ਦਹੀਆ ਰੋਗ: ਇਹ ਰੋਗ ਕਦੇ ਕਦਾਈਂ ਸਿੱਲ੍ਹੇ ਮੌਸਮ ਵਿਚ ਲੱਗਦਾ ਹੈ। ਇਸ ਰੋਗ ਦੇ ਹਮਲੇ ਕਾਰਨ ਪੱਤੇ ਦੇ ਹੇਠਲੇ ਪਾਸੇ, ਨਾੜੀਆਂ ਵਿਚਕਾਰ ਭੱਦੇ ਚਿੱਟੇ, ਬੇ-ਤਰਤੀਬੇ, ਘਸਮੈਲੇ ਜਿਹੇ ਧੱਬੇ ਪੈ ਜਾਂਦੇ ਹਨ। ਇਹ ਧੱਬੇ ਕੁਝ ਉਭਰੇ ਹੋਏ ਹੁੰਦੇ ਹਨ। ਇਸ ਬਿਮਾਰੀ ਦੇ ਹਮਲੇ ਕਾਰਨ ਪੱਤੇ ਝੜ ਜਾਂਦੇ ਹਨ ਅਤੇ ਟੀਂਡੇ ਕੱਚੇ ਵੀ ਖਿੜ ਸਕਦੇ ਹਨ। ਆਮ ਕਰਕੇ ਇਹ ਰੋਗ ਫ਼ਸਲ ਪੱਕਣ ਸਮੇਂ ਹੀ ਲੱਗਦਾ ਹੈ ਅਤੇ ਕੋਈ ਖਾਸ ਨੁਕਸਾਨ ਨਹੀਂ ਹੁੰਦਾ।
ਤਿੱੜਕ: ਇਸ ਰੋਗ ਨਾਲ ਪੱਤੇ ਲਾਲ ਹੋ ਜਾਂਦੇ ਹਨ ਅਤੇ ਪਿਛੋਂ ਟੀਂਡੇ ਠੀਕ ਨਹੀਂ ਖਿੜਦੇ। ਇਹ ਬਿਮਾਰੀ ਕਦੀ ਕਦੀ ਲਗਦੀ ਹੈ। ਇਹ ਰੋਗ ਜ਼ਿਆਦਾ ਕਰਕੇ ਖੁਸ਼ਕ ਇਲਾਕਿਆਂ ਵਿਚ ਹੁੰਦਾ ਹੈ ਜੋ ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੇ ਹਨ।
ਇਸ ਰੋਗ ਦੇ ਜ਼ਿਆਦਾ ਖਤਰਨਾਕ ਹੋਣ ਦੇ ਮੁੱਖ ਕਾਰਨ ਹਨ:- ਲੰਮੇ ਸਮੇਂ ਦੀ ਔੜ, ਘਟੀਆ ਪਾਣੀ ਪ੍ਰਬੰਧ, ਹਲਕੀ ਰੇਤਲੀ ਜ਼ਮੀਨ ਵਿਚ ਖੁਰਾਕੀ ਤੱਤਾਂ ਦੀ ਘਾਟ, ਬਹੁਤ ਅਗੇਤੀ ਬਿਜਾਈ ਜਾਂ ਪੌਦ ਸੁਰੱਖਿਆ ਦੇ ਪ੍ਰਬੰਧ ਨਾ ਕੀਤੇ ਹੋਣ। ਇਹ ਕਾਰਣ ਇਕੱਲੇ ਵੀ ਤਿੜਕ ਦੀ ਬਿਮਾਰੀ ਲਾ ਦਿੰਦੇ ਹਨ। ਫੁੱਲ ਅਤੇ ਫਲ ਪੈਣ ਸਮੇਂ ਅੱਤ ਦੀ ਗਰਮੀ ਇਸ ਬਿਮਾਰੀ ਨੂੰ ਹੋਰ ਵੀ ਵਧਾਉਂਦੀ ਹੈ। ਖਾਦਾਂ ਦੀ ਪੂਰੀ ਵਰਤੋਂ, ਸਮੇਂ ਸਿਰ ਸਿੰਚਾਈ, ਖਾਸ ਕਰਕੇ ਫੁੱਲ ਅਤੇ ਫਲ ਪੈਣ ਸਮੇਂ ਪੌਦ-ਸੁਰੱਖਿਆ ਦੀਆਂ ਸਿਫ਼ਾਰਸ਼ਾਂ ਤੇ ਅਮਲ ਕਰਨ ਨਾਲ ਇਸ ਰੋਗ ਨੂੰ ਕਾਫੀ ਘੱਟ ਕੀਤਾ ਜਾ ਸਕਦਾ ਹੈ।
ਪੈਰਾ ਵਿਲਟ: ਇਹ ਰੋਗ ਬੂਟੇ ਵਿੱਚ ਕਿਸੇ ਜੀਵਾਣੂ ਜਾਂ ਵਿਸ਼ਾਣੂ ਕਾਰਨ ਨਹੀਂ ਹੁੰਦਾ। ਜਦੋਂ ਫ਼ਸਲ ਨੂੰ ਪਾਣੀ ਲਾਇਆ ਜਾਵੇ ਜਾਂ ਭਾਰਾ ਮੀਂਹ ਪੈ ਜਾਵੇ ਤਾਂ ਬੂਟਿਆਂ ਦੇ ਹਰੇ ਪੱਤੇ ਅਚਾਨਕ ਮੁਰਝਾ ਜਾਂਦੇ ਹਨ ਅਤੇ ਕੁਝ ਦਿਨਾਂ ਬਾਅਦ ਝੜ ਜਾਂਦੇ ਹਨ ਪਰ ਇਨ੍ਹਾਂ ਦੀਆਂ ਜੜ੍ਹਾਂ ਉਪਰ ਕੋਈ ਮਾੜਾ ਅਸਰ ਦਿਖਾਈ ਨਹੀਂ ਦਿੰਦਾ। ਪੈਰਾ ਵਿਲਟ ਦੀਆਂ ਮੁਢਲੀਆਂ ਨਿਸ਼ਾਨੀਆਂ ਦੇਖਦੇ ਸਾਰ ਹੀ ਇਨ੍ਹਾਂ ਬੂਟਿਆਂ ਉਪਰ ਕੋਬਾਲਟ ਕਲੋਰਾਈਡ ੧੦ ਮਿਲੀਗ੍ਰਾਮ ਪ੍ਰਤੀ ਲਿਟਰ ਵਿੱਚ ਘੋਲ ਕੇ ਸਪਰੇ ਕਰੋ। ਜੇਕਰ ਬੂਟੇ ਪੂਰੀ ਤਰ੍ਹਾਂ ਮੁਰਝਾ ਗਏ ਹੋਣ ਤਾਂ ਇਹ ਸਪਰੇ ਅਸਰ ਨਹੀਂ ਕਰਦੀ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020