ਕਮਾਦ ਦਾ ਰੋਗ ਰਹਿਤ ਬੀਜ ਤਿਆਰ ਕਰਨ ਲਈ ਬਹੁਤ ਜ਼ਰੂਰੀ ਹੈ ਕਿ ਕਮਾਦ ਦੀ ਵੱਖਰੀ ਫ਼ਸਲ ਹੀ ਬੀਜ ਵਾਲੇ ਗੰਨੇ ਪੈਦਾ ਕਰਨ ਲਈ ਬੀਜੀ ਜਾਵੇ। ਇਹ ਕੋਈ ਸਿਆਣਪ ਵਾਲੀ ਗੱਲ ਨਹੀਂ ਕਿ ਵੇਚਣ ਵਾਲੀ ਫ਼ਸਲ ਵਿਚੋਂ ਹੀ ਬੀਜ ਲਿਆ ਜਾਵੇ, ਕਿਉਂਕਿ ਅਜਿਹੀ ਫ਼ਸਲ ਵਿੱਚ ਕੀੜੇ ਮਕੌੜੇ ਅਤੇ ਬਿਮਾਰੀਆਂ ਅਣਗਹਿਲੀ ਕਰਕੇ ਰਹਿ ਜਾਂਦੇ ਹਨ। ਇਸ ਤੋਂ ਇਲਾਵਾ ਬੀਜ ਟਿਸ਼ੂ ਕਲਚਰ ਵਿਧੀ ਰਾਹੀਂ ਤਿਆਰ ਕੀਤਾ ਜਾ ਸਕਦਾ ਹੈ। ਬੂਟਿਆਂ ਵਿੱਚ ੬੦ ਸੈਂਟੀਮੀਟਰ ਅਤੇ ਲਾਈਨਾਂ ਵਿੱਚ ੯੦ ਸੈਂਟੀਮੀਟਰ ਦਾ ਫ਼ਾਸਲਾ ਰੱਖੋ। ਬੂਟੇ ਲਾਉਣ ਤੋਂ ਤੁਰੰਤ ਬਾਅਦ ਖੇਤ ਨੂੰ ਪਾਣੀ ਲਾਓ। ਟਿਸ਼ੂ ਕਲਚਰ ਪੌਦਿਆਂ ਤੋਂ ਤਿਆਰ ਕੀਤੀ ਫ਼ਸਲ ਨੂੰ ਬੀਜ ਦੀ ਫ਼ਸਲ ਤਿਆਰ ਕਰਨ ਲਈ ਹੀ ਵਰਤੋ। ਇਸ ਫ਼ਸਲ ਨੂੰ ਬੀਜਣ ਲਈ ਤਿੰਨ ਅੱਖਾਂ ਵਾਲੇ ਬਰੋਟੇ ਕਰਕੇ ਰਵਾਇਤੀ ਢੰਗ ਨਾਲ ਬਿਜਾਈ ਕਰੋ।
ਬੀਜ ਵਾਲੀ ਫ਼ਸਲ ਲਈ ਅੱਗੇ ਦਿੱਤੀਆਂ ਸਿਫ਼ਾਰਸ਼ਾਂ ਕੀਤੀਆਂ ਜਾਂਦੀਆਂ ਹਨ।
(੧) ਬੀਜ ਲਈ ਗੰਨੇ ਉਸ ਫ਼ਸਲ ਤੋਂ ਲਓ ਜਿਸ ਫ਼ਸਲ ਦਾ ਬੀਜ ਗਰਮ ਸਿੱਲ੍ਹੀ ਹਵਾ ਨਾਲ ਸੋਧ ਕੇ ਬੀਜਿਆ ਗਿਆ ਹੋਵੇ। ਇਸ ਤਰ੍ਹਾਂ ਦਾ ਸੋਧਿਆ ਹੋਇਆ ਬੀਜ ਖੋਜ ਕੇਂਦਰਾਂ ਤੇ ਬੀਜਿਆ ਜਾਂਦਾ ਹੈ ਅਤੇ ਇਸ ਤੋਂ ਪੈਦਾ ਹੋਏ ਬੀਜ ਨੂੰ ਖੰਡ ਮਿੱਲ੍ਹਾਂ ਦੇ ਫ਼ਾਰਮਾਂ ਅਤੇ ਚੁਣੇ ਹੋਏ ਗੰਨਾ ਉਤਪਾਦਕਾਂ ਦੇ ਖੇਤਾਂ ਵਿੱਚ ਬੀਜ ਕੇ ਵਧਾਇਆ ਜਾਂਦਾ ਹੈ। ਇਹ ਬੀਜ ਕਿਸਾਨਾਂ ਨੂੰ ਬੀਜ ਵਾਲੀ ਫ਼ਸਲ ਪੈਦਾ ਕਰਨ ਲਈ ਦਿੱਤਾ ਜਾਂਦਾ ਹੈ।
(੨) ਫ਼ਸਲ ਮਾਰਚ ਦੇ ਆਖਰੀ ਹਫ਼ਤੇ ਵਿੱਚ ਬੀਜੋ।
(੩) ਇਸ ਫ਼ਸਲ ਲਈ ੯੦ ਕਿਲੋ ਨਾਈਟ੍ਰੋਜਨ ਤੱਤ ਵਰਤੋ, ਜਿਥੇ ਦੂਸਰੀ ਫ਼ਸਲ ਲਈ ੬੦ ਕਿਲੋ ਨਾਈਟ੍ਰੋਜਨ ਹੀ ਕਾਫ਼ੀ ਹੈ। ਇਹ ਨਾਈਟ੍ਰੋਜਨ ਦਾ ਤੱਤ ਤਿੰਨ ਹਿੱਸੇ ਕਰਕੇ ਪਾਓ। ਪਹਿਲਾ ਹਿੱਸਾ ਬਿਜਾਈ ਸਮੇਂ, ਦੂਸਰਾ ਹਿੱਸਾ ਮਈ ਵਿੱਚ ਅਤੇ ਤੀਸਰਾ ਹਿੱਸਾ ਅੱਧ ਜੁਲਾਈ ਵਿਚ ਪਾਓ। ਵਧੇਰੇ ਨਾਈਟ੍ਰੋਜਨ ਪਾਉਣ ਨਾਲ ਬੀਜ ਵਾਲੇ ਗੰਨੇ ਘੱਟ ਪੱਕੇ ਅਤੇ ਚੰਗੇ ਮਿਲਦੇ ਹਨ।
(੪) ਪੌਦ ਸੁਰੱਖਿਆ ਦੀਆਂ ਸਿਫ਼ਾਰਸ਼ਾਂ ਉੱਤੇ ਪੂਰੀ ਤਰ੍ਹਾਂ ਅਮਲ ਕਰੋ ਤਾਂ ਕਿ ਫ਼ਸਲ ਕੀੜੇ ਅਤੇ ਬਿਮਾਰੀਆਂ ਤੋਂ ਬਚੀ ਰਹੇ।
(੫) ਦਸੰਬਰ ਜਨਵਰੀ ਦੇ ਮਹੀਨੇ ਪਾਣੀ ਦੇ ਕੇ ਫ਼ਸਲ ਨੂੰ ਕੋਰੇ ਤੋਂ ਬਚਾਓ । ਕੋਰੇ ਦੇ ਅਸਰ ਨਾਲ ਫ਼ਸਲ ਦਾ ਜੰਮ ਮਾੜਾ ਰਹਿੰਦਾ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020