ਜਲਵਾਯੂ: ਗੰਨੇ ਲਈ ਗਰਮ ਜਲਵਾਯੂ ਬਹੁਤ ਢੁਕਵਾਂ ਹੈ ਪਰ ਇਸ ਦੀ ਕਾਸ਼ਤ ਘੱਟ ਗਰਮ ਇਲਾਕੇ ਵਿਚ ਵੀ ਕੀਤੀ ਜਾ ਸਕਦੀ ਹੈ। ਪੰਜਾਬ ਵਿਚ ਗੰਨੇ ਦੀ ਫ਼ਸਲ ਦਾ ਤਕਰੀਬਨ ੮੦ ਪ੍ਰਤੀਸ਼ਤ ਵਾਧਾ ਮੌਨਸੂਨ ਦੇ ਮਹੀਨਿਆਂ ਜੁਲਾਈ, ਅਗਸਤ ਅਤੇ ਸਤੰਬਰ ਵਿਚ ਹੀ ਹੁੰਦਾ ਹੈ, ਜਦੋਂ ਕਿ ਫ਼ਸਲ ਲਈ ਤਾਪਮਾਨ ਅਤੇ ਨਮੀ ਬਹੁਤ ਢੁਕਵੀਂ ਹੁੰਦੀ ਹੈ।
ਜ਼ਮੀਨ: ਕਮਾਦ ਦੀ ਫ਼ਸਲ ਹਲਕੀ ਭਲ ਵਾਲੀ ਤੇ ਚੀਕਣੀ ਭਲ ਵਾਲੀ ਜ਼ਮੀਨ ਵਿਚ ਹੋ ਸਕਦੀ ਹੈ। ਫਿਰ ਵੀ ਚੰਗੇ ਜਲ ਨਿਕਾਸ ਤੇ ਭੱਲ ਵਾਲੀ ਜ਼ਮੀਨ ਇਸ ਲਈ ਬਹੁਤ ਢੁਕਵੀਂ ਹੈ। ਗੰਨੇ ਦੀ ਫ਼ਸਲ ਖਾਰੇ ਅਤੇ ਲੂਣੇਪਣ ਪ੍ਰਤੀ ਅਰਧ ਸਹਿਣਸ਼ੀਲ ਹੈ। ਖਾਰੀਆਂ ਅਤੇ ਲੂਣੀਆਂ ਜ਼ਮੀਨਾਂ/ਖਾਰੇ ਅਤੇ ਲੂਣੇ ਪਾਣੀਆਂ ਹੇਠ ਜ਼ਮੀਨਾਂ ਦੀਆਂ ਹਾਲਤਾਂ ਵਿੱਚ, ਗੰਨੇ ਅਤੇ ਖੰਡ ਦਾ ਸਹੀ ਝਾੜ ਲੈਣ ਲਈ ਹੇਠ ਲਿਖੇ ਤਰੀਕੇ ਵਰਤੋ:
(੧) ਜੇਕਰ ਜ਼ਮੀਨ ਖਾਰੀ ਹੈ ਜਾਂ ਸਿੰਚਾਈ ਵਾਲਾ ਪਾਣੀ ਖਾਰਾ ਹੈ, ਤਾਂ ਜਿਪਸਮ (੫੦ ਪ੍ਰਤੀਸ਼ਤ ਲੋੜੀਂਦੇ ਜਿਪਸਮ ਦੀ ਮਾਤਰਾ ਤੇ ਅਧਾਰਿਤ) ਪਾਓ ਜਾਂ ਫਿਰ ਗੋਹੇ ਕੂੜੇ ਦੀ ਰੂੜੀ, ੮ ਟਨ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋ। ਜਿਪਸਮ ਅਤੇ ਰੂੜੀ, ਦੋਹਾਂ ਦਾ ਨਾਲ ਨਾਲ ਪ੍ਰਯੋਗ ਕਰਨ ਤੇ ਹੋਰ ਵੀ ਵੱਧ ਝਾੜ ਪ੍ਰਾਪਤ ਹੁੰਦਾ ਹੈ।
(੨) ਜੇਕਰ ਜ਼ਮੀਨ ਲੂਣੀ ਜਾਂ ਖਾਰੀ ਲੂਣੀ ਹੈ ਜਾਂ/ਸਿੰਚਾਈ ਵਾਲਾ ਪਾਣੀ ਲੂਣਾ ਜਾਂ ਖਾਰਾ ਲੂਣਾ ਹੈ ਤਾਂ ਸਿਰਫ ਰੂੜੀ ਦਾ ਹੀ ਪ੍ਰਯੋਗ ਕਰੋ ਅਤੇ ਜਿਪਸਮ ਬਿਲਕੁਲ ਨਾ ਵਰਤੋ।
(੩) ਪੰਜਾਬ ਦੇ ਦੱਖਣੀ-ਪੱਛਮੀ ਜ਼ਿਲ੍ਹਿਆਂ ਵਿਚ ਸਿੰਚਾਈ ਵਾਲਾ ਪਾਣੀ ਲੂਣਾ ਹੈ ਤਾਂ ਸਿਰਫ਼ ਕਮਾਦ ਦੀ ਕਿਸਮ ਸੀ ਓ ਜੇ - ੮੮ ਹੀ ਬੀਜੋ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020