ਕਪਾਹ ਦੀ ਫ਼ਸਲ ਨਾਈਟ੍ਰੋਜਨ ਵਾਲੀਆਂ ਖਾਦਾਂ ਨੂੰ ਬਹੁਤ ਮੰਨਦੀ ਹੈ। ਕਈ ਇਲਾਕਿਆਂ ਵਿਚ ਇਹ ਫ਼ਾਸਫ਼ੋਰਸ ਖਾਦ ਦੀ ਵਰਤੋਂ ਨੂੰ ਵੀ ਮੰਨਦੀ ਹੈ। ਇਹ ਤੱਤ ਮੰਡੀ ਵਿਚ ਮਿਲਦੀਆਂ ਹੋਰ ਖਾਦਾਂ ਤੋਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਜਿਥੇ ੨੭ ਕਿਲੋ ਡੀ ਏ ਪੀ ਪਾਇਆ ਹੋਵੇ ਉਥੇ ਯੂਰੀਏ ਦੀ ਮਾਤਰਾ ੧੦ ਕਿਲੋ ਘਟਾ ਦਿਓ।
- ਕਣਕ, ਜਿਸਨੂੰ ਸਿਫ਼ਾਰਸ਼ ਕੀਤੀ ਗਈ ਫ਼ਾਸਫ਼ੋਰਸ ਦੀ ਮਾਤਰਾ ਪਾਈ ਹੋਵੇ, ਤੋਂ ਬਾਅਦ ਕਪਾਹ ਦੀ ਫ਼ਸਲ ਨੂੰ ਫ਼ਾਸਫ਼ੋਰਸ ਨਾ ਪਾਓ।
- ਇਹ ਸਿਫ਼ਾਰਸ਼ਾਂ ਦਰਮਿਆਨੀਆਂ ਉਪਜਾਊ ਜ਼ਮੀਨਾਂ ਲਈ ਢੁਕਵੀਆਂ ਹਨ, ਘੱਟ ਅਤੇ ਵੱਧ ਉਪਜਾਊ ਜ਼ਮੀਨਾਂ ਲਈ ਮਿੱਟੀ ਪਰਖ਼ ਅਧਿਆਇ ਵੇਖੋ।
ਸਾਰੀ ਫ਼ਾਸਫ਼ੋਰਸ ਬਿਜਾਈ ਸਮੇਂ ਪਾ ਦਿਉ। ਨਰਮੇ ਦੀਆਂ ਸਾਰੀਆਂ ਕਿਸਮਾਂ ਨੂੰ ਅੱਧੀ ਨਾਈਟ੍ਰੋਜਨ ਬੂਟੇ ਵਿਰਲੇ ਕਰਨ ਸਮੇਂ ਅਤੇ ਬਾਕੀ ਅੱਧੀ ਫੁੱਲ ਨਿਕਲਣ ਸਮੇਂ ਪਾਓ। ਜਦੋਂ ਜ਼ਮੀਨ ਦੀ ਮੁੱਢਲੀ ਉਪਜਾਊ ਸ਼ਕਤੀ ਘੱਟ ਹੋਵੇ ਤਾਂ ਨਾਈਟ੍ਰੋਜਨ ਖਾਦ ਦੀ ਪਹਿਲੀ ਕਿਸ਼ਤ ਬੂਟੇ ਵਿਰਲੇ ਕਰਨ ਦੀ ਥਾਂ ਬਿਜਾਈ ਸਮੇਂ ਹੀ ਪਾ ਦਿਓ। ਦਰਮਿਆਨੀ ਪੋਟਾਸ਼ ਵਾਲੀਆਂ ਜ਼ਮੀਨਾਂ ਵਿਚ ਕਪਾਹ ਦੀ ਫ਼ਸਲ ਨੂੰ ੨੦ ਕਿਲੋ ਮਿਊਰੇਟ ਆਫ਼ ਪੋਟਾਸ਼ ਖਾਦ ਅਤੇ ੧੦ ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡਰੇਟ ਜਾਂ ੬.੫ ਕਿਲੋ ਜ਼ਿੰਕ ਸਲਫ਼ੇਟ ਮੋਨੋਹਾਈਡਰੇਟ ਪ੍ਰਤੀ ਏਕੜ ਦੇ ਹਿਸਾਬ ਪਾਉ। ਕਪਾਹ ਦੀ ਫ਼ਸਲ ਤੋਂ ਵੱਧ ਝਾੜ ਲੈਣ ਲਈ ੨% ਪੋਟਾਸ਼ੀਅਮ ਨਾਈਟ੍ਰੇਟ (੧੩:੦:੪੫) ਦਾ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਇਕ ਹਫ਼ਤੇ ਦੇ ਵਕਫੇ ਤੇ ੪ ਵਾਰ ਛਿੜਕਾ ਵੀ ਕਰ ਦਿਓ। ਬੀ ਟੀ ਨਰਮੇ ਵਿੱਚ ਪੱਤਿਆਂ ਦੀ ਲਾਲੀ ਦੀ ਰੋਕਥਾਮ ੧ ਪ੍ਰਤੀਸ਼ਤ ਮੈਗਨੀਸ਼ੀਅਮ ਸਲਫੇਟ (ਇੱਕ ਕਿਲੋ ਮੈਗਨੀਸ਼ੀਅਮ ਸਲਫੇਟ ਨੂੰ ੧੦੦ ਲਿਟਰ ਪਾਣੀ ਪ੍ਰਤੀ ਏਕੜ ਵਿੱਚ ਘੋਲਣ ਉਪਰੰਤ) ਦੇ ਦੋ ਸਪਰੇਅ ੧੫ ਦਿਨਾਂ ਦੇ ਵਕਫੇ ਤੇ ਫੁੱਲਗੁੱਡੀ ਪੈਣ ਅਤੇ ਟੀਂਡੇ ਬਣਨ ਵੇਲੇ ਕੀਤੀ ਜਾ ਸਕਦੀ ਹੈ। ਇਸ ਨਾਲ ਝਾੜ ਵੀ ਵਧਦਾ ਹੈ।
ਵਰਖਾ ਦੇ ਆਧਾਰ ਤੇ ਨਰਮੇ ਦੀ ਫ਼ਸਲ ਨੂੰ ਕੁਲ ੪ ਤੋਂ ੬ ਪਾਣੀ ਚਾਹੀਦੇ ਹਨ। ਪਹਿਲਾ ਪਾਣੀ ਬਿਜਾਈ ਤੋਂ ੪ ਤੋਂ ੬ ਹਫ਼ਤੇ ਬਾਅਦ ਅਤੇ ਇਸ ਪਿਛੋਂ ਪਾਣੀ ਦੋ ਜਾਂ ਤਿੰਨ ਹਫ਼ਤਿਆਂ ਦੇ ਵਕਫੇ ਨਾਲ ਦਿਓ। ਨਰਮੇਂ ਦੀ ਵੱਟਾਂ ਤੇ ਬਿਜਾਈ ਨਾਲ, ਸਿੰਚਾਈ ਵਾਲੇ ਪਾਣੀ ਦੀ ਕਾਫ਼ੀ ਬੱਚਤ ਕੀਤੀ ਜਾ ਸਕਦੀ ਹੈ। ਫ਼ਸਲ ਨੂੰ ਫੁੱਲ ਨਿਕਲਣ ਅਤੇ ਫ਼ਲ ਪੈਣ ਸਮੇਂ ਪਾਣੀ ਦੀ ਘਾਟ ਨਹੀਂ ਆਉਣ ਦੇਣੀ ਚਾਹੀਦੀ, ਨਹੀਂ ਤਾਂ ਬਹੁਤ ਸਾਰੇ ਫੁੱਲ ਅਤੇ ਟੀਂਡੇ ਝੜ ਜਾਣਗੇ ਅਤੇ ਉਪਜ ਬਹੁਤ ਘੱਟ ਮਿਲੇਗੀ। ਛੋਟੀ ਫ਼ਸਲ ਖੜ੍ਹਾ ਪਾਣੀ ਜ਼ਿਆਦਾ ਚਿਰ ਨਹੀਂ ਸਹਾਰ ਸਕਦੀ, ਇਸ ਲਈ ਅਜਿਹੀ ਹਾਲਤ ਵਿਚ ਪਾਣੀ ਦਾ ਨਿਕਾਸ ਛੇਤੀ ਕਰ ਦੇਣਾ ਚਾਹੀਦਾ ਹੈ। ਟੀਂਡਿਆਂ ਨੂੰ ਛੇਤੀ ਖਿੜਾਉਣ ਲਈ ਅਮਰੀਕਨ ਕਪਾਹ ਨੂੰ ਆਖਰੀ ਪਾਣੀ ਸਤੰਬਰ ਦੇ ਅਖੀਰ ਵਿਚ ਦਿਓ।
ਹਲਕੀਆਂ ਜ਼ਮੀਨਾਂ ਅਤੇ ਵੱਟਾਂ ਉਪਰ ਬੀਜੀ ਫ਼ਸਲ ਨੂੰ ਲੋੜ ਅਨੁਸਾਰ ਪਾਣੀ ਪਹਿਲਾਂ ਵੀ ਦਿੱਤਾ ਜਾ ਸਕਦਾ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/16/2020