ਜ਼ਮੀਨ ਦੀ ਪਰਖ ਅਨੁਸਾਰ ਜਿਪਸਮ ਪਾਉ ਤੇ ਇਸ ਪਿੱਛੋਂ ਖੇਤ ਨੂੰ ਇੱਕ ਜਾਂ ਦੋ ਭਰਵੇਂ ਪਾਣੀ ਦਿਉ।
ਕਲਰਾਠੀਆਂ ਜ਼ਮੀਨਾਂ ਵਿੱਚ ਕੱਦੂ ਕਰਨ ਦੀ ਲੋੜ ਨਹੀਂ ਕਿਉਂਕਿ ਇਨ੍ਹਾਂ ਵਿੱਚ ਪਹਿਲਾਂ ਹੀ ਪਾਣੀ ਬਹੁਤ ਘੱਟ ਰਿਸਦਾ ਹੈ। ਵਾਹੇ ਹੋਏ ਖੇਤ ਨੂੰ ਪਾਣੀ ਨਾਲ ਭਰ ਕੇ ਹਲਕਾ ਜਿਹਾ ਸੁਹਾਗਾ ਦਿਉ ਤਾਂ ਕਿ ਢੇਲੇ ਭੁਰ ਜਾਣ।
ਇਨ੍ਹਾਂ ਜ਼ਮੀਨਾਂ ਵਿੱਚ ਪਨੀਰੀ ਆਮ ਸਮੇਂ ਤੋਂ ਇੱਕ ਹਫ਼ਤਾ ਪਹਿਲਾਂ ਲਾ ਦਿਉ ਕਿਉਂਕਿ ਇਨ੍ਹਾਂ ਜ਼ਮੀਨਾਂ ਵਿੱਚ ਬੂਟੇ ਦਾ ਮੁੱਢਲਾ ਵਾਧਾ ਬਹੁਤ ਹੌਲੀ-ਹੌਲੀ ਹੁੰਦਾ ਹੈ । ਪਨੀਰੀ ੪੦ ਦਿਨਾਂ ਦੀ ਉਮਰ ਵਾਲੀ ਲਾਉ। ਇੱਕ ਥਾਂ ੩ - ੪ ਬੂਟੇ ਲਾਉ ਕਿਉਂਕਿ ਇਨ੍ਹਾਂ ਜ਼ਮੀਨਾਂ ਵਿੱਚ ਬੂਟੇ ਕਾਫ਼ੀ ਗਿਣਤੀ ਵਿੱਚ ਮਰ ਜਾਂਦੇ ਹਨ ।
ਕਲਰਾਠੀਆਂ ਜ਼ਮੀਨਾਂ ਵਿੱਚ ਜੀਵਕ ਕਾਰਬਨ ਘੱਟ ਹੁੰਦੀ ਹੈ ਅਤੇ ਬੂਟੇ ਨਾਈਟ੍ਰੋਜਨ ਤੱਤ ਵੀ ਘੱਟ ਲੈ ਸਕਦੇ ਹਨ। ਇਨ੍ਹਾਂ ਜ਼ਮੀਨਾ ਵਿੱਚ ਆਮ ਜ਼ਮੀਨਾਂ ਨਾਲੋਂ ਨਾਈਟ੍ਰੋਜਨ ਤੱਤ ਦੀ ੨੦ ਤੋਂ ੨੫ ਪ੍ਰਤੀਸ਼ਤ ਵਧੇਰੇ ਲੋੜ ਹੁੰਦੀ ਹੈ। ਇਸ ਕਰਕੇ ਕਲਰਾਠੀਆਂ ਜ਼ਮੀਨਾਂ ਵਿੱਚ ੬੦ ਕਿਲੋ ਨਾਈਟ੍ਰੋਜਨ ਤੱਤ (੧੩੦ ਕਿਲੋ ਯੂਰੀਆ) ਪ੍ਰਤੀ ਏਕੜ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਉ। ਪਹਿਲੀ ਕਿਸ਼ਤ ਪਨੀਰੀ ਲਾਉਣ ਸਮੇਂ, ਦੂਜੀ ਤੇ ਤੀਜੀ ਕਿਸ਼ਤ ਪਨੀਰੀ ਲਾਉਣ ਤੋਂ ੩ ਤੋਂ ੬ ਹਫ਼ਤੇ ਬਾਅਦ ਪਾਉ।
ਇਨ੍ਹਾਂ ਜ਼ਮੀਨਾਂ ਵਿੱਚ ਫਾਸਫੋਰਸ ਤੇ ਪੋਟਾਸ਼ ਤੱਤ ਦੀ ਵਰਤੋਂ ਆਮ ਜ਼ਮੀਨਾਂ ਵਾਂਗ ਹੀ ਕਰੋ। ਖੇਤ ਦੀ ਤਿਆਰੀ ਸਮੇਂ ੨੫ ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ (੨੧%) ਜਾਂ ੧੬ ਕਿਲੋ ਜ਼ਿੰਕ ਸਲਫੇਟ ਮੋਨੋਹਾਈਡਰੇਟ (੩੩%) ਪ੍ਰਤੀ ਏਕੜ ਦੇ ਹਿਸਾਬ ਵਰਤੋ।
ਜੇਕਰ ਝੋਨੇ ਤੋਂ ਪਹਿਲਾਂ ਜੰਤਰ ਦੀ ਹਰੀ ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਝੋਨੇ ਲਈ ਸਿਫ਼ਾਰਸ਼ ਕੀਤੀ ਫ਼ਾਸਫ਼ੋਰਸ ਵਾਲੀ ਖਾਦ ਜੰਤਰ ਦੀ ਫ਼ਸਲ ਨੂੰ ਹੀ ਪਾ ਦੇਣੀ ਚਾਹੀਦੀ ਹੈ। ਇਸ ਤਰ੍ਹਾਂ ਕਰਨ ਨਾਲ ਝੋਨੇ ਦੀ ਫ਼ਸਲ ਨੂੰ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/21/2020