ਪੂਸਾ ੪੪: ਇਹ ਫ਼ਸਲ ਲੰਮਾ ਸਮਾਂ ਲੈਣ ਵਾਲੀ ਅਤੇ ਝੁਲਸ ਰੋਗ ਦਾ ਟਾਕਰਾ ਕਰਨ ਦੇ ਅਸਮਰੱਥ ਹੈ। ਐਚ.ਕੇ.ਆਰ. ੪੭: ਇਹ ਇਕ ਦਰਮਿਆਨੇ ਸਮੇਂ ਦੀ ਕਿਸਮ ਹੈ ਅਤੇ ਝੁਲਸ ਰੋਗ ਦਾ ਟਾਕਰਾ ਕਰਨ ਦੇ ਅਸਮਰੱਥ ਹੈ। ਐਚ.ਕੇ.ਆਰ. ੧੨੭: ਇਹ ਇੱਕ ਦਰਮਿਆਨੇ ਸਮੇਂ ਦੀ ਕਿਸਮ ਹੈ ਅਤੇ ਝੁਲਸ ਰੋਗ ਦਾ ਟਾਕਰਾ ਕਰਨ ਦੇ ਅਸਮਰੱਥ ਹੈ।
ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਝੋਨੇ ਦੀ ਸਿੱਧੀ ਬਿਜਾਈ ਦੀ ਕਾਮਯਾਬੀ ਲਈ ਹੇਠ ਦਿੱਤੇ ਨੁਕਤੇ ਜ਼ਰੂਰ ਅਪਣਾਓ:
੧. ਢੁੱਕਵੀ ਜ਼ਮੀਨ: ਝੋਨੇ ਦੀ ਸਿੱਧੀ ਬਿਜਾਈ ਸਿਰਫ਼ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕਰੋ। ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਲੋਹੇ ਦੀ ਬਹੁਤ ਘਾਟ ਆ ਜਾਂਦੀ ਹੈ ਤੇ ਝਾੜ ਬਹੁਤ ਘੱਟ ਜਾਂਦਾ ਹੈ।
੨. ਲੇਜ਼ਰ ਕਰਾਹੇ ਦੀ ਵਰਤੋਂ ਅਤੇ ਖੇਤ ਦੀ ਤਿਆਰੀ: ਲੇਜ਼ਰ ਕਰਾਹੇ ਦੀ ਵਰਤੋਂ ਨਾਲ ਸਿੰਚਾਈ ਵਾਲੇ ਪਾਣੀ ਦੀ ਸਹੀ ਸੰਜਮਤਾ ਨਾਲ ਵਰਤੋਂ ਹੁੰਦੀ ਹੈ ਅਤੇ ਫ਼ਸਲ ਦਾ ਵਧੀਆ ਪੁੰਗਾਰ ਮਿਲਦਾ ਹੈ। ਖੇਤ ਨੂੰ ਤਿਆਰ ਕਰਨ ਲਈ ਦੋ ਵਾਰ ਤਵੀਆਂ ਨਾਲ ਵਾਹੁਣ ਤੋਂ ਬਾਅਦ ਇੱਕ ਵਾਰੀ ਹੱਲ ਫੇਰ ਕੇ ਸੁਹਾਗਾ ਫੇਰਨਾ ਚਾਹੀਦਾ ਹੈ। ਉਸ ਤੋਂ ਬਾਅਦ ਲੇਜ਼ਰ ਕਰਾਹੇ ਨਾਲ ਜ਼ਮੀਨ ਨੂੰ ਪੱਧਰਾ ਕਰਨਾ ਚਾਹੀਦਾ ਹੈ। ਲੇਜ਼ਰ ਕਰਾਹੇ ਦੀ ਵਰਤੋਂ ਤੋਂ ਬਾਅਦ ਖੇਤ ਨੂੰ ਪਾਣੀ ਲਗਾਉ ਅਤੇ ਇੱਕ ਵਾਰ ਹੱਲ ਨਾਲ ਵਾਹ ਕੇ ਸੁਹਾਗਾ ਫੇਰ ਦਿਉ।
੩. ਢੁੱਕਵੀਆਂ ਕਿਸਮਾਂ: ਘੱਟ ਸਮਾਂ ਲੈਣ ਵਾਲੀ ਕਿਸਮ ਪੀ ਆਰ ੧੧੫ ਸਭ ਤੋਂ ਵੱਧ ਢੁਕਵੀਂ ਹੈ।
੪. ਬਿਜਾਈ ਦਾ ਸਮਾਂ: ਝੋਨੇ ਦੀ ਸਿੱਧੀ ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਵਿੱਚ ਕੀਤੀ ਜਾ ਸਕਦੀ ਹੈ। ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕਰੋ। ਰੇਤਲੀਆਂ ਜ਼ਮੀਨਾਂ ਵਿੱਚ ਲੋਹੇ ਦੀ ਘਾਟ ਜ਼ਿਆਦਾ ਆਉਂਦੀ ਹੈ। ਬਿਜਾਈ ਤੋਂ ਪਹਿਲਾਂ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰ ਕਰ ਲਉ। ਬਿਜਾਈ ਜੂਨ ਦੇ ਪਹਿਲੇ ਪੰਦਰਵਾੜ੍ਹੇ ਵਿੱਚ ਕਰੋ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਦੋ ਦਿਨਾਂ ਦੇ ਅੰਦਰ-ਅੰਦਰ ਇੱਕ ਲਿਟਰ ਸਟੌਂਪ ਪ੍ਰਤੀ ਏਕੜ ਨੂੰ ੨੦੦ ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ ਅਤੇ ਬਾਅਦ ਵਿੱਚ ਸਿਫ਼ਾਰਿਸ਼ ਮੁਤਾਬਕ ਨਦੀਨ ਨਾਸ਼ਕਾਂ ਦੀ ਵਰਤੋਂ ਕਰੋ।
੫. ਬੀਜ ਦੀ ਸੋਧ: ਬੀਜ ਨੂੰ ਉੱਲੀਨਾਸ਼ਕ ਦੇ ਘੋਲ ਵਿੱਚ ੧੦-੧੨ ਘੰਟੇ ਲਈ ਡੁਬੋ ਲਉ ਅਤੇ ਇਸ ਨੂੰ ਬਿਜਾਈ ਤੋਂ ਪਹਿਲਾਂ ਛਾਂ ਵਿੱਚ ਸੁਕਾ ਲਵੋ।
੬. ਬੀਜ ਦੀ ਮਾਤਰਾ ਅਤੇ ਬਿਜਾਈ ਦਾ ਢੰਗ: ਝੋਨੇ ਦੀ ਸਿੱਧੀ ਬਿਜਾਈ ੮-੧੦ ਕਿਲੋ ਬੀਜ ਪ੍ਰਤੀ ਏਕੜ ਵਰਤ ਕੇ ਟੇਢੀ ਪਲੇਟ ਵਾਲੀ ਟਰੈਕਟਰ ਡਰਿੱਲ ਨਾਲ 20 ਸੈਂਟੀਮੀਟਰ ਦੂਰ ਕਤਾਰਾਂ ਵਿੱਚ ਸੁੱਕੇ ਖੇਤ ਵਿੱਚ ਜਾਂ ਰੌਣੀ ਕੀਤੇ ਖੇਤ ਵਿੱਚ ਕਰੋ। ਬੀਜ ਦੀ ਡੂੰਘਾਈ ੨-੩ ਸੈਂਟੀਮੀਟਰ ਰੱਖਣੀ ਚਾਹੀਦੀ ਹੈ। ਜ਼ਿਆਦਾ ਡੂੰਘਾਈ ਤੇ ਬੀਜ ਨਹੀਂ ਜੰਮਦਾ।
੭. ਨਦੀਨਾਂ ਦੀ ਰੋਕਥਾਮ : ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ੨ ਦਿਨਾਂ ਅੰਦਰ-ਅੰਦਰ ੧ ਲਿਟਰ/ ਏਕੜ ਸਟੌਂਪ ੩੦ ਈ ਸੀ (ਪੈਂਡੀਮੈਥਾਲਿਨ) ਨੂੰ ੨੦੦ ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਬਿਜਾਈ ਤੋਂ ੨੦-੨੫ ਦਿਨਾਂ ਬਾਅਦ ਜਦੋਂ ਫ਼ਸਲ ਵਿੱਚ ਸਵਾਂਕ ਅਤੇ ਝੋਨੇ ਦੇ ਮੋਥੇ ਹੋਣ ਤਾਂ ੧੦੦ ਮਿਲੀਲਿਟਰ/ਏਕੜ ਨੌਮਨੀਗੋਲਡ/ਵਾਸ਼ ਆਊਟ/ਤਾਰਕ/ਮਾਚੋ ੧੦ ਐਸ ਸੀ (ਬਿਸਪਾਇਰੀਬੈਕ) ਅਤੇ ਜਦੋਂ ਫ਼ਸਲ ਵਿੱਚ ਝੋਨੇ ਦੇ ਮੋਥੇ, ਗੰਢੀ ਵਾਲਾ ਮੋਥਾ ਅਤੇ ਚੌੜੀ ਪੱਤੀ ਵਾਲੇ ਨਦੀਨ ਹੋਣ ਤਾਂ ੧੬ ਗ੍ਰਾਮ/ਏਕੜ ਸੈਗਮੈਂਟ ੫੦ ਡੀ ਐਫ (ਅਜ਼ਿਮਸਲਫੂਰਾਨ) ਨੂੰ ੧੫੦ ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਇਹਨਾਂ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਜਦੋਂ ਫ਼ਸਲ ਵਿੱਚ ਗੁੜਤ ਮਧਾਣਾ, ਲੈਪਟੋਕਲੋਆ ਘਾਹ, ਚਿੜੀ ਘਾਹ ਅਤੇ ਤੱਕੜੀ ਘਾਹ ਹੋਵੇ ਤਾਂ ਬਿਜਾਈ ਤੋਂ ੨੦ ਦਿਨਾਂ ਬਾਅਦ ੪੦੦ ਮਿਲੀਲਿਟਰ/ਏਕੜ ਰਾਈਸਸਟਾਰ ੬.੭ ਈ ਸੀ (ਫਿਨੌਕਸਾਪ੍ਰੌਪ) ਨੂੰ ੧੫੦ ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਇਹਨਾਂ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਬਚੇ ਹੋਏ ਨਦੀਨਾਂ ਨੂੰ ਹੱਥ ਨਾਲ ਖਿੱਚ ਕੇ ਜਾਂ ਗੋਡੀ ਕਰਕੇ ਪੁੱਟ ਦੇਣਾ ਚਾਹੀਦਾ ਹੈ।
੮. ਸਿੰਚਾਈ: ਜੇਕਰ ਝੋਨੇ ਦੀ ਸਿੱਧੀ ਬਿਜਾਈ ਸੁੱਕੇ ਖੇਤ ਵਿੱਚ ਕੀਤੀ ਹੈ ਤਾਂ ਬਿਜਾਈ ਤੋਂ ਤੁਰੰਤ ਬਾਅਦ ਸਿੰਚਾਈ ਕਰੋ ਅਤੇ ਦੂਜੀ ਸਿੰਚਾਈ ੪ - ੫ ਦਿਨਾਂ ਬਾਅਦ ਕਰੋ। ਜੇਕਰ ਬਿਜਾਈ ਰੌਣੀ ਕੀਤੇ ਖੇਤ ਵਿੱਚ ਕੀਤੀ ਗਈ ਹੈ ਤਾਂ ਪਹਿਲੀ ਸਿੰਚਾਈ ਬਿਜਾਈ ਤੋਂ ੫ - ੭ ਦਿਨਾਂ ਬਾਅਦ ਕਰਨੀ ਚਾਹੀਦੀ ਹੈ ਅਤੇ ਇਸ ਤੋਂ ਬਾਅਦ ਜ਼ਮੀਨ ਦੀ ਕਿਸਮ ਦੇ ਆਧਾਰ ਤੇ ੫ - ੧੦ ਦਿਨਾਂ ਦੇ ਵਕਫੇ ਤੇ ਪਾਣੀ ਦੇਣਾ ਚਾਹੀਦਾ ਹੈ। ਆਖਰੀ ਪਾਣੀ ਝੋਨਾ ਕੱਟਣ ਤੋਂ ਦਸ ਦਿਨ ਪਹਿਲਾਂ ਦਿਉ। ਇਸ ਤਰੀਕੇ ਨਾਲ ਕੱਦੂ ਕੀਤੇ ਝੋਨੇ ਦੇ ਮੁਕਾਬਲੇ ੧੦-੧੫ ਫੀਸਦੀ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।
੯. ਖਾਦਾਂ ਦੀ ਵਰਤੋਂ: ਸਿੱਧੇ ਬੀਜੇ ਝੋਨੇ ਦੀ ਫ਼ਸਲ ਵਿੱਚ ੧੩੦ ਕਿਲੋ ਯੂਰੀਆ/ਏਕੜ ਤਿੰਨ ਬਰਾਬਰ ਹਿੱਸਿਆਂ ਵਿੱਚ ਵੰਡ ਕੇ ਦੋ, ਪੰਜ ਅਤੇ ਨੌਂ ਹਫ਼ਤਿਆਂ ਬਾਅਦ ਛੱਟੇ ਨਾਲ ਪਾਉ। ਫਾਸਫ਼ੋਰਸ ਅਤੇ ਪੋਟਾਸ਼ ਤੱਤਾਂ ਦੀ ਵਰਤੋਂ ਤਾਂ ਕਰੋ ਜੇਕਰ ਮਿੱਟੀ ਪਰਖ ਦੇ ਆਧਾਰ ਤੇ ਇਨ੍ਹਾਂ ਤੱਤਾਂ ਦੀ ਘਾਟ ਹੋਵੇ। ਜੇਕਰ ਪਿੱਛੇ ਬੀਜੀ ਕਣਕ ਨੂੰ ਫਾਸਫ਼ੋਰਸ ਦੀ ਸਿਫਾਰਸ਼ ਕੀਤੀ ਮਾਤਰਾ ਪਾਈ ਗਈ ਹੋਵੇ ਤਾਂ ਸਿੱਧੇ ਬੀਜੇ ਝੋਨੇ ਨੂੰ ਫਾਸਫ਼ੋਰਸ ਪਾਉਣ ਦੀ ਲੋੜ ਨਹੀਂ।
ਸਰੋਤ : ਅਗ੍ਰਿਛੁਲ੍ਤੁਰੇ , ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020