ਨਰੋਈ ਪਨੀਰੀ ਤਿਆਰ ਕਰਨ ਲਈ ਬਿਜਾਈ ਦੇ ਸਮੇਂ ਅਤੇ ਢੰਗ ਦੀ ਬਹੁਤ ਮਹੱਤਤਾ ਹੈ।
(ੳ). ਪਨੀਰੀ ਬੀਜਣ ਦਾ ਸਮਾਂ: ਝੋਨੇ ਦੀਆਂ ਸਿਫਾਰਸ਼ ਕੀਤੀਆਂ ਸਾਰੀਆਂ ਕਿਸਮਾਂ ਦੀ ਪਨੀਰੀ ਬੀਜਣ ਦਾ ਸਮਾਂ ੧੫ ਤੋਂ ੩੦ ਮਈ ਹੈ।
(੧) ਪਨੀਰੀ ਮਈ ਦੇ ਦੂਜੇ ਪੰਦਰ੍ਹਵਾੜੇ ਵਿੱਚ ਬੀਜੋ ਅਤੇ ਲੁਆਈ ਜੂਨ ਦੇ ਦੂਜੇ ਪੰਦਰਵਾੜੇ ਦਰਮਿਆਨ ਕਰੋ।
(੨) ਕੱਦੂ ਕਰਨ ਤੋਂ ਪਹਿਲਾਂ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰ ਕਰ ਲਵੋ।
(੩) ਲੋੜ ਅਨੁਸਾਰ ਪਾਣੀ ਲਾਉਣ ਲਈ ਟੈਂਸ਼ੀਓਮੀਟਰ ਦੀ ਵਰਤੋ ਕਰੋ।
(ਅ) ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ। ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ। ਭਾਰੇ ਬੀਜ ਥੱਲੇ ਬੈਠ ਜਾਣਗੇ। ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ। ਚੁਣੇ ਹੋਏ ਬੀਜ ਨੂੰ ੨੦ ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ ੧੦ ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ ੮-੧੦ ਘੰਟੇ ਪਹਿਲਾਂ ਡੁਬੋ ਲਉ।
(ੲ) ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : ੧੨-੧੫ ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ। ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ। ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ। ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ। ਕੱਦੂ ਦੀ ਆਖਰੀ ਵਾਹੀ ਸਮੇਂ ੨੬ ਕਿਲੋ ਯੂਰੀਆ ਅਤੇ ੬੦ ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ। ਸਿਹਤਮੰਦ ਪਨੀਰੀ ਲਈ ੪੦ ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ ੨੫.੫ ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ। ਫਿਰ ਖੇਤ ਵਿੱਚ ੧੦ ਅਤੇ ੨ ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ। ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ ੭-੮ ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ। ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ। ਇਸ ਤਰ੍ਹਾਂ ੨੪ ਤੋਂ ੩੬ ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ। ਹਰੇਕ ਕਿਆਰੇ (੧੦ ਅਤੇ ੨ ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ। ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ। ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ। ਪਨੀਰੀ ਬੀਜਣ ਤੋਂ ੧੫ ਦਿਨ ਬਾਅਦ ੨੬ ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ। ਪਨੀਰੀ ੨੫-੩੦ ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ। ਜੇਕਰ ੪੫ ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ ੨੬ ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ। ਇਸ ਤਰ੍ਹਾਂ ੮ ਕਿਲੋ ਬੀਜ ਨਾਲ ਤਿਆਰ ਕੀਤੀਆਂ ੮ ਕਿਆਰੀਆਂ (ਸਾਢੇ ੬ ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ। ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ। ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ। ਜਦ ਪਨੀਰੀ ੨੦-੨੫ ਸੈਂਟੀਮੀਟਰ ਉੱਚੀ ਜਾਂ ੬-੭ ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ। ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ। ਇਸ ਛਿੜਕਾਅ ਲਈ ਫ਼ੈਰਸ ਸਲਫ਼ੇਟ ਦਾ ੦.੫-੧.੦ ਪ੍ਰਤੀਸ਼ਤ ਘੋਲ ਵਰਤੋ (ਅੱਧੇ ਤੋਂ ਇੱਕ ਕਿਲੋ ਫੈਰਸ ਸਲਫ਼ੇਟ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ) ਜੇਕਰ ਪਨੀਰੀ ਤੇ ਜ਼ਿੰਕ ਦੀ ਘਾਟ ਜਾਪੇ ਤਾਂ ੦.੫ ਪ੍ਰਤੀਸ਼ਤ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ (ਅੱਧਾ ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ੧੦੦ ਲਿਟਰ ਪਾਣੀ ਵਿੱਚ) ਜਾਂ ੦.੩ ਪ੍ਰਤੀਸ਼ਤ ਜ਼ਿੰਕ ਸਲਫ਼ੇਟ ਮੌਨੋਹਾਈਡ੍ਰੇਟ (੩੦੦ ਗ੍ਰਾਮ ਜ਼ਿੰਕ ਸਲਫ਼ੇਟ ਮੌਨੋਹਾਈਡ੍ਰੇਟ ੧੦੦ ਲਿਟਰ ਪਾਣੀ ਵਿੱਚ) ਪ੍ਰਤੀ ਏਕੜ ਦੇ ਹਿਸਾਬ ਛਿੜਕੋ।
ਇਸ ਗੱਲ ਦਾ ਧਿਆਨ ਰੱਖੋ ਕਿ ਖੇਤ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜ ਨਾ ਰਲਣ। ਪਨੀਰੀ ਉਸ ਥਾਂ ਤੇ ਨਾ ਬੀਜੋ ਜਿਥੇ ਪਿਛਲੇ ਸਾਲ ਝੋਨਾ ਝਾੜਿਆ ਗਿਆ ਹੋਵੇ।
(ਸ). ਨਦੀਨਾਂ ਦੀ ਰੋਕਥਾਮ: ਝੋਨੇ ਦੀ ਪਨੀਰੀ ਤਿਆਰ ਕਰਨ ਸਮੇਂ ਸੁਆਂਕ ਅਤੇ ਕਈ ਪ੍ਰਕਾਰ ਦੇ ਮੌਸਮੀ ਘਾਹ ਵੱਡੀ ਸਮੱਸਿਆ ਹੁੰਦੇ ਹਨ। ਇਹਨਾਂ ਨਦੀਨਾਂ ਦੀ ਰੋਕਥਾਮ ਹੇਠ ਲਿਖੇ ਕਿਸੇ ਵੀ ਨਦੀਨ-ਨਾਸ਼ਕ ਦੀ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ੧੨੦੦ ਮਿਲੀਲਿਟਰ/ਏਕੜ ਤਰਲ ਬੂਟਾਕਲੋਰ ੫੦ ਈ ਸੀ ਜਾਂ ਥਾਇਓਬੈਨਕਾਰਬ ੫੦ ਈ ਸੀ ਦੇ ਵੱਖ ਵੱਖ ਬਰਾਂਡ ਨੂੰ ੬੦ ਕਿਲੋ ਰੇਤ ਵਿੱਚ ਮਿਲਾ ਕੇ ਪੁੰਗਰੇ ਹੋਏ ਬੀਜ ਦਾ ਛੱਟਾ ਦੇਣ ਤੋਂ ੭ ਦਿਨਾਂ ਪਿਛੋਂ ਛੱਟਾ ਦਿਉ। ਇਹਨਾਂ ਨਦੀਨ-ਨਾਸ਼ਕਾਂ ਦੀ ਵਰਤੋਂ ਕੱਦੂ ਕਰਨ ਅਤੇ ਪੁੰਗਰੇ ਹੋਏ ਬੀਜ ਦਾ ਛੱਟਾ ਦੇਣ ਤੋਂ ੩ ਤੋਂ ੭ ਦਿਨ ਪਹਿਲਾਂ ਵੀ ਕੀਤੀ ਜਾ ਸਕਦੀ ਹੈ। ਜਾਂ ੫੦੦ ਮਿਲੀਲਿਟਰ/ਏਕੜ ਸੋਫਿਟ ੩੭.੫ ਈ ਸੀ (ਪ੍ਰੈਟੀਲਾਕਲੋਰ + ਸੇਫਨਰ ਮਿਲੀਆਂ ਹੋਈਆਂ) ਨੂੰ ਰੇਤ ਵਿੱਚ ਮਿਲਾ ਕੇ ਝੋਨੇ ਦੇ ਪੁੰਗਰੇ ਹੋਏ ਬੀਜ ਬੀਜਣ ਤੋਂ ੩ ਦਿਨਾਂ ਪਿੱਛੋਂ ਛੱਟਾ ਦੇਣ ਨਾਲ ਕੀਤੀ ਜਾ ਸਕਦੀ ਹੈ । ਜਾਂ ੧੦੦ ਮਿਲੀਲਿਟਰ/ਏਕੜ ਨੌਮਿਨੀ ਗੋਲਡ/ਵਾਸ਼ ਆਊਟ/ਮਾਚੋ/ਤਾਰਕ ੧੦ ਐਸ ਸੀ (ਬਿਸਪਾਇਰੀਬੈਕ) ਨੂੰ ੧੫੦ ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੇ ਪੁੰਗਰੇ ਹੋਏ ਬੀਜ ਬੀਜਣ ਤੋਂ ੧੫ - ੨੦ ਦਿਨਾਂ ਪਿਛੋਂ ਛਿੜਕਣ ਨਾਲ ਵੀ ਕੀਤੀ ਜਾ ਸਕਦੀ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/15/2020