ਬੀ.ਟੀ. ਕਪਾਹ ਉੱਪਰ ਕੀਟਨਾਸ਼ਕ ਦਵਾਈ ਦੇ ਛਿੜਕਾਅ ਲਈ ਫੈਸਲਾ ਕੀੜੇ ਦੇ ਆਰਥਿਕ ਕਗਾਰ ਤੇ ਪਹੁੰਚ ਜਾਣ ਸਮੇਂ ਲੈਣਾ ਚਾਹੀਦਾ ਹੈ। ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਵਕਤ ਕਰੋ ਜਦੋਂ ੫੦ ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਚੁਰੜ-ਮੁਰੜ ਹੋਏ ਜਾਪਣ ਅਤੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ। ਕਪਾਹ ਦੀ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉਪਰਲੇ ਹਿੱਸੇ ਵਿਚ ਸਵੇਰ ਨੂੰ ੧੦ ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤੇ ਤੇ ੬ ਹੋ ਜਾਵੇ ਜਾਂ ਜਦੋਂ ਵਿਚਕਾਰਲੀ ਛਤਰੀ ਦੇ ੫੦% ਬੂਟਿਆਂ ਦੇ ਪੱਤਿਆਂ ਤੇ ਸ਼ਹਿਦ ਵਰਗੀਆਂ ਬੂੰਦਾਂ ਹੋਣ। ਚੇਪੇ (ਏਫਿਡ) ਨੂੰ ਮਾਰਨ ਵਾਸਤੇ ਵੀ ਉਦੋਂ ਛਿੜਕਾਅ ਕਰੋ ਜਦੋਂ ਵਿਚਕਾਰਲੀ ਛਤਰੀ ਦੇ ੫੦% ਬੂਟਿਆਂ ਦੇ ਪੱਤਿਆਂ ਤੇ ਸ਼ਹਿਦ ਵਰਗੀਆਂ ਬੂੰਦਾਂ ਹੋਣ। ਜਦੋਂ ਮੀਲੀ ਬੱਗ ਦੇ ਬੱਚੇ ਜਾਂ ਬਾਲਗ ਕੀੜੇ ਬੂਟਿਆਂ ਤੇ ਦਿਖਾਈ ਦੇਣ ਉਸੇ ਵਕਤ ਇਸ ਦੀ ਰੋਕਥਾਮ ਲਈ ਛਿੜਕਾਅ ਕਰੋ।
ਬੀ.ਟੀ. ਕਪਾਹ, ਕਪਾਹ ਦੇ ਟੀਂਡੇ ਕਾਣੇ ਕਰਨ ਵਾਲੀਆਂ ਸੁੰਡੀਆਂ ਦੀ ਬਹੁਤ ਵਧੀਆ ਰੋਕਥਾਮ ਕਰਦੀ ਹੈ। ਫੇਰ ਵੀ, ਫੁੱਲ ਡੋਡੀ ਪੈਣ ਸਮੇਂ ਫ਼ਸਲ ਦਾ ਲਗਾਤਾਰ ਸਰਵੇਖਣ ਕਰੋ। ਇਹ ਦੇਖਣ ਲਈ ਕਿ ਸੁੰਡੀ ਨਾਲ ਤਾਜ਼ੀ ਕਿਰੀ ਫੁੱਲ ਡੋਡੀ ਵਿੱਚ ਨੁਕਸਾਨ ੫ ਪ੍ਰਤੀਸ਼ਤ ਤੋਂ ਵੱਧ ਨਾ ਹੋਵੇ। ਕਿਸਾਨਾਂ ਨੂੰ ਹਫ਼ਤੇ ਵਿੱਚ ਦੋ ਵਾਰੀ ਖੇਤ ਦਾ ਨਿਰੀਖਣ ਕਰਨਾ ਚਾਹੀਦਾ ਹੈ। ਇਸ ਲਈ ਖੇਤ ਨੂੰ ੪ ਹਿੱਸਿਆਂ ਵਿੱਚ ਵੰਡੋ ਤੇ ਹਰ ਹਿੱਸੇ ਵਿੱਚੋਂ ੨੫ ਸੱਜਰੇ ਡਿੱਗੇ ਹੋਏ ਫੁੱਲ ਡੋਡੀਆਂ ਇਕੱਠੇ ਕਰੋ। ਸੁੰਡੀ ਦੇ ਹਮਲੇ ਵਾਲੇ ਫੁੱਲ ਡੋਡੀਆਂ ਵਿੱਚ ਮੋਰੀਆਂ ਜਾਂ ਸੁੰਡੀਆਂ ਹੋਣਗੀਆਂ।
ਅਗਰ ਅਜਿਹੇ ਫਲਾਂ ਦੀ ਗਿਣਤੀ ੫ ਪ੍ਰਤੀਸ਼ਤ ਤੋਂ ਵੱਧ ਹੋਵੇ ਤਾਂ ਫੌਰਨ ਛਿੜਕਾਅ ਕਰੋ ਅਤੇ ਇਸ ਤੋਂ ਬਾਅਦ ਜਦੋਂ ਵੀ ਲੋੜ ਮਹਿਸੂਸ ਹੋਵੇ, ਛਿੜਕਾਅ ਕਰੋ। ਜੇਕਰ ਫ਼ਸਲ ਦੇ ਅਖੀਰ ਵਿੱਚ ਅਮਰੀਕਣ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਜਾਵੇ ਤਾਂ ਸਾਰਣੀ ੨ ਵਿੱਚ ਦਿੱਤੀਆਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਤੰਬਰ ਦੇ ਮਹੀਨੇ ਅਮਰੀਕਣ ਸੁੰਡੀ ਦਾ ਹਮਲਾ ਹੋ ਜਾਣ ਤੇ ਸਪਾਈਨੋਸੈਡ ਅਤੇ ਇੰਡੋਕਸਾਕਾਰਬ ਨੂੰ ਤਰਜੀਹ ਦਿਓ।
ਟੀਂਡੇ ਦੀਆਂ ਸੁੰਡੀਆਂ ਵਿੱਚ ਬੀ.ਟੀ. ਕਪਾਹ ਪ੍ਰਤੀ ਪ੍ਰਤੀਰੋਧਕਤਾ ਨੂੰ ਰੋਕਣ ਲਈ ਬੀ.ਟੀ. ਕਪਾਹ ਦੇ ਆਲੇ ਦੁਆਲੇ ੨੦ ਪ੍ਰਤੀਸ਼ਤ ਰਕਬਾ ਨਾਨ ਬੀ.ਟੀ. ਕਪਾਹ ਥੱਲੇ ਲਗਾਉਣਾ ਚਾਹੀਦਾ ਹੈ ਅਤੇ ਨਾਨ ਬੀ.ਟੀ. ਕਪਾਹ ਉੱਪਰ ਕੀੜਿਆਂ ਦੇ ਨੁਕਸਾਨ ਨੂੰ ਰੋਕਣ ਲਈ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕ ਦਵਾਈਆਂ ਵਰਤਣੀਆਂ ਚਾਹੀਦੀਆਂ ਹਨ ਜਾਂ ਬੀ.ਟੀ. ਕਪਾਹ ਦੇ ਆਲੇ ਦੁਆਲੇ ੫ ਪ੍ਰਤੀਸ਼ਤ ਰਕਬਾ ਨਾਨ ਬੀ.ਟੀ. ਕਪਾਹ ਥੱਲੇ ਬੀਜਿਆ ਜਾ ਸਕਦਾ ਹੈ ਅਤੇ ਇਸ ਉੱਪਰ ਕੋਈ ਵੀ ਛਿੜਕਾਅ ਨਹੀਂ ਕਰਨਾ ਚਾਹੀਦਾ। ਨਾਨ ਬੀ ਟੀ ਕਪਾਹ ਦੀ ਕਿਸਮ ਉਹੀ ਹੋਣੀ ਚਾਹੀਦੀ ਹੈ ਜਿਹੜੀ ਬੀ ਟੀ ਕਪਾਹ ਦੀ ਹੋਵੇ। ਜੇਕਰ ਉਸ ਬੀ ਟੀ ਕਿਸਮ ਦੀ ਨਾਨ ਬੀ ਟੀ ਕਿਸਮ ਨਾ ਮਿਲ ਸਕੇ ਤਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਜਿਵੇਂ ਐਫ ੨੨੨੮, ਐਲ ਐੱਚ ੨੧੦੮, ਐਲ ਐੱਚ ੨੦੭੬, ਅਤੇ ਐਲ ਐੱਚ ਐੱਚ ੧੪੪ ਬੀਜੀਆਂ ਜਾ ਸਕਦੀਆਂ ਹਨ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 2/6/2020