ਨਾਈਟ੍ਰੋਜਨ ੫੦ ਕਿਲੋ, ਫ਼ਾਸਫ਼ੋਰਸ ੧੨ ਕਿਲੋ ਅਤੇ ਪੋਟਾਸ਼ ੧੨ ਕਿਲੋ ਪ੍ਰਤੀ ਏਕੜ ਦੇ ਹਿਸਾਬ ਪਾਉ। ਇਹ ਤੱਤ ਕ੍ਰਮਵਾਰ ੧੧੦ ਕਿਲੋ ਯੂਰੀਆ, ੭੫ ਕਿਲੋ ਸੁਪਰ ਫ਼ਾਸਫ਼ੇਟ ਅਤੇ ੨੦ ਕਿਲੋ ਮਿਊਰੇਟ ਆਫ ਪੋਟਾਸ਼ ਪਾਉਣ ਨਾਲ ਪੂਰੇ ਹੋ ਜਾਂਦੇ ਹਨ।
ਜੇਕਰ ਡੀ ਏ ਪੀ ਵਰਤਣੀ ਹੋਵੇ ਤਾਂ ੨੭ ਕਿਲੋ ਡੀ ਏ ਪੀ ਅਤੇ ੧੦੦ ਕਿਲੋ ਯੂਰੀਆ ਪ੍ਰਤੀ ਏਕੜ ਪਾਉਣ ਨਾਲ ਨਾਈਟ੍ਰੋਜਨ ਅਤੇ ਫ਼ਾਸਫ਼ੋਰਸ ਤੱਤਾਂ ਦੀ ਲੋੜ ਪੂਰੀ ਹੋ ਜਾਂਦੀ ਹੈ। ਨਾਈਟ੍ਰੋਜਨ ਵਾਸਤੇ ਯੂਰੀਆ ਜਾਂ ਨਿੰਮ ਲਿਪਤ ਯੂਰੀਆ ਵੀ ਵਰਤਿਆ ਜਾ ਸਕਦਾ ਹੈ।
ਇਹ ਤੱਤ ਮੰਡੀ ਵਿੱਚ ਮਿਲਦੀਆਂ ਹੋਰ ਖਾਦਾਂ ਤੋ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਫ਼ਾਸਫ਼ੋਰਸ ਅਤੇ ਪੋਟਾਸ਼ ਤੱਤਾਂ ਦੀ ਵਰਤੋਂ ਤਾਂ ਕਰੋ ਜੇਕਰ ਮਿੱਟੀ ਪਰਖ ਦੇ ਆਧਾਰ ਤੇ ਇਨ੍ਹਾਂ ਦੀ ਘਾਟ ਹੋਵੇ (ਮਿੱਟੀ ਪਰਖ ਅਧਿਆਇ ਦੇਖੋ)। ਜੇਕਰ ਰੂੜੀ ਜਾਂ ਹਰੀ ਖਾਦ ਜਾਂ ਪ੍ਰੈਸਮੱਡ ਦੀ ਵਰਤੋਂ ਕੀਤੀ ਹੋਵੇ ਤਾਂ ਰਸਾੲਣਿਕ ਖਾਦ ਦੀ ਮਾਤਰਾ ਪਹਿਲਾਂ ਦੱਸੇ ਅਨੁਸਾਰ ਘਟਾ ਦਿਉ।
ਸਾਰੀ ਫ਼ਾਸਫ਼ੋਰਸ, ਸਾਰੀ ਪੋਟਾਸ਼ ਅਤੇ ਇੱਕ ਤਿਹਾਈ ਨਾਈਟ੍ਰੋਜਨ ਖਾਦ ਆਖਰੀ ਕੱਦੂ ਕਰਨ ਤੋਂ ਪਹਿਲਾਂ ਪਾ ਦਿਉ। ਬਾਕੀ ਰਹਿੰਦੀ ਨਾਈਟ੍ਰੋਜਨੀ ਖਾਦ ਨੂੰ ਦੋ ਬਰਾਬਰ ਹਿੱਸਿਆਂ ਵਿੱਚ ਪਨੀਰੀ ਪੁੱਟ ਕੇ ਲਾਉਣ ਤੋਂ ਤਿੰਨ ਅਤੇ ਛੇ ਹਫ਼ਤੇ ਬਾਅਦ ਛੱਟੇ ਨਾਲ ਪਾਉ।
ਫ਼ਾਸਫ਼ੋਰਸ ਵਾਲੀ ਖਾਦ ਪਨੀਰੀ ਪੁੱਟ ਕੇ ਲਾਉਣ ਤੋਂ ੨੧ ਦਿਨਾਂ ਤੱਕ ਵੀ ਪਾਈ ਜਾ ਸਕਦੀ ਹੈ। ਜੇਕਰ ਪਿੱਛੇ ਬੀਜੀ ਕਣਕ ਨੂੰ ਫ਼ਾਸਫ਼ੋਰਸ ਦੀ ਸਿਫ਼ਾਰਸ਼ ਕੀਤੀ ਮਾਤਰਾ ਪਾਈ ਗਈ ਹੋਵੇ ਤਾਂ ਝੋਨੇ ਨੂੰ ਫ਼ਾਸਫ਼ੋਰਸ ਪਾਉਣ ਦੀ ਲੋੜ ਨਹੀਂ।
ਨਾਈਟ੍ਰੋਜਨ ਖਾਦ ਦੀ ਦੂਸਰੀ ਅਤੇ ਤੀਸਰੀ ਕਿਸ਼ਤ ਜੇ ਹੋ ਸਕੇ ਤਾਂ ਉਸ ਵੇਲੇ ਪਾਉ ਜਦੋਂ ਖੇਤ ਵਿੱਚ ਪਾਣੀ ਨਾ ਖੜ੍ਹਾ ਹੋਵੇ। ਪਾਣੀ ਖਾਦ ਪਾਉਣ ਤੋਂ ਤੀਸਰੇ ਦਿਨ ਲਾਉ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020