(੧) ਡਰਿਲ ਬਹੁਤੀਆਂ ਫ਼ਸਲਾਂ ਬੀਜਣ ਲਈ ਹੋਵੇ ਤਾਂ ਇਸ ਵਿਚ ਕਤਾਰ ਤੋਂ ਕਤਾਰ ਦਾ ਫ਼ਾਸਲਾ ਘੱਟ-ਵੱਧ ਕੀਤੇ ਜਾਣ ਦੀ ਸਹੂਲਤ ਹੋਣੀ ਚਾਹੀਦੀ ਹੈ। ਹਰ ਫ਼ਸਲ ਲਈ ਵੱਖਰਾ ਹਦਾਇਤ ਚਾਰਟ ਹੋਵੇ।
(੨) ਮਸ਼ੀਨ ਵਿਚ ਬੀਜ ਦੀ ਧਰਤੀ ਵਿਚਲੀ ਡੂੰਘਾਈ ਨੂੰ ਕੰਟਰੋਲ ਕਰਨ ਦੀ ਯੋਗਤਾ ਹੋਵੇ।
(੩) ਮਸ਼ੀਨ ਦੀ ਮਾਪ ਪ੍ਰਣਾਲੀ ਅਜਿਹੀ ਹੋਵੇ ਕਿ ਉਸ ਵਿਚ ਬੀਜ ਦੇ ਗੁਜ਼ਰਨ ਸਮੇਂ ਦਾਣੇ ਨੂੰ ਕੋਈ ਰੁਕਾਵਟ ਨਾ ਆਵੇ।
(੪) ਮਸ਼ੀਨ ਦੀ ਸਭਨਾਂ ਮੋਰੀਆਂ ਵਿਚੋਂ ਬੀਜ ਤੇ ਖਾਦ ਇਕੋ ਜਿਹੇ ਨਿਕਲਣ।
(੫) ਖਾਦ ਵਾਲੇ ਬਕਸੇ ਦਾ ਹਿਲਾਓ ਜੰਤਰ ਚੰਗਾ ਹੋਵੇ ਤਾਂ ਕਿ ਖਾਦ ਡਿੱਗਣ ਸਮੇਂ ਕਿਸੇ ਕਿਸਮ ਦੇ ਪਾੜੇ ਨਾ ਰਹਿਣ।
(੬) ਖਾਦ ਅਤੇ ਬੀਜ ਵਾਲੇ ਡੱਬੇ ਵੱਡੇ ਹੋਣ ਤਾਂ ਕਿ ਘੜੀ ਮੁੜੀ ਭਰਨੇ ਨਾ ਪੈਣ।
(੭) ਮੋੜਾਂ ਤੇ ਲਿਆਉਣ ਅਤੇ ਲਿਜਾਣ ਸਮੇਂ ਬੀਜ ਤੇ ਖਾਦ ਨੂੰ ਰੋਕੀ ਰੱਖਣ ਦੀਆਂ ਸੁਵਿਧਾਵਾਂ ਹੋਣ।
(੮) ਯੂਨੀਵਰਸਿਟੀ ਦੇ ਮਸ਼ੀਨ ਪ੍ਰੀਖਣ ਕੇਂਦਰ ਵਲੋਂ ਜਾਰੀ ਕੀਤੀਆਂ ਰਿਪੋਰਟਾਂ ਵਿਚ ਕਈ ਬੀਜ ਖਾਦ ਡਰਿਲਾਂ ਬਾਰੇ ਵੇਰਵੇ ਭਰਪੂਰ ਜਾਣਕਾਰੀ ਦਿੱਤੀ ਹੁੰਦੀ ਹੈ। ਕਿਸਾਨਾਂ ਨੂੰ ਮਸ਼ੀਨਾਂ ਦੀ ਚੋਣ ਕਰਨ ਤੋਂ ਪਹਿਲਾਂ ਇਨ੍ਹਾਂ ਪਰਖ ਰਿਪੋਰਟਾਂ ਨੂੰ ਧਿਆਨ ਨਾਲ ਘੋਖ ਲੈਣਾ ਚਾਹੀਦਾ ਹੈ, ਤੇ ਕੇਵਲ ਉਨ੍ਹਾਂ ਸਨਅਤਕਾਰਾਂ ਕੋਲੋਂ ਹੀ ਮਸ਼ੀਨਾਂ ਖ਼ਰੀਦਣੀਆਂ ਚਾਹੀਦੀਆਂ ਹਨ, ਜੋ ਕਿਸੇ ਨਿਰਪੱਖ ਅਦਾਰੇ ਵਲੋਂ ਦਿੱਤੀ ਗਈ ਪਰਖ ਰਿਪੋਰਟ ਪੇਸ਼ ਕਰ ਸਕਦੇ ਹੋਣ।
ਸੁਧਾਈ ਤੋਂ ਭਾਵ ਮਸ਼ੀਨ ਨੂੰ ਇਸ ਤਰ੍ਹਾਂ ਸੈੱਟ ਕਰਨਾ ਹੈ, ਜਿਸ ਦੁਆਰਾ ਖਾਦ ਦੇ ਬੀਜ ਦੀ ਠੀਕ ਮਾਤਰਾ ਪਾਈ ਜਾ ਸਕੇ। ਭਾਵੇਂ ਡਰਿਲਾਂ ਬਣਾਉਣ ਵਾਲੇ ਇਸ ਨੂੰ ਠੀਕ ਸੈੱਟ ਕਰ ਦਿੰਦੇ ਹਨ, ਪਰ ਫਿਰ ਵੀ ਏਧਰ ਓਧਰ ਲਿਜਾਉਣ ਨਾਲ ਇਸ ਦੀ ਸੁਧਾਈ ਨੁਕਸਦਾਰ ਹੋ ਜਾਂਦੀ ਹੈ, ਨਾਲ ਹੀ ਇਕ ਵਾਰ ਸੈੱਟ ਕੀਤੀ ਡਰਿਲ ਸਾਰੀਆਂ ਕਿਸਮਾਂ ਦੇ ਬੀਜਾਂ ਦੇ ਕੇਰਨ ਲਈ ਠੀਕ ਨਹੀਂ ਬੈਠੇਗੀ।
(੧) ਜੈੱਕ (ਠੁੰਮਣਾ) ਲਾ ਕੇ ਡਰਿਲ ਨੂੰ ਉੱਚਾ ਚੁੱਕੋ ਤੇ ਵੇਖੋ ਕਿ ਇਸ ਦੇ ਪਹੀਏ ਠੀਕ ਤਰ੍ਹਾਂ ਘੁੰਮਦੇ ਹਨ। ਨਾਲ ਹੀ ਦਾਣਿਆਂ ਅਤੇ ਖਾਦ ਵਾਲੀ ਲੱਠ ਵੀ ਚੰਗੀ ਤਰ੍ਹਾਂ ਫਿਰਦੀ ਹੈ।
(੨) ਹਰ ਬੀਜ ਵਾਲੀ ਨਾਲੀ ਥੱਲੇ ਕੋਈ ਬੋਰੀ, ਕੱਪੜਾ ਜਾਂ ਭਾਂਡਾ ਰੱਖੋ।
(੩) ਪਹੀਏ ਦਾ ਘੇਰਾ ਮਾਪੋ। ਇਹ ਇਕ ਚੱਕਰ ਕੱਟਣ ਨਾਲ ਕੀਤਾ ਗਿਆ ਫ਼ਾਸਲਾ ਪ੍ਰਗਟਾਉਂਦਾ ਹੈ।
(੪) ਪਿਛੋਂ ਡਰਿਲ ਦੇ ਸਾਈਜ਼ ਦਾ ਪਤਾ ਕਰੋ। ਡਰਿਲ ਦਾ ਸਾਈਜ਼, ਡਰਿਲ ਦੇ ਫਾਲਿਆਂ ਵਿਚਕਾਰ ਫ਼ਾਸਲੇ ਨਾਲ ਫ਼ਾਲਿਆਂ ਦੀ ਗਿਣੀ ਜ਼ਰਬ (ਗੁਣਾ) ਦੇਣ ਨਾਲ ਕੱਢਿਆ ਜਾ ਸਕਦਾ ਹੈ।
(੫) ਪਿਛੋਂ ਇਕ ਏਕੜ ਜ਼ਮੀਨ ਕੇਰਨ ਲਈ ਪਹੀਏ ਦੇ ਜਿੰਨੇ ਚੱਕਰ ਲੋੜੀਂਦੇ ਹੋਣ, ਅੱਗੇ ਦਿੱਤੇ ਫਾਰਮੂਲੇ ਦੁਆਰਾ ਕੱਢੋ।
(੬) ਪਹੀਏ ਦੇ ਰਿੰਮ ਉੱਪਰ ਨਿਸ਼ਾਨ ਲਾਉ ਅਤੇ ਇਕ ਏਕੜ ਦੀ ਬਿਜਾਈ ਲਈ ਜਿੰਨੇ ਚੱਕਰ ਕੱਟਣੇ ਹੋਣ, ਉਨ੍ਹਾਂ ਦੇ ਦਸਵੇਂ ਹਿੱਸੇ ਦੀ ਗਿਣਤੀ ਦੇ ਬਰਾਬਰ ਪਹੀਏ ਨੂੰ ਘੁਮਾਓ । ਬੀਜ-ਨਾਲੀਆਂ ਥੱਲੇ ਰੱਖੋ ਹਰ ਇਕ ਭਾਂਡੇ ਵਿਚਲੇ ਬੀਜ ਨੂੰ ਇਕੱਠਾ ਕਰਕੇ ਵੱਖ-ਵੱਖ ਤੋਲੋ ।
(੭) ਪ੍ਰਤੀ ਏਕੜ ਬੀਜ ਦੀ ਮਾਤਰਾ ਕੱਢਣ ਲਈ ੧੦ ਨਾਲ ਗੁਣਾਂ ਕਰੋ ।
(੮) ਜੇਕਰ ਹਰ ਇਕ ਭਾਂਡੇ ਦਾ ਬੀਜ ਇਕੋ ਜਿਹਾ ਨਾ ਨਿਕਲੇ ਤਾਂ ਸਮਝੋ ਕਿ ਬੀਜ ਕੇਰਨ ਵਾਲੇ ਯੰਤਰ ਵਿਚ ਕੋਈ ਨੁਕਸ ਹੈ । ਕੁਲ ਇਕੱਠੇ ਕੀਤੇ ਬੀਜ ਨੂੰ ਦਸ ਨਾਲ ਗੁਣਾ ਕਰਨ ਨਾਲ ਇਕ ਏਕੜ ਬੀਜ ਦੀ ਮਾਤਰਾ ਕੱਢੀ ਜਾ ਸਕਦੀ ਹੈ।
(੯) ਬੀਜ ਦੇ ਡੱਬੇ ਨਾਲ ਸਬੰਧਤ ਲੀਵਰ ਨੂੰ ਦਾਣਿਆਂ ਦੀ ਠੀਕ ਮਾਤਰਾ ਲਈ ਅੱਗੇ ਪਿੱਛੇ ਕਰੋ । ਜੇਕਰ ਬੀਜ ਇਕ ਏਕੜ ਦੀ ਬਿਜਾਈ ਲਈ ਘੱਟ ਜਾਪੇ ਤਾਂ ਲੀਵਰ ਨੂੰ ਥੋੜ੍ਹਾ ਜਿਹਾ ਵਾਧੇ ਵਾਲੇ ਪਾਸੇ ਕਰੋ ਤੇ ਇਸ ਤਰ੍ਹਾਂ ਦੂਸਰੀ ਸੂਰਤ ਵਿਚ ਘਾਟੇ ਵਲੇ ਪਾਸੇ ਮੋੜੋ ।
(੧੦) ਇਸ ਪ੍ਰਕਾਰ ਦੋ ਵਾਰ ਲੀਵਰ ਨੂੰ ਸੈੱਟ ਕਰਕੇ ਵੇਖੋ ਤਾਂ ਕਿ ਬੀਜ ਦੀ ਠੀਕ ਮਾਤਰਾ ਕੇਰੀ ਜਾ ਸਕੇ ।
(੧੧) ਖਾਦ ਲਈ ਡਰਿਲ ਨੂੰ ਏਸੇ ਪ੍ਰਕਾਰ ਸੋਧੋ ਜਿਵੇਂ ਉੱਪਰ ਦੱਸਿਆ ਗਿਆ ਹੈ ।
ਬਹੁਤ ਥੋੜੇ ਕਿਸਾਨਾਂ ਕੋਲ ਆਪਣੇ ਕੰਬਾਈਨ ਹਾਰਵੈਸਟਰ ਹਨ। ਕੁਝ ਇਕ ਐਗਰੋਇੰਡਸਟਰੀਜ਼, ਮਾਰਕਫੈੱਡ ਤੇ ਹੋਰ ਸੰਸਥਾਵਾਂ ਕੋਲੋਂ ਕਿਰਾਏ ਤੇ ਲੈਂਦੇ ਹਨ। ਇਸ ਦੀਆਂ ਰਿਪੋਰਟਾਂ ਆਮ ਮਿਲੀਆਂ ਹਨ ਕਿ ਕਈਆਂ ਸੂਰਤਾਂ ਵਿਚ ਕੰਬਾਇਨਾਂ ਨੇ ਚੰਗਾ ਕੰਮ ਨਹੀਂ ਕੀਤਾ ਤੇ ਸਿੱਟੇ ਵਜੋਂ ਬਹੁਤ ਅਜਾਨ ਜਾਇਆ ਹੋਇਆ ਹੈ। ਜਿਨ੍ਹਾਂ ਖੇਤਾਂ ਵਿਚ ਕਣਕ ਕੰਬਾਈਨਾਂ ਨਾਲ ਕੱਟਣੀ ਹੋਵੇ ਉਨ੍ਹਾਂ ਦੀਆਂ ਵੱਟਾ ਆਖਰੀ ਸਿੰਚਾਈ ਵੇਲੇ ਢਾਹ ਦੇਣੀਆਂ ਚਾਹੀਦੀਆਂ ਹਨ। ਕੰਬਾਈਨ ਨਾਲ ਉਦੋਂ ਖੇਤ ਕੱਟੋ ਜਦੋਂ ਕਣਕ ਵਿਚ ਕਾਫ਼ੀ ਸਿੱਲ੍ਹ ਹੋਵੇ।
(੧) ਕਟਰ ਬਾਰ: ਮਸ਼ੀਨ ਦੁਆਰਾ ਛੱਡੇ ਸਾਰੇ ਕੱਖ ਚੁਣ ਲਈ ਜਾਣ ਅਤੇ ਕੰਬਾਈਨ ਕੁਝ ਫ਼ਾਸਲਾਂ ਪਿਛਲੇ ਪੈਰੀਂ ਮੋੜਿਆ ਜਾਏ ਤਾਂ ਇਹ ਨੁਕਸਾਨ ਧਰਤੀ ਉੱਪਰ ਨਜ਼ਰ ਆ ਸਕਦਾ ਹੈ।
(੨) ਮਸ਼ੀਨ ਦੇ ਪਿਛੇ: ਇਹ ਨੁਕਸਾਨ ਅਣਝੜੇ ਸਿੱਟਿਆਂ ਜਾਂ ਖਿੱਲਰੇ ਹੋਏ ਦਾਣਿਆਂ ਦੇ ਰੂਪ ਵਿਚ ਦੇਖਿਆ ਜਾ ਸਕਦਾ ਹੈ। ਅਣਝੜੇ ਸਿੱਟਿਆਂ ਦਾ ਮਤਲਬ ਇਹ ਹੁੰਦਾ ਹੈ ਕਿ ਸਲੰਡਰ ਸਪੀਡ ਤੇ ਸਲੰਡਰ ਦੀ ਕਮਾਣੀ ਚੰਗੀ ਤਰ੍ਹਾਂ ਸੈੱਟ ਨਹੀਂ ਹੋਈ। ਦਾਣਿਆ ਦਾ ਕੇਰਾ ਬੰਦ ਹੋਈ ਛਾਨਣੀ ਜਾਂ ਹਵਾ ਦੇ ਤੇਜ਼ ਬੁੱਲਿਆਂ ਤੇ ਜਾਂ ਫਿਰ ਦੋਹਾਂ ਹੀ ਕਾਰਨਾਂ ਕਰਕੇ ਵੇਖਣ ਵਿਚ ਆਉਂਦਾ ਹੈ। ਮਸ਼ੀਨ ਦੇ ਯੋਗ ਐਡਜੈਸਟਮੈਂਟ ਦੇ ਫ਼ਸਲ ਦੇ ਸੰਘਣੇ-ਪਣ ਅਨੁਸਾਰ ਮਸ਼ੀਨ ਦੀ ਰਫ਼ਤਾਰ ਠੀਕ ਕਰਕੇ ਇਹ ਘਾਟ ਪੂਰੀ ਕੀਤੀ ਜਾ ਸਕਦੀ ਹੈ।
(੩) ਸਲੰਡਰ ਦੀ ਜ਼ਿਆਦਾ ਸਪੀਡ ਜਾਂ ਨਕਾਸ ਛਾਨਣੀ ਗੰਡਾਸਿਆਂ ਦੀ ਗਲਤ ਸੈਟਿੰਗ ਕਾਰਨ ਦਾਣਿਆਂ ਵਿਚ ਕੱਖ ਕਣ ਰਹਿ ਜਾਂਦਾ ਹੈ ਤੇ ਦਾਣੇ ਟੁੱਟ ਵੀ ਜਾਂਦੇ ਹਨ। ਮੋੜਾਂ, ਫ਼ਸਲ ਤੇ ਸੰਘਣੇਪਣ, ਫ਼ਸਲ ਦੀ ਹਾਲਤ (ਢਏ ਤੇ ਅਣਢਏ ਹੋਣ) ਮੁਤਾਬਿਕ ਤੇ ਵੱਟਾਂ ਨੇੜੇ ਧਰਤੀ ਤੇ ਤਲ ਦੀ ਪੱਧਰ ਦੇ ਅਨੁਸਾਰ ਕੰਬਾਈਨ ਦੀ ਐਡਜੈਸਟਮੈਂਟ ਦਾ ਕੰਮ ਬਹੁਤ ਨਾਜ਼ੁਕ ਹੁੰਦਾ ਹੈ। ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਨੁਕਸਾਨ ਦਾ ਮੋਟਾ ਜਿਹਾ ਅੰਦਾਜ਼ਾ ਲਾਉਣ ਲਈ ਇਕ ਵਰਗ ਮੀਟਰ ਰਕਬਾ ਮਿਣ ਕੇ ਉਸ ਵਿਚੋਂ ਕੰਬਾਈਨ ਦੁਆਰਾ ਛੱਡੀ ਗਈ ਸਮੱਗਰੀ ਇਕੱਠੀ ਕਰੋ। ਉਸ ਵਿਚੋਂ ਦਾਣੇ ਅੱਡ ਕਰਕੇ ਗ੍ਰਾਮਾਂ ਵਿਚ ਤੋਲੋ। ਇਹ ਹੈਕਟਰ ਪਿਛੇ ਹੋਇਆ ਨੁਕਸਾਨ ਕਿਲੋ ਗ੍ਰਾਮਾਂ ਵਿਚ ਮਾਪਣ ਲਈ ਗ੍ਰਾਮਾਂ ਨੂੰ ੧੦ ਨਾਲ ਗੁਣਾ ਕਰੋ ਜਾਂ ਫਿਰ ਇਹ ਘਾਟਾ ਇਕ ਮੀਟਰ ਦੀ ਥਾਂ ਵਿਚੋਂ, ਇਕੱਠੇ ਕੀਤੇ ਦਾਣਿਆਂ ਦੀ ਗਿਣਤੀ ਨਾਲ ਕਰੋ। ਇਕ ਵਰਗ ਮੀਟਰ ਪਿਛੇ ਸੌ ਦਾਣਿਆਂ ਦਾ ਮਤਲਬ ਇਕ ਹੈਕਟਰ ਪਿਛੇ ਲਗਪਗ ੪੦ ਕਿਲੋ ਕਣਕ ਦਾ ਨੁਕਸਾਨ ਹੁੰਦਾ ਹੈ।
ਸਰੋਤ : ਅਗ੍ਰਿਛੁਲ੍ਤੁਰੇ , ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020