ਸਿੰਚਾਈ ਤੇ ਜਲ ਨਿਕਾਸ ਲਈ ਚੰਗੀ ਰੋੜ੍ਹ ਵਾਲੀਆਂ ਖਾਲੀਆਂ ਬਨਾਉਣੀਆਂ ਚਾਹੀਦੀਆਂ ਹਨ। ਧਾਨ ਦੇ ਖੇਤਾਂ ਵਿੱਚ ਪਾਣੀ ਦਾ ਸਹੀ ਪ੍ਰਬੰਧ ਜਿਵੇ ਹੇਠਾਂ ਦੱਸਿਆ ਗਿਆ ਹੈ, ਕਰਨਾ ਬਹੁਤ ਜ਼ਰੂਰੀ ਹੈ। ਝੋਨੇ ਦੀ ਫ਼ਸਲ ਦੇ ਠੀਕ ਵਾਧੇ ਅਤੇ ਪੂਰੇ ਝਾੜ ਲਈ ਪਾਣੀ ਦੀ ਬਹੁਤ ਲੋੜ ਹੈ, ਫਿਰ ਵੀ ਖੇਤ ਵਿੱਚ ਲਗਾਤਾਰ ਪਾਣੀ ਖੜ੍ਹਾ ਰੱਖਣਾ ਜ਼ਰੂਰੀ ਨਹੀਂ।
ਪਨੀਰੀ ਲਾਉਣ ਪਿੱਛੋਂ ੨ ਹਫ਼ਤੇ ਤੱਕ ਪਾਣੀ ਖੇਤ ਵਿੱਚ ਖੜ੍ਹਾ ਰੱਖਣਾ ਜ਼ਰੂਰੀ ਹੈ। ਇਸ ਨਾਲ ਪਨੀਰੀ ਦੇ ਬੂਟੇ ਖੇਤ ਵਿੱਚ ਚੰਗੀ ਤਰ੍ਹਾਂ ਜੰਮ ਜਾਂਦੇ ਹਨ। ਇਸ ਪਿੱਛੋਂ ਪਾਣੀ ਉਸ ਵੇਲੇ ਦਿਉ ਜਦ ਖੇਤ ਵਿਚਲਾ ਪਹਿਲਾ ਪਾਣੀ ਜਜ਼ਬ ਹੋ ਜਾਵੇ ਅਤੇ ਪਾਣੀ ਜਜ਼ਬ ਹੋਏ ਨੂੰ ਦੋ ਦਿਨ ਹੋ ਗਏ ਹੋਣ।
ਪਰ ਇਸ ਗੱਲ ਦਾ ਧਿਆਨ ਰੱਖੋ ਕਿ ਜ਼ਮੀਨ ਵਿੱਚ ਤ੍ਰੇੜਾਂ ਨਾ ਪੈਣ। ਪਾਣੀ ਦੀ ਬੱਚਤ ਲਈ, ੧੫-੨੦ ਸੈਂਟੀਮੀਟਰ ਡੂੰਘਾਈ ਤੇ ਲੱਗੇ ਟੈਂਸ਼ੀਓਮੀਟਰ ਵਿੱਚ ਪਾਣੀ ਦਾ ਪੱਧਰ ਹਰੀ ਪੱਟੀ ਤੋਂ ਪੀਲੀ ਪੱਟੀ ਵਿੱਚ ਦਾਖਲ ਹੋਣ ਤੇ (੧੫੦+੨੦ ਸੈਂਟੀਮੀਟਰ ਟੈਨਸ਼ਨ) ਪਾਣੀ ਲਗਾਉ। ਇਸ ਤਰ੍ਹਾਂ ਸਿੰਚਾਈ ਵਾਲੇ ਪਾਣੀ ਦੀ ਕਾਫ਼ੀ ਬੱਚਤ ਹੋ ਜਾਂਦੀ ਹੈ ਅਤੇ ਫ਼ਸਲ ਦੇ ਝਾੜ ਤੇ ਵੀ ਕੋਈ ਮਾੜਾ ਅਸਰ ਨਹੀਂ ਪੈਂਦਾ।
ਖੇਤਾਂ ਵਿੱਚ ਪਾਣੀ ੧੦ ਸੈਂਟੀਮੀਟਰ ਤੋਂ ਵੱਧ ਨਹੀਂ ਹੋਣਾ ਚਾਹੀਦਾ। ਗੋਡੀ ਕਰਨ ਤੋਂ ਪਹਿਲਾਂ ਖੇਤ ਵਿਚਲਾ ਖੜ੍ਹਾ ਪਾਣੀ ਬਾਹਰ ਕੱਢ ਦਿਉ ਅਤੇ ਗੋਡੀ ਪਿੱਛੋਂ ਦੁਬਾਰਾ ਪਾਣੀ ਦੇ ਦਿਉ। ਫ਼ਸਲ ਪੱਕਣ ਤੋਂ ਦੋ ਹਫ਼ਤੇ ਪਹਿਲਾਂ ਪਾਣੀ ਦੇਣਾ ਬੰਦ ਕਰ ਦਿਉ ਤਾਂ ਕਿ ਕਟਾਈ ਸੌਖੀ ਹੋ ਸਕੇ।
ਇਸ ਤਰ੍ਹਾਂ ਕਰਨ ਨਾਲ ਝੋਨੇ ਪਿੱਛੋਂ ਬੀਜਣ ਵਾਲੀ ਹਾੜ੍ਹੀ ਦੀ ਫ਼ਸਲ ਵੀ ਵੇਲੇ ਸਿਰ ਬੀਜੀ ਜਾ ਸਕੇਗੀ। ਸੇਮ ਵਾਲੇ ਖੇਤਾਂ ਵਿੱਚ ਕਣਕ ਦੀ ਬਿਜਾਈ ਪਛੇਤੀ ਹੋਣ ਤੋਂ ਬਚਾਉਣ ਲਈ ਕਣਕ ਦੀ ਰੌਣੀ ਖੜ੍ਹੇ ਝੋਨੇ ਦੀ ਕਟਾਈ ਤੋਂ ਦੋ ਹਫ਼ਤੇ ਪਹਿਲਾ, ਜ਼ਮੀਨ ਦੀ ਕਿਸਮ ਅਨੁਸਾਰ ਕਰੋ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/15/2020