖਾਲੀ ਕਰ ਦੇਵੇਗਾ।

ਮੱਕੀ/ਝੋਨਾ-ਗੋਭੀ ਸਰ੍ਹੋਂ-ਗਰਮੀ ਰੁੱਤ ਦੀ ਮੂੰਗੀ

ਇਹ ਫ਼ਸਲੀ ਚੱਕਰ ਮੱਕੀ-ਕਣਕ ਅਤੇ ਝੋਨਾ- ਕਣਕ ਦੇ ਫ਼ਸਲੀ ਚੱਕਰ ਨਾਲੋਂ ਵੱਧ ਝਾੜ ਅਤੇ ਮੁਨਾਫ਼ਾ ਦਿੰਦਾ ਹੈ। ਇਸ ਫ਼ਸਲੀ ਚੱਕਰ ਵਿੱਚ ਮੱਕੀ ਦੀ ਬਿਜਾਈ ਜੂਨ ਦੇ ਪਹਿਲੇ ਪੰਦਰ੍ਹਵਾੜੇ, ਝੋਨੇ ਦੀ ਪਨੀਰੀ ਜੂਨ ਦੇ ਦੂਸਰੇ ਪੰਦਰ੍ਹਵਾੜੇ, ਗੋਭੀ ਸਰ੍ਹੋਂ ਦੀ ੧੦-੩੦ ਅਕਤੂਬਰ ਅਤੇ ਗਰਮ ਰੁੱਤ ਦੀ ਮੂੰਗੀ ਦੀ ਬੀਜਾਈ ਅਪ੍ਰੈਲ ਦੇ ਪਹਿਲੇ ਪੰਦਰ੍ਹਵਾੜੇ ਵਿੱਚ ਕੀਤੀ ਜਾ ਸਕਦੀ ਹੈ। ਗਰਮ ਰੁੱਤ ਦੀ ਮੂੰਗੀ ਦੀ ਬਿਜਾਈ ਰੌਣੀ ਕਰਨ ਤੋਂ ਤੁਰੰਤ ਬਾਅਦ ਬਿਨਾਂ ਵਹਾਈ ਕੀਤੀ ਜਾ ਸਕਦੀ ਹੈ।

ਝੋਨਾ-ਛੋਲੇ-ਗਰਮੀ ਰੁੱਤ ਦੀ ਮੂੰਗੀ

ਇਹ ਫ਼ਸਲ ਪ੍ਰਣਾਲੀ ਝੋਨਾ-ਕਣਕ ਫ਼ਸਲੀ ਚੱਕਰ ਨਾਲੋਂ ਵੱਧ ਝਾੜ ਅਤੇ ਜ਼ਿਆਦਾ ਆਮਦਨ ਦਿੰਦੀ ਹੈ। ਇਸ ਲਈ ਝੋਨੇ ਦੀ ਪਨੀਰੀ ਦੀ ਲੁਆਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਕਰਨੀ ਚਾਹੀਦੀ ਹੈ। ਝੋਨੇ ਤੋਂ ਬਾਅਦ ਛੋਲਿਆਂ ਨੂੰ ੨੫ ਅਕਤੂਬਰ ਤੋਂ ੧੦ ਨਵੰਬਰ ਤੱਕ ਕਣਕ ਬੀਜਣ ਵਾਲੇ ਬੈੱਡ ਪਲਾਂਟਰ ਨਾਲ ਬਣਾਈਆਂ ਵੱਟਾਂ ਤੇ ਦੋ ਕਤਾਰਾਂ ਪ੍ਰਤੀ ਬੈੱਡ ਬੀਜਣਾ ਚਾਹੀਦਾ ਹੈ। ਗਰਮੀ ਰੁੱਤ ਦੀ ਮੂੰਗੀ ਦੀ ਬੀਜਾਈ ਅਪ੍ਰੈਲ ਦੇ ਦੂਜੇ-ਤੀਜੇ ਹਫ਼ਤੇ ਵਿੱਚ ਕਰ ਦੇਣੀ ਚਾਹੀਦੀ ਹੈ। ਇਹ ਫ਼ਸਲ ਪ੍ਰਣਾਲੀ ਜ਼ਮੀਨ ਦੀ ਉਪਜਾਊਸ਼ਕਤੀ ਅਤੇ ਜੀਵਾਣੂਆਂ ਦੀ ਗਿਣਤੀ ਝੋਨਾ-ਕਣਕ ਫ਼ਸਲੀ ਚੱਕਰ ਨਾਲੋਂ ਵਧਾਉਂਦੀ ਹੈ।

ਮੂੰਗਫ਼ਲੀ-ਤੋਰੀਆ+ਗੋਭੀ ਸਰ੍ਹੋਂ

ਮੂੰਗਫ਼ਲੀ-ਤੋਰੀਆ+ਗੋਭੀ ਸਰ੍ਹੋਂ ਫ਼ਸਲੀ ਚੱਕਰ ਝੋਨਾ/ਮੱਕੀ-ਕਣਕ ਫ਼ਸਲੀ ਚੱਕਰਾਂ ਨਾਲੋਂ ਵੱਧ ਝਾੜ ਅਤੇ ਆਮਦਨ ਦਿੰਦਾ ਹੈ। ਇਸ ਫ਼ਸਲੀ ਚੱਕਰ ਵਿਚ ਮੂੰਗਫ਼ਲੀ (ਐਸ ਜੀ ੯੯) ਦੀ ਬਿਜਾਈ ਮਈ ਦੇ ਪਹਿਲੇ ਪੰਦਰਵਾੜੇ, ਤੋਰੀਆ ਅਤੇ ਗੋਭੀ ਸਰ੍ਹੋਂ ਦੀ ਰਲਵੀ ਬਿਜਾਈ (੨੨.੫ ਸੈ: ਮੀ: (੧:੧) ਕਤਾਰਾਂ ਵਿਚ ਜਾਂ ਤੋਰੀਏ ਦਾ ਛੱਟਾ ਦੇ ਕੇ ਗੋਭੀ ਸਰ੍ਹੋਂ ਨੂੰ ੪੫.੦ ਸੈ: ਮੀ: ਕਤਾਰਾਂ ਵਿਚ) ਅੱਧ ਸਤੰਬਰ ਵਿਚ ਦੋਨਾਂ ਫ਼ਸਲਾਂ ਦਾ ਇੱਕ ਇੱਕ ਕਿਲੋ ਬੀਜ/ਏਕੜ ਵਰਤ ਕੇ ਕੀਤੀ ਜਾ ਸਕਦੀ ਹੈ। ਤੋਰੀਆ ਦਸੰਬਰ ਦੇ ਅੱਧ ਤੋਂ ਬਾਅਦ ਪੱਕ ਜਾਵੇਗਾ ਜਦੋਂ ਕਿ ਗੋਭੀ ਸਰ੍ਹੋਂ ਅਪ੍ਰੈਲ ਦੇ ਪਹਿਲੇ ਹਫ਼ਤੇ ਤਕ ਪੱਕ ਜਾਵੇਗੀ। ਤੋਰੀਆ+ਗੋਭੀ ਸਰ੍ਹੋਂ ਨੂੰ ੨੫ ਕਿਲੋ ਨਾਈਟਰੋਜਨ/ਏਕੜ (੫੫ ਕਿਲੋ ਯੂਰੀਆ) ਅਤੇ ੧੨ ਕਿਲੋ ਫਾਸਫੋਰਸ (੭੫ ਕਿਲੋ ਸਿੰਗਲ ਸੁਪਰਫਾਸਫੇਟ) ਬਿਜਾਈ ਸਮੇਂ ਪਾਉ ਅਤੇ ੩੦ ਕਿਲੋ ਨਾਈਟਰੋਜਨ/ਏਕੜ (੬੫ ਕਿਲੋ ਯੂਰੀਆ) ਤੋਰੀਏ ਦੀ ਕਟਾਈ ਤੋਂ ਬਾਅਦ ਦੂਜੇ ਪਾਣੀ ਨਾਲ ਪਾਓ।

ਚਾਰੇ ਦੇ ਫ਼ਸਲ ਚੱਕਰ:

 

ਮੱਕੀ/ਮੂੰਗਫ਼ਲੀ-ਹਰਾ ਪਿਆਜ-ਪਿਆਜ

ਇਹ ਫ਼ਸਲ ਪ੍ਰਣਾਲੀਆਂ, ਝੋਨਾ-ਕਣਕ ਪ੍ਰਣਾਲੀ ਨਾਲੋਂ ਵਧੇਰੇ ਆਰਥਿਕ ਮੁਨਾਫ਼ਾ ਅਤੇ ਝਾੜ ਦਿੰਦੀਆਂ ਹਨ। ਇਸ ਵਿੱਚ ਮੂੰਗਫ਼ਲੀ ਨੂੰ ਮਈ ਦੇ ਦੂਸਰੇ ਪੰਦਰਵਾੜੇ, ਮੱਕੀ ਨੂੰ ਜੂਨ ਦੇ ਪਹਿਲੇ ਪੰਦਰਵਾੜੇ ਅਤੇ ਗੰਢੀਆਂ ਲਈ ਪਿਆਜਾਂ ਦੀ ਨਰਸਰੀ ਨੂੰ ਮਾਰਚ ਵਿੱਚ ਬੀਜੋ। ਪਿਆਜ ਦੀਆਂ ਗੰਢੀਆਂ ਨੂੰ ਜੂਨ ਵਿੱਚ ਪੁੱਟ ਕੇ ਹਵਾਦਾਰ ਸਥਾਨ ਤੇ ਸਟੋਰ ਕਰੋ ਅਤੇ ਇਨ੍ਹਾਂ ਗੰਢੀਆਂ ਨੂੰ ਸਤੰਬਰ ਦੇ ਦੂਜੇ ਪੰਦਰਵਾੜੇ ਵਿੱਚ ਮੂੰਗਫ਼ਲੀ/ਮੱਕੀ ਦੀ ਪਟਾਈ/ਕਟਾਈ ਤੋਂ ਬਾਅਦ ਖੇਤ ਵਿੱਚ ਲਾਉ। ਇਸ ਪਿਆਜ ਨੂੰ ਦਸੰਬਰ ਦੇ ਦੂਜੇ ਪੰਦਰਵਾੜੇ ਵਿੱਚ ਹਰਾ ਹੀ ਪੁੱਟ ਲਵੋ। ਹਾੜੀ ਦੇ ਪਿਆਜ ਲਈ ਜਨਵਰੀ ਦੇ ਪਹਿਲੇ ਪੰਦਰਵਾੜੇ ਵਿੱਚ ਪਨੀਰੀ ਨੂੰ ਖੇਤ ਵਿੱਚ ਲਾਉ। ਇਹ ਪਿਆਜ ਅੱਧ ਮਈ ਤੱਕ ਤਿਆਰ ਹੋ ਜਾਂਦਾ ਹੈ।

ਮੱਕੀ-ਬਰਸੀਮ-ਬਾਜਰਾ

ਇਸ ਫ਼ਸਲੀ ਚੱਕਰ ਤੋਂ ਸਾਰਾ ਸਾਲ ਹਰਾ ਚਾਰਾ ਲੈਣ ਲਈ ਮੱਕੀ ਨੂੰ ਅਗਸਤ ਦੇ ਦੂਜੇ ਹਫ਼ਤੇ ਬੀਜ ਕੇ ਬਿਜਾਈ ਤੋਂ ੫੦-੬੦ ਦਿਨਾਂ ਬਾਅਦ (ਜਦੋਂ ਫ਼ਸਲ ਦੋਧੇ ਤੇ ਹੋਵੇ ਅਤੇ ਦਾਣੇ ਨਰਮ ਹੋਣ) ਕੱਟੋ ਅਤੇ ਅਕਤੂਬਰ ਦੇ ਪਹਿਲੇ ਜਾਂ ਦੂਜੇ ਹਫ਼ਤੇ ਬਰਸੀਮ ਬੀਜੋ ਜਿਸ ਤੋਂ ੪-੫ ਕਟਾਈਆਂ ਲਈਆਂ ਜਾ ਸਕਦੀਆਂ ਹਨ। ਜੂਨ ਦੇ ਦੂਜੇ ਹਫ਼ਤੇ ਬਾਜਰਾ ਬੀਜ ਕੇ ਬਿਜਾਈ ਤੋਂ ੪੫-੫੫ ਦਿਨਾਂ ਬਾਅਦ (ਜਦੋਂ ਸਿੱਟੇ ਨਿਕਲਣੇ ਸ਼ੁਰੂ ਹੋਣ) ਕੱਟੋ।

ਮੱਕੀ-ਬਰਸੀਮ-ਮੱਕੀ+ਰਵਾਂਹ

ਇਸ ਫ਼ਸਲੀ ਚੱਕਰ ਤੋਂ ਸਾਰਾ ਸਾਲ ਹਰਾ ਚਾਰਾ ਲੈਣ ਲਈ ਮੱਕੀ ਨੂੰ ਅਗਸਤ ਦੇ ਦੂਜੇ ਹਫ਼ਤੇ ਬੀਜ ਕੇ ਬਿਜਾਈ ਤੋਂ ੫੦-੬੦ ਦਿਨਾਂ ਬਾਅਦ (ਜਦੋਂ ਫ਼ਸਲ ਦੋਧੇ ਤੇ ਹੋਵੇ ਅਤੇ ਦਾਣੇ ਨਰਮ ਹੋਣ) ਕੱਟੋ ਅਤੇ ਅਕਤੂਬਰ ਦੇ ਪਹਿਲੇ ਜਾਂ ਦੂਜੇ ਹਫ਼ਤੇ ਬਰਸੀਮ ਬੀਜੋ ਜਿਸ ਤੋਂ ੪-੫ ਕਟਾਈਆਂ ਲਈਆਂ ਜਾ ਸਕਦੀਆਂ ਹਨ। ਜੂਨ ਦੇ ਦੂਜੇ ਹਫ਼ਤੇ ਮੱਕੀ+ਰਵਾਂਹ ਨੂੰ ਰਲਾ ਕੇ ਬੀਜੋ ਅਤੇ ਬਿਜਾਈ ਤੋਂ ੫੦-੬੦ ਦਿਨਾਂ ਬਾਅਦ (ਜਦੋਂ ਮੱਕੀ ਦੀ ਫ਼ਸਲ ਦੋਧੇ ਤੇ ਹੋਵੇ ਅਤੇ ਦਾਣੇ ਨਰਮ ਹੋਣ) ਕੱਟੋ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.14285714286
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top