ਪੰਜਾਬ ਦੇ ਤਕਰੀਬਨ ੪੦ ਪ੍ਰਤੀਸ਼ਤ ਰਕਬੇ ਵਿਚ ਟਿਊਬਵੈੱਲਾਂ ਨਾਲ ਪ੍ਰਾਪਤ ਕੀਤੇ ਜ਼ਮੀਨੀ ਪਾਣੀ ਵਿਚ ਨਮਕvਦੀ ਮਾਤਰਾ ਕਾਫ਼ੀ ਜ਼ਿਆਦਾ ਹੈ, ਜਿਸਦੀ ਸਿੰਚਾਈ ਲਈ ਲਗਾਤਾਰ ਵਰਤੋਂ ਜ਼ਮੀਨ ਦੀ ਸਿਹਤ ਅਤੇ ਖੇਤੀ ਪੈਦਾਵਾਰ ਤੇ ਮਾੜਾ ਅਸਰ ਕਰਦੀ ਹੈ। ਅਜਿਹੇ ਪਾਣੀ ਜਾਂ ਲੂਣੇ (ਸੋਡੀਅਮ ਦੇ ਕਲੋਰਾਈਡ ਜਾਂ ਸਲਫ਼ੇਟ ਵਾਲੇ) ਜਾਂ ਖਾਰੇ (ਸੋਡੀਅਮ ਦੇ ਕਾਰਬੋਨੇਟ ਜਾਂ ਬਾਈਕਾਰਬੋਨੇਟ ਵਾਲੇ) ਹੁੰਦੇ ਹਨ। ਕੁਝ ਪਾਣੀਆਂ ਵਿਚ ਬੋਰੋਨ ਵਰਗੇ ਜ਼ਹਿਰੀਲੇ ਪਦਾਰਥ ਵੀ ਹੋ ਸਕਦੇ ਹਨ। ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਟਿਊਬਵੈੱਲ ਦੇ ਪਾਣੀ ਦੀ ਜਾਂਚ ਮਿੱਟੀ ਪਾਣੀ ਪਰਖ ਪ੍ਰਯੋਗਸ਼ਾਲਾ ਤੋਂ ਕਰਵਾਈ ਜਾਏ ਤਾਂ ਕਿ ਇਹ ਪਤਾ ਲੱਗ ਸਕੇ ਇਸ ਵਿਚ ਕਿਹੜੀ ਅਤੇ ਕਿੰਨੀ ਖ਼ਰਾਬੀ ਹੈ। ਬਹੁਤ ਜ਼ਿਆਦਾ ਮਾਤਰਾ ਵਿਚ ਲੂਣੇ ਅਤੇ ਖਾਰੇ ਪਾਣੀ ਦੀ ਵਰਤੋਂ ਖ਼ਾਸ ਪ੍ਰਬੰਧਕੀ ਢੰਗ ਵਰਤ ਕੇ ਕੀਤੀ ਜਾ ਸਕਦੀ ਹੈ। ਪੰਜਾਬ ਵਿਚ ਮਾੜੇ ਪਾਣੀ ਦੀ ਸਮੱਸਿਆ ਜ਼ਿਆਦਾਤਰ ਵੱਧ ਖਾਰਾਪਣ ਕਰਕੇ ਹੈ। (ਬਾਕੀ ਸੋਡੀਅਮ ਕਾਰਬੋਨੇਟ ਜਾਂ ਆਰ.ਐੱਸ.ਸੀ) ਜਿਸਦੀ ਵਰਤੋਂ ਦਾ ਢੰਗ ਹੇਠ ਦਿਤੇ ਅਨੁਸਾਰ ਹੈ:
ਸਿੰਚਾਈ ਲਈ ਮਾੜੇ ਪਾਣੀ ਵਾਲੇ ਇਲਾਕੇ ਵਿਚ ਜ਼ਮੀਨ ਵਿਚੋਂ ਜੜ੍ਹ ਖੇਤਰ ਵਿਚਲੇ ਵਾਧੂ ਘੁਲਣਸ਼ੀਲ ਨਮਕ ਦਾ ਘੁਲ ਕੇ ਥੱਲੇ ਜਾਣਾ ਯਕੀਨੀ ਬਣਾਉਣਾ ਪਵੇਗਾ ਤਾਂ ਕਿ ਇਹ ਹਿੱਸੇ ਵਿਚ ਨਮਕ ਅਤੇ ਪਾਣੀ ਦਾ ਠੀਕ ਸੰਤੁਲਨ ਕਾਇਮ ਰਹਿ ਸਕੇ। ਮਾੜੇ ਜਲ ਨਿਕਾਸ ਵਾਲੇ ਇਲਾਕਿਆਂ ਅਤੇ ਥੱਲੇ ਸਖ਼ਤ ਤਹਿ ਵਾਲੀਆਂ ਜ਼ਮੀਨਾਂ ਵਿਚ ਲੰਮੇ ਅਰਸੇ ਲਈ ਖ਼ਾਰੇ ਪਾਣੀ ਦੀ ਵੱਧ ਮਾਤਰਾ ਚੰਗੇ ਜਲ ਨਿਕਾਸ ਵਾਲੀਆਂ ਜ਼ਮੀਨਾਂ ਦੇ ਮੁਕਾਬਲੇ ਬਹੁਤ ਜਲਦੀ ਹੋ ਜਾਂਦਾ ਹੈ। ਇਸ ਲਈ ਖਾਰੇ ਪਾਣੀ ਦੀ ਵਰਤੋਂ ਲਈ ਚੰਗਾ ਜਲ ਨਿਕਾਸ ਸਭ ਤੋਂ ਪਹਿਲੀ ਜ਼ਰੂਰਤ ਹੈ। ਇਸ ਕੰਮ ਲਈ ਜ਼ਮੀਨ ਉਪਰਲੀਆਂ ਨਿਕਾਸ ਨਾਲੀਆਂ ਜ਼ਮੀਨ ਹੇਠਲੀਆਂ ਨਿਕਾਸ ਨਾਲੀਆਂ ਬਣਾਉਣ ਤੋਂ ਸਸਤੀਆਂ ਪੈਂਦੀਆਂ ਹਨ।
ਸਾਰੇ ਖੇਤ ਵਿਚ ਪਾਣੀ ਦੀ ਇਕਸਾਰ ਵੰਡ ਲਈ ਜ਼ਮੀਨ ਚੰਗੀ ਤਰ੍ਹਾਂ ਪੱਧਰ ਹੋਣੀ ਚਾਹੀਦੀ ਹੈ। ਠੀਕ ਪੱਧਰ ਜ਼ਮੀਨ ਵਿਚੋਂ ਘੁਲਣਸ਼ੀਲ ਨਮਕ ਅਤੇ ਪਾਣੀ ਇਕਸਾਰ ਜ਼ੀਰਦੇ ਹਨ। ਖੇਤ ਵਿਚ ਮਾਮੂਲੀ ਫ਼ਰਕ ਨਾਲ ਹੀ ਪਾਣੀ ਅਤੇ ਨਮਕ ਦੀ ਵੰਡ ਅਸਾਵੀਂ ਹੋ ਜਾਂਦੀ ਹੈ।
ਅਜਿਹੀਆਂ ਜ਼ਮੀਨਾਂ ਵਿਚ ਸਿੰਚਾਈ ਨਾਲ ਨਮਕ ਜ਼ੀਰਨ ਦੀ ਦਰ ਵੱਧ ਹੈ। ਭਾਰੀਆਂ ਜ਼ਮੀਨਾਂ ਵਿਚ ਪਾਣੀ ਜ਼ੀਰਨ ਦੀ ਦਰ ਘੱਟ ਹੁੰਦੀ ਹੈ ਅਤੇ ਪਾਣੀ ਸਤਹਿ ਤੇ ਜ਼ਿਆਦਾ ਦੇਰ ਖੜ੍ਹਨ ਨਾਲ ਵਾਸ਼ਪੀਕਰਨ ਤੋਂ ਬਾਅਦ ਲੂਣਾਪਨ/ਖਾਰਾਪਣ ਤੇਜ਼ੀ ਨਾਲ ਬਣਦਾ ਹੈ, ਇਸ ਲਈ ਮਾੜੇ ਪਾਣੀ ਦੀ ਵਰਤੋਂ ਲਈ ਹਲਕੀਆਂ ਜ਼ਮੀਨਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਵੱਖ-ਵੱਖ ਫ਼ਸਲਾਂ ਅਤੇ ਉਨ੍ਹਾਂ ਦੀਆਂ ਕਿਸਮਾਂ ਦੀ ਨਮਕ ਨੂੰ ਸਹਿਣ ਵਿਚ ਕਾਫ਼ੀ ਅੰਤਰ ਹੈ। ਮਾੜੇ ਪਾਣੀ ਨਾਲ ਸਿੰਚਾਈ ਅਧੀਨ ਰਕਬੇ ਵਿਚ ਅਜਿਹੀਆਂ ਫ਼ਸਲਾਂ ਅਤੇ ਕਿਸਮਾਂ ਨੂੰ ਹੀ ਪਹਿਲ ਦਿਉ ਜੋ ਨਮਕ ਨੂੰ ਸਹਿਣਸ਼ੀਲ ਜਾਂ ਅਰਧ-ਸਹਿਣਸ਼ੀਲ ਹੋਣ ਜਿਵੇਂ ਕਿ ਜੌਂ, ਕਣਕ, ਸਰ੍ਹੋਂ, ਗੁਆਰਾ, ਸੇਂਜੀ, ਪਾਲਕ, ਸ਼ਲਗਮ, ਚਕੰਦਰ, ਰਾਇਆ ਅਤੇ ਮੋਟੇ ਅਨਾਜ। ਮਾੜਾ ਪਾਣੀ ਕਪਾਹ ਅਤੇ ਜੰਮ ਤੇ ਅਸਰ ਕਰਦਾ ਹੈ।
ਪਰ ਬਿਜਾਈ ਤੋਂ ਪਹਿਲਾਂ ਚੰਗੇ ਪਾਣੀ ਨਾਲ ਰੌਣੀ ਕਰਕੇ ਫ਼ਸਲ ਚੰਗੀ ਜੰਮਦੀ ਹੈ। ਦਾਲਾਂ ਤੇ ਖਾਰੇ ਅਤੇ ਲੂਣੇ ਪਾਣੀ ਦਾ ਬਹੁਤ ਮਾੜਾ ਅਸਰ ਹੈ, ਇਸ ਲਈ ਦਾਲਾਂ ਨੂੰ ਖਾਰਾ ਪਾਣੀ ਨਾ ਦਿਓ। ਜ਼ਿਆਦਾ ਪਾਣੀ ਲੋੜੀਂਦੀਆਂ ਫ਼ਸਲਾਂ ਜਿਵੇਂ ਝੋਨਾ, ਕਮਾਦ ਅਤੇ ਬਰਸੀਮ ਨੂੰ ਖਾਰੇ ਪਾਣੀਆਂ ਨਾਲ ਸਿੰਚਾਈ ਨਾ ਕਰੋ।
ਦੇਖਣ ਵਿਚ ਆਇਆ ਹੈ ਕਿ ਜਿੱਥੇ ਸੋਡੀਅਮ ਬਾਈਕਾਰਬੋਨੇਟ (ਆਰ.ਐੱਸ.ਸੀ. ਜ਼ਿਆਦਾ ਹੋਵੇ) ਦੀ ਜ਼ਿਆਦਾ ਮਾਤਰਾ ਵਾਲਾ ਪਾਣੀ ਲਗਦਾ ਹੋਵੇ ਉਨ੍ਹਾਂ ਜ਼ਮੀਨਾਂ ਦੀ ਜ਼ੀਰਨ ਸ਼ਕਤੀ ਮਾੜੀ ਹੁੰਦੀ ਹੈ। ਸੋਡੀਅਮ ਦੀ ਜ਼ਿਆਦਾ ਮਾਤਰਾ ਇਕੱਤਰ ਹੋਣ ਨਾਲ ਜ਼ਮੀਨ ਦੀ ਬਣਤਰ ਵਿਚ ਗਿਰਾਵਟ ਆਉਂਦੀ ਹੈ। ਇਸ ਵਿਚ ਹਵਾ ਨਹੀਂ ਜਾ ਸਕਦੀ ਅਤੇ ਪੌਦਿਆਂ ਦੀਆਂ ਜੜ੍ਹਾਂ ਨੂੰ ਪਾਣੀ ਅਤੇ ਖ਼ੁਰਾਕੀ ਤੱਤਾਂ ਦੀ ਉਪਲੱਭਤਾ ਘੱਟ ਜਾਂਦੀ ਹੈ। ਜ਼ਮੀਨ ਵਿਚ ਜ਼ਿਆਦਾ ਸੋਡੀਅਮ ਦਾ ਮਾੜਾ ਅਸਰ ਜਿਪਸਮ ਦੀ ਵਰਤੋਂ ਨਾਲ ਦੂਰ ਕੀਤਾ ਜਾ ਸਕਦਾ ਹੈ। ਜਦੋਂ ਸਿੰਚਾਈ ਵਾਲੇ ਪਾਣੀ ਦੀ ਆਰ.ਐੱਸ.ਸੀ ੨.੫ ਐੱਮ ਈ ਪ੍ਰਤੀ ਲਿਟਰ ਤੋਂ ਉੱਪਰ ਹੋਵੇ ਤਾਂ ਜਿਪਸਮ ਦੀ ਵਰਤੋਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਜਿਪਸਮ ਦੀ ਮਾਤਰਾ ਮਿੱਟੀ ਅਤੇ ਪਾਣੀ ਪਰਖ਼ ਪ੍ਰਯੋਗਸ਼ਾਲਾ ਤੋਂ ਕਢਵਾਈ ਜਾ ਸਕਦੀ ਹੈ। ਆਰ.ਐੱਸ.ਸੀ. ਦੀ ਹਰ ਐੱਮ.ਈ. ਪ੍ਰਤੀ ਲਿਟਰ ਪਿਛੋਂ ੧.੫੦ ਕੁਇੰਟਲ ਜਿਪਸਮ ਪ੍ਰਤੀ ਏਕੜ ਚਾਰ ਸਿੰਚਾਈਆਂ ਪਿਛੇ ਬਣਦਾ ਹੈ ਜਦੋਂ ਹਰ ਸਿੰਚਾਈ ੭.੫ ਸੈਂਟੀਮੀਟਰ ਹੋਵੇ। ਪੂਰੇ ਦਾ ਪੂਰਾ ਜਿਪਸਮ (ਸਿੰਚਾਈਆਂ ਦੀ ਗਿਣਤੀ ਤੇ ਅਧਾਰਤ) ਇਕ ਹੀ ਵਾਰ ਫ਼ਸਲ ਦੀ ਕਟਾਈ ਤੋਂ ਬਾਅਦ ਪਾਓ। ਜੇ ਜ਼ਮੀਨ ਪਹਿਲਾਂ ਹੀ ਨਾਕਸ ਹੋਈ ਹੋਵੇ ਤਾਂ ਜਿਪਸਮ ਮਿੱਟੀ ਦੀ ਪਰਖ ਦੇ ਆਧਾਰ ਤੇ ਪਾਓ। ਜਿਪਸਮ ਨੂੰ ਜ਼ਮੀਨ ਦੀ ਉਪਰਲੀ ਤਹਿ (੦-੧੦ ਸੈਂ.ਮੀ.) ਵਿਚ ਮਿਲਾ ਕੇ ਭਰਵਾਂ ਪਾਣੀ ਲਾਓ ਤਾਂ ਕਿ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਘੁਲਣਸ਼ੀਲ ਨਮਕ ਜ਼ੀਰ ਜਾਣ।
ਚੂਨੇ ਜਾਂ ਰੋੜਾਂ ਵਾਲੀਆਂ ਜ਼ਮੀਨਾਂ, ਜਿਨ੍ਹਾਂ ਵਿੱਚ ਕੈਲਸ਼ੀਅਮ ਕਾਰਬੋਨੇਟ ੨ ਪ੍ਰਤੀਸ਼ਤ ਤੋਂ ਜ਼ਿਆਦਾ ਹੋਵੇ ਅਤੇ ਖਾਰੇ ਪਾਣੀ ਨਾਲ ਸਿੰਜੀਆਂ ਜਾਂਦੀਆਂ ਹਨ, ਵਿੱਚ ਜੀਵਕ ਖਾਦਾਂ ਜਿਵੇਂ ਦੇਸੀ ਰੂੜੀ ੮ ਟਨ ਪ੍ਰਤੀ ਏਕੜ ਜਾਂ ਹਰੀ ਖਾਦ ਜਾਂ ਕਣਕ ਦਾ ਨਾੜ ੨.੫ ਟਨ ਪ੍ਰਤੀ ਏਕੜ ਹਰ ਸਾਲ ਪਾਉ।
ਜਿੱਥੇ ਧਰਤੀ ਹੇਠਲਾ ਪਾਣੀ ਮਾੜਾ ਹੈ ਉਥੇ ਨਰਮਾ ਵੱਟਾਂ ਤੇ ਬੀਜੋ। ਰੋਣੀ ਨਹਿਰੀ ਪਾਣੀ ਨਾਲ ਲਾ ਕੇ ਬਾਅਦ ਵਿੱਚ ਮਾੜੇ ਪਾਣੀ ਨੂੰ ਇੱਕ ਖੇਲ ਛੱਡ ਕੇ ਲਾਵੋ । ਇਸ ਤਰ੍ਹਾਂ ਪਾਣੀ ਦੀ ਬੱਚਤ ਹੁੰਦੀ ਹੈ, ਝਾੜ ਵੱਧ ਮਿਲਦਾ ਹੈ ਅਤੇ ਜ਼ਮੀਨ ਦੀ ਸਿਹਤ ਬਰਕਰਾਰ ਰਹਿੰਦੀ ਹੈ।
ਜਦੋਂ ਨਹਿਰੀ ਚੰਗਾ ਪਾਣੀ ਦੀ ਘਾਟ ਹੋਵੇ ਤਾਂ ਇਸ ਢੰਗ ਦੀ ਮਹੱਤਤਾ ਹੋਰ ਵੀ ਹੋ ਜਾਂਦੀ ਹੈ। ਮਾੜਾ ਪਾਣੀ ਚੰਗੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਵਰਤੋ। ਮਾੜਾ ਅਤੇ ਚੰਗਾ ਪਾਣੀ ਇਕੱਠਾ ਵੀ ਵਰਤਿਆ ਜਾ ਸਕਦਾ ਹੈ। ਇਸ ਲਈ ਦੋਵੇਂ ਬਦਲ ਕੇ ਵਰਤੇ ਜਾ ਸਕਦੇ ਹਨ। ਫ਼ਸਲ ਦੇ ਸ਼ੁਰੂ ਵਿਚ ਚੰਗਾ ਪਾਣੀ ਵਰਤਣਾ ਅਤੇ ਬਾਅਦ ਵਿਚ ਫ਼ਸਲ ਵਧਣ ਤੇ ਮਾੜਾ ਪਾਣੀ ਵਰਤਣਾ ਵੀ ਲਾਹੇਵੰਦ ਹੈ। ਵਧੀ ਹੋਈ ਫ਼ਸਲ ਵੱਧ ਖਾਰੇਪਣ ਅਤੇ ਸੋਕੇ ਨੂੰ ਸਹਾਰ ਸਕਦੀ ਹੈ।
ਜਦ ਖਾਰਾ ਪਾਣੀ ਲੰਬੇ ਅਰਸੇ ਲਈ ਵਰਤਣਾ ਹੋਵੇ ਤਾਂ ਕਿਸਾਨ ਨੂੰ ਲਗਾਤਾਰ ਵਕਫੇ ਤੇ ਮਿੱਟੀ ਦੀ ਪਰਖ਼ ਕਰਾ ਕੇ ਲੂਣ ਬਣਨ ਦਾ ਨਿਰਖ ਰੱਖਣਾ ਚਾਹੀਦਾ ਹੈ। ਇਸ ਨਾਲ ਜ਼ਮੀਨ ਵਿਚ ਗਿਰਾਵਟ ਰੋਕਣ ਵਿਚ ਸਹਾਇਤਾ ਮਿਲਦੀ ਹੈ।
ਛੱਪੜਾਂ ਦੇ ਪਾਣੀ ਵਿੱਚ ਫ਼ਸਲਾਂ ਦੇ ਖੁਰਾਕੀ ਤੱਤ ਹੁੰਦੇ ਹਨ ਜਿਵੇਂ ਕਿ ਨਾਈਟ੍ਰੋਜਨ, ਫ਼ਾਸਫ਼ੋਰਸ ਅਤੇ ਪੋਟਾਸ਼ ਪਰ ਇਨ੍ਹਾਂ ਦੇ ਨਾਲ-ਨਾਲ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਸੋਡੀਅਮ ਦੇ ਕਾਰਬੋਨੇਟ, ਬਾਈਕਾਰਬੋਨੇਟ ਅਤੇ ਕਲੋਰਾਈਡ ਲੂਣ ਵੱਧ ਮਾਤਰਾ ਵਿੱਚ ਹੋ ਸਕਦੇ ਨੇ। ਇਸ ਲਈ ਵਰਤਣ ਤੋਂ ਪਹਿਲਾਂ ਪਾਣੀ ਨੂੰ ਮਿੱਟੀ ਅਤੇ ਪਾਣੀ ਪਰਖ ਪ੍ਰਯੋਗਸ਼ਾਲਾ ਤੋਂ ਪਰਖ ਕਰਵਾ ਲੈਣਾ ਚਾਹੀਦਾ ਹੈ ਅਤੇ ਨਤੀਜਿਆਂ ਦੇ ਆਧਾਰ ਤੇ ਸਿੰਚਾਈ ਲਈ ਵਰਤਣਾ ਚਾਹੀਦਾ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/14/2020