ਫ਼ਸਲ ਨੂੰ ਡਿੱਗਣ ਤੋਂ ਬਚਾਉਣ ਲਈ ਹੇਠਾਂ ਦੱਸੀਆਂ ਸਿਫ਼ਾਰਸ਼ਾਂ ਕੀਤੀਆਂ ਜਾਂਦੀਆਂ ਹਨ:
(੧) ਪੱਧਰੇ ਜਾਂ ਖਾਈਆਂ ਵਿਚ ਬੀਜੀ ਫ਼ਸਲ ਨੂੰ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਜੂਨ ਦੇ ਅਖੀਰ ਵਿੱਚ ਮਿੱਟੀ ਚੜ੍ਹਾਓ। ਖਾਈਆਂ ਵਿਚ ਬੀਜੀ ਫ਼ਸਲ ਆਮ ਕਰਕੇ ਘੱਟ ਡਿੱਗਦੀ ਹੈ।
(੨) ਅਗਸਤ ਦੇ ਅਖੀਰ ਵਿਚ ਜਾਂ ਸਤੰਬਰ ਦੇ ਸ਼ੁਰੂ ਵਿਚ ਫ਼ਸਲ ਦੇ ਮੂੰਏ ਬੰਨ੍ਹ ਦਿਉ। ਇਸ ਤਰੀਕੇ ਰਾਹੀਂ ਬਜਾਏ ਦੋ ਕਤਾਰਾਂ ਨੂੰ ਇਕੱਠੇ ਬੰਨ੍ਹਣ ਦੇ, ਇਕਹਿਰੀ ਕਤਾਰ ਦੇ ਮੂੰਏਂ ਬੰਨ੍ਹੋ। ਕਮਾਦ ਦੇ ਪੱਤਿਆਂ ਨੂੰ ਵੱਟ ਚਾੜ੍ਹ ਕੇ ਰੱਸੀ ਬਣਾ ਲਓ ਅਤੇ ਇਕ ਮੂਆਂ ਛੱਡ ਕੇ ਦੂਸਰੇ ਦੇ ਵਿਚੋਂ ਦੀ ਲੰਘਾਂਦੇ ਜਾਓ। ਇਸ ਤਰ੍ਹਾਂ ਫ਼ਸਲ ਦਾ ਵਾਧਾ ਨਹੀਂ ਰੁਕਦਾ ਜਦਕਿ ਦੋ ਕਤਾਰਾਂ ਦੇ ਇਕੱਠੇ ਮੂੰਏ ਬੰਨ੍ਹਣ ਨਾਲ ਵਧਣ ਵਿਚ ਰੁਕਾਵਟ ਪੈਂਦੀ ਹੈ।
ਫ਼ਸਲ ਨੂੰ ਕੋਰੇ ਤੋਂ ਬਚਾਉਣਾ: ਫ਼ਸਲ ਨੂੰ ਕੋਰੇ ਤੋਂ ਬਚਾਉਣ ਲਈ ਹੇਠਾਂ ਦੱਸੇ ਢੰਗਾਂ ਨੂੰ ਅਪਨਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ:
(੧) ਉਹ ਕਿਸਮਾਂ ਬੀਜੋ ਜਿਹੜੀਆਂ ਕੋਰਾ ਸਹਾਰ ਸਕਦੀਆਂ ਹੋਣ ਜਿਵੇਂ ਸੀ ਓ ੧੧੮, ਸੀ ਓ ਜੇ ੬੪, ਸੀ ਓ ਜੇ ੮੫, ਸੀ ਓ ਪੀ ਬੀ ੯੧, ਸੀ ਓ ੨੩੮, ਸੀ ਓ ਜੇ ੮੮, ਸੀ ਓ ਐਸ ੮੪੩੬ ਅਤੇ ਸੀ ਓ ਜੇ ੮੯।
(੨) ਖਾਦਾਂ ਤੇ ਪਾਣੀ ਦੀ ਪੂਰੀ ਵਰਤੋਂ ਕਰਕੇ ਅਤੇ ਪੌਦ-ਸੁਰੱਖਿਆ ਦੇ ਸਾਰੇ ਢੰਗ ਅਪਨਾਅ ਕੇ ਭਰਪੂਰ ਫ਼ਸਲ ਉਗਾਓ। ਮਾੜੀ ਅਤੇ ਛੋਟੀ ਰਹੀ ਫ਼ਸਲ ਤੇ ਕੋਰੇ ਦਾ ਅਸਰ ਵਧੇਰੇ ਹੁੰਦਾ ਹੈ।
(੩) ਫ਼ਸਲ ਨੂੰ ਡਿੱਗਣ ਤੋਂ ਬਚਾਓ, ਕਿਉਂਕਿ ਡਿੱਗੀ ਫ਼ਸਲ ਤੇ ਕੋਰੇ ਦਾ ਅਸਰ ਜ਼ਿਆਦਾ ਹੁੰਦਾ ਹੈ।
(੪) ਸਰਦੀਆਂ ਵਿੱਚ ਫ਼ਸਲ ਨੂੰ ਪਾਣੀ ਲਾਉਂਦੇ ਰਹੋ। ਪਾਣੀ ਲਾਉਣ ਨਾਲ ਜ਼ਮੀਨ ਗਰਮ ਰਹਿੰਦੀ ਹੈ ਅਤੇ ਫ਼ਸਲ ਕੋਰੇ ਤੋਂ ਬਚੀ ਰਹਿੰਦੀ ਹੈ। ਜੇਕਰ ਫ਼ਸਲ ਮੂਢੀ ਰੱਖਣ ਲਈ ਕੱਟ ਲਈ ਜਾਵੇ ਤਾਂ ਖੇਤ ਨੂੰ ਪਾਣੀ ਲਾ ਦਿਓ। ਖੇਤ ਨੂੰ ਲਾਈਨਾਂ ਵਿਚਕਾਰੋਂ ਵਾਹ ਦਿਓ।
(੫) ਕੋਰੇ ਵਾਲੇ ਇਲਾਕਿਆਂ ਵਿਚ ਬਿਜਾਈ ਲਈ ਗੰਨੇ ਦਾ ਕੇਵਲ ਸਿਰੇ ਵਾਲਾ ਹਿੱਸਾ ਹੀ ਵਰਤੋ ਕਿਉਂਕਿ ਸਿਰੇ ਵਾਲੀਆਂ ਪੋਰੀਆਂ ਦੀਆਂ ਅੱਖਾਂ, ਵਿਚਕਾਰਲੀਆਂ ਅਤੇ ਹੇਠਲੀਆਂ, ਅੱਖਾਂ ਨਾਲੋਂ ਕੋਰੇ ਦਾ ਘੱਟ ਸ਼ਿਕਾਰ ਹੁੰਦੀਆਂ ਹਨ। ਕੋਰਾ ਪੈਣ ਤੋਂ ਪਹਿਲਾਂ ਬੀਜ ਵਾਲੇ ਗੰਨੇ, ਜ਼ਮੀਨ ਵਿਚ ਨੱਪ ਕੇ ਰੱਖਣ ਨਾਲ ਵੀ ਕੋਰੇ ਤੋਂ ਬਚਾਏ ਜਾ ਸਕਦੇ ਹਨ ਅਤੇ ਬਹਾਰ ਰੁੱਤ ਆਉਣ ਤੇ ਪੁੱਟ ਕੇ ਬੀਜੇ ਜਾ ਸਕਦੇ ਹਨ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020