(੧) ਬੀਜੜ ਫ਼ਸਲ: ਨਾਈਟ੍ਰੋਜਨ ਖਾਦ ਦਾ ਅੱਧਾ ਹਿੱਸਾ ਕਮਾਦ ਜੰਮਣ ਤੋਂ ਬਾਅਦ ਪਹਿਲੇ ਪਾਣੀ ਨਾਲ ਲਾਈਨਾਂ ਦੇ ਨਾਲ ਕੇਰਾ ਕਰੋ ਜਾਂ ਡਰਿੱਲ ਕਰ ਦਿਉ। ਬਾਕੀ ਦੀ ਅੱਧੀ ਖਾਦ ਇਸੇ ਤਰੀਕੇ ਨਾਲ ਮਈ-ਜੂਨ ਵਿਚ ਡਰਿੱਲ ਕਰ ਦਿਉ। ਖਾਦ ਛੱਟੇ ਦੀ ਬਜਾਏ ਜੇ ਡਰਿਲ ਨਾਲ ਪਾਈ ਜਾਵੇ ਤਾਂ ਵਧੇਰੇ ਝਾੜ ਮਿਲਦਾ ਹੈ। ਫ਼ਾਸਫ਼ੋਰਸ ਵਾਲੀ ਖਾਦ (ਮਿੱਟੀ ਪਰਖ ਅਨੁਸਾਰ) ਸਿਆੜਾਂ ਵਿਚ ਗੁੱਲੀਆਂ ਦੇ ਹੇਠਾਂ ਪਾਉ।
(੨) ਮੂਢੀ ਫ਼ਸਲ: ਮੂਢੀ ਫ਼ਸਲ ਨੂੰ ਫ਼ਰਵਰੀ ਵਿਚ ਪਹਿਲੀ ਗੋਡੀ ਜਾਂ ਵਾਹੀ ਸਮੇਂ ਨਾਈਟ੍ਰੋਜਨ ਖਾਦ ਦਾ ਤੀਜਾ ਹਿੱਸਾ ਛੱਟੇ ਨਾਲ ਪਾਉ। ਤੀਸਰਾ ਹਿੱਸਾ ਫੇਰ ਅਪ੍ਰੈਲ ਵਿਚ ਅਤੇ ਬਾਕੀ ਰਹਿੰਦਾ ਤੀਸਰਾ ਹਿੱਸਾ ਮਈ ਵਿਚ ਪਾਓ। ਜੇਕਰ ਮਿੱਟੀ ਪਰਖ ਦੇ ਆਧਾਰ ਤੇ ਫ਼ਾਸਫ਼ੋਰਸ ਵਾਲੀ ਖਾਦ ਪਾਉਣੀ ਹੋਵੇ ਤਾਂ ਫ਼ਰਵਰੀ ਵਿਚ ਵਾਹੀ ਸਮੇਂ ਕਮਾਦ ਦੀਆਂ ਕਤਾਰਾਂ ਦੇ ਨੇੜੇ ਡਰਿੱਲ ਕਰ ਦਿਓ।
(੩) ਬਰਾਨੀ ਖੇਤੀ ਲਈ: ਜੇਕਰ ਬਿਜਾਈ ਸਮੇਂ ਵੱਤਰ ਕਾਫੀ ਹੋਵੇ ਤਾਂ ਅੱਧੀ ਨਾਈਟ੍ਰੋਜਨ ਖਾਦ ਬਿਜਾਈ ਸਮੇਂ ਪਾ ਦਿਓ। ਜੇਕਰ ਇਸ ਸਮੇਂ ਵੱਤਰ ਖੁਸ਼ਕ ਹੋਵੇ ਤਾਂ ਸਾਰੀ ਨਾਈਟ੍ਰੋਜਨ ਮੌਨਸੂਨ ਸ਼ੁਰੂ ਹੋਣ ਤੇ ਪਾਓ।
ਨਦੀਨਾਂ ਦਾ ਨਾਸ਼ ਕਰਨਾ: ਨਦੀਨਾਂ ਤੇ ਕਾਬੂ ਪਾਉਣ ਲਈ ਦੋ ਤੋਂ ਤਿੰਨ ਗੋਡੀਆਂ ਕਾਫੀ ਹਨ। ਸਸਤੀ ਗੋਡੀ ਕਰਨ ਲਈ ਬਲਦਾਂ ਨਾਲ ਚੱਲਣ ਵਾਲਾ ਹਲ ਜਾਂ ਤ੍ਰਿਫਾਲੀ ਜਾਂ ਟਰੈਕਟਰ ਨਾਲ ਚੱਲਣ ਵਾਲਾ ਟਿੱਲਰ ਵੀ ਵਰਤਿਆ ਜਾ ਸਕਦਾ ਹੈ। ਜਦੋਂ ਕਮਾਦ ਪੂਰਾ ਉੱਗ ਪਵੇ ਤਾਂ ਕਮਾਦ ਦੀਆਂ ਕਤਾਰਾਂ ਵਿਚਕਾਰ ਸੁੱਕੇ ਘਾਹ ਫੂਸ ਦੀ ਤਹਿ ਵਿਛਾਉਣ ਨਾਲ ਨਦੀਨਾਂ ਉੱਪਰ ਕਾਬੂ ਪਾਇਆ ਜਾ ਸਕਦਾ ਹੈ। ਇਹ ਢੰਗ ਖਾਸ ਕਰਕੇ ਬਰਾਨੀ ਹਾਲਤਾਂ ਵਿਚ ਬਹੁਤ ਲਾਹੇਵੰਦ ਹੈ ਕਿਉਂਕਿ ਇਸ ਨਾਲ ਜ਼ਮੀਨ ਵਿਚ ਸਿੱਲ੍ਹ ਵੀ ਸਾਂਭੀ ਰਹਿੰਦੀ ਹੈ। ਰਸਾਇਣਕ ਦਵਾਈਆਂ ਰਾਹੀਂ ਨਦੀਨਾਂ ਦੀ ਰੋਕਥਾਮ: ਨਦੀਨਨਾਸ਼ਕ ਦਵਾਈਆਂ ਰਾਹੀਂ ਨਦੀਨਾਂ ਦੀ ਰੋਕਥਾਮ ਕਾਫੀ ਸਸਤੀ ਰਹਿੰਦੀ ਹੈ। ਬਿਜਾਈ ਤੋਂ ਦੋ ਤਿੰਨ ਦਿਨਾਂ ਦੇ ਅੰਦਰ - ਅੰਦਰ ੮੦੦ ਗ੍ਰਾਮ ਟੈਫਾਜ਼ੀਨ ੫੦ ਘੁਲਣਸ਼ੀਲ (ਸਿਮਾਜ਼ੀਨ) ਜਾਂ ਐਟਰਾਟਾਫ ੫੦ ਡਬਲਯੂ ਪੀ ਜਾਂ ਸੈਲਾਰੋ ੫੦ ਘੁਲਣਸ਼ੀਲ ਜਾਂ ਮਾਸਟਾਫ਼ ੫੦ ਡਬਲਯੂ ਪੀ ਜਾਂ ਮਾਰਕਾਜ਼ੀਨ ੫੦ ਡਬਲਯੂ ਪੀ (ਐਟਰਾਜ਼ੀਨ) ਜਾਂ ਕਾਰਮੈਕਸ ੮੦ ਘੁਲਣਸ਼ੀਲ ਜਾਂ ਕਲਾਸ ੮੦ ਘੁਲਣਸ਼ੀਲ (ਡਾਈਯੂਰੋਨ) ਜਾਂ ਸੈਨਕੋਰ ੭੦ ਡਬਲ਼ਯੂ ਪੀ (ਮੈਟਰੀਬਿਊਜ਼ਿਨ) ੨੨੫ ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਣ ਨਾਲ ਚੌੜੇ ਪੱਤਿਆਂ ਵਾਲੇ ਨਦੀਨ ਅਤੇ ਮੌਸਮੀ ਨਦੀਨ ਖਤਮ ਹੋ ਜਾਂਦੇ ਹਨ। ਸਖ਼ਤ ਨਦੀਨ ਜਿਵੇਂ ਕਿ ਬਾਂਸ ਪੱਤਾ ਦੀ ਰੋਕਥਾਮ ਲਈ ਸੈਨਕੋਰ ੭੦ ਡਬਲਯੂ ਪੀ (ਮੈਟਰੀਬਿਊਜ਼ਿਨ) / ਕਾਰਮੈਕਸ ੮੦ ਡਬਲਯੂ ਪੀ (ਡਾਈਯੂਰੋਨ)/ਕਲਾਸ ੮੦ ਡਬਲਯੂ ਪੀ ਹੀ ਵਰਤੋ। ਜਿਨ੍ਹਾਂ ਖੇਤਾਂ ਵਿਚ ਡੀਲਾ ਬਹੁਤ ਹੁੰਦਾ ਹੋਵੇ ਉਥੇ ਖੜ੍ਹੀ ਫ਼ਸਲ ਵਿਚ ੮੦੦ ਗ੍ਰਾਮ ੨ ,੪ -ਡੀ (ਸੋਡੀਅਮ ਸਾਲਟ ੮੦%) ਪ੍ਰਤੀ ਏਕੜ ਦੇ ਹਿਸਾਬ ੨੨੫ ਲਿਟਰ ਪਾਣੀ ਵਿਚ ਘੋਲ ਕੇ ਛਿੜਕਣ ਨਾਲ ਇਸ ਨਦੀਨ ਤੇ ਕਾਬੂ ਪਾਇਆ ਜਾ ਸਕਦਾ ਹੈ। ਜਿਨ੍ਹਾਂ ਖੇਤਾਂ ਵਿੱਚ ਲਪੇਟਾ ਵੇਲ ਅਤੇ ਹੋਰ ਚੌੜੇ ਪੱਤੇ ਵਾਲੇ ਨਦੀਨ ਹੋਣ ਤਾਂ ੨,੪-ਡੀ ਸੋਡੀਅਮ ਸਾਲਟ ੮੦% ੮੦੦ ਗ੍ਰਾਮ ਜਾਂ ੨ , ੪-ਡੀ ਅਮਾਈਨ ਸਾਲਟ ੫੮% ੪੦੦ ਮਿ.ਲਿ. ਪ੍ਰਤੀ ਏਕੜ ਇਨ੍ਹਾਂ ਨਦੀਨਾਂ ਦੇ ੩ - ੫ ਪੱਤਿਆਂ ਦੀ ਹਾਲਤ ਵਿੱਚ ਛਿੜਕਾਅ ਕਰਕੇ ਕਾਬੂ ਕੀਤਾ ਜਾ ਸਕਦਾ ਹੈ । ਬਹਾਰ ਰੁੱਤ ਵਿੱਚ ਬੀਜੇ ਗੰਨੇ ਵਿੱਚ, ਗਰਮੀ ਰੁੱਤ ਦੀ ਮੂੰਗੀ ਜਾਂ ਗਰਮੀ ਰੁੱਤ ਦੇ ਮਾਂਹ ਦੀ ਬਿਜਾਈ ਤੋਂ ਦੋ ਦਿਨ ਦੇ ਅੰਦਰ ਨਦੀਨ ਉੱਗਣ ਤੋਂ ਪਹਿਲਾਂ ਸਟੌਪ ੩੦ ਈ ਸੀ (ਪੈਂਡੀਮੈਥਾਲਿਨ) ਇੱਕ ਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ੨੨੫ ਲਿਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰਨ ਨਾਲ ਨਦੀਨਾਂ ਦੀ ਰੋਕਥਾਮ ਦੀ ਸਿਫ਼ਾਰਸ਼ ਕੀਤੀ ਗਈ ਹੈ।
ਸਿੰਚਾਈ ਅਤੇ ਜਲ ਨਿਕਾਸ: ਗਰਮ ਅਤੇ ਖੁਸ਼ਕ ਮੌਸਮ ਕਰਕੇ ਅਪ੍ਰੈਲ ਤੋਂ ਜੂਨ ਵਾਲਾ ਸਮਾਂ ਕਮਾਦ ਦੇ ਵਾਧੇ ਲਈ ਬਹੁਤ ਨਾਜ਼ੁਕ ਸਮਾਂ ਹੈ। ਇਸ ਸਮੇਂ ਫ਼ਸਲ ਨੂੰ ੭-੧੨ ਦਿਨਾਂ ਦੇ ਵਕਫ਼ੇ ਅੰਦਰ ਲੋੜ ਮੁਤਾਬਕ ਪਾਣੀ ਦੇਂਦੇ ਰਹੋ। ਬਾਰਸ਼ਾਂ ਦੇ ਦਿਨਾਂ ਵਿਚ ਜੇਕਰ ਖੇਤ ਵਿਚ ਬਾਰਸ਼ਾਂ ਨਾਲ ਬਹੁਤਾ ਪਾਣੀ ਖੜ੍ਹਾ ਹੋ ਜਾਵੇ ਤਾਂ ਉਸ ਨੂੰ ਬਾਹਰ ਕੱਢ ਦਿਓ। ਸਰਦੀਆਂ ਵਿਚ (ਨਵੰਬਰ-ਜਨਵਰੀ) ਕਮਾਦ ਨੂੰ ਪਾਣੀ ਇਕ ਮਹੀਨੇ ਦੇ ਵਕਫ਼ੇ ਤੇ ਲਾਓ। ਫ਼ਸਲ ਨੂੰ ਕੋਰੇ ਤੋਂ ਬਚਾਉਣ ਲਈ ਇਕ ਪਾਣੀ ਦਸੰਬਰ ਦੇ ਅੱਧ ਵਿਚ ਅਤੇ ਇਕ ਹੋਰ ਪਾਣੀ ਜਨਵਰੀ ਦੇ ਪਹਿਲੇ ਹਫਤੇ ਲਾਓ।
ਘਾਹ ਫੂਸ ਨਾਲ ਨਮੀ ਦੀ ਸੰਭਾਲ: ਕਮਾਦ ਦਾ ਜੰਮ ਅੱਧ ਅਪ੍ਰੈਲ ਵਿਚ ਪੂਰਾ ਹੋ ਜਾਵੇ ਤਾਂ ਕਮਾਦ ਦੀਆਂ ਲਾਈਨਾਂ ਵਿਚਕਾਰ ਝੋਨੇ ਦੀ ਪਰਾਲੀ ਜਾਂ ਧਾਨ ਦਾ ਛਿਲਕਾ ਜਾਂ ਕਮਾਦ ਦੀ ਖੋਰੀ ਜਾਂ ਦਰਖਤਾਂ ਦੇ ਪੱਤੇ ਆਦਿ ਖਿਲਾਰ ਦਿਉ। ਇਕ ਏਕੜ ਲਈ ਇਹ ਨਿਕ ਸੁੱਕ (ਬਚ ਖੁੱਚ) ੨੦ ਤੋਂ ੨੫ ਕੁਇੰਟਲ ਕਾਫੀ ਹੈ। ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦਾ ਤਾਪਮਾਨ ਘੱਟ ਜਾਂਦਾ ਹੈ। ਜ਼ਮੀਨ ਵਿੱਚ ਸਿੱਲ੍ਹ ਵੀ ਸਾਂਭੀ ਰਹਿੰਦੀ ਹੈ। ਨਦੀਨਾਂ ਦਾ ਵਾਧਾ ਵੀ ਘੱਟ ਜਾਂਦਾ ਹੈ ਅਤੇ ਆਗ ਦਾ ਗੜੂੰਆਂ ਵੀ ਘੱਟ ਨੁਕਸਾਨ ਕਰਦਾ ਹੈ। ਜਿਥੇ ਪਾਣੀ ਦੀਆਂ ਸਹੂਲਤਾਂ ਘੱਟ ਹੋਣ ਉਥੇ ਇਸ ਤਰ੍ਹਾਂ ਨਾਲ ਕਮਾਦ ਦੀ ਉਪਜ ਵਿਚ ਵੀ ਵਾਧਾ ਹੁੰਦਾ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020