ਸੋਇਆਬੀਨ ਨੂੰ ਬੜੀ ਸਫ਼ਲਤਾ ਨਾਲ ਮੱਕੀ ਵਿੱਚ ਉਗਾਇਆ ਜਾ ਸਕਦਾ ਹੈ। ਸੋਇਆਬੀਨ ਦੀ ਇੱਕ-ਇੱਕ ਲਾਈਨ ੬੦ ਸੈਂਟੀਮੀਟਰ ਦੀ ਵਿੱਥ ਤੇ ਬੀਜੀ ਗਈ ਮੱਕੀ ਦੀਆਂ ਲਾਈਨਾਂ ਵਿੱਚਕਾਰ ਬੀਜੋ।
ਕਤਾਰਾਂ ਨੂੰ ਕਣਕ ਦੇ ਨਾੜ ਜਾਂ ਝੋਨੇ ਦੀ ਪਰਾਲੀ ਨਾਲ ਢੱਕ ਦਿਉ ਤਾਂ ਕਿ ਨਮੀ ਸਾਂਭੀ ਰਹੇ ਜਿਸ ਨਾਲ ਬੀਜ ਚੰਗੇ ਉੱਗ ਸਕਣ ਅਤੇ ਬੂਟੇ ਠੀਕ ਨਿੱਕਲ ਆਉਣ।
ਘਾਹ-ਫੂਸ ਦੀ ਰੋਕਥਾਮ ਲਈ ਦੋ ਗੋਡੀਆਂ, ਬਿਜਾਈ ਤੋਂ ੨੦ ਅਤੇ ੪੦ ਦਿਨਾਂ ਬਾਅਦ ਕਰੋ। ਸਟੌਂਪ ੩੦ ਈ ਸੀ (ਪੈਂਡੀਮੈਥਾਲੀਨ) ੬੦੦ ਮਿਲੀਲਿਟਰ ਪ੍ਰਤੀ ਏਕੜ ਸੋਇਆਬੀਨ ਦੀ ਬਿਜਾਈ ਤੋਂ ੧ - ੨ ਦਿਨ ਦੇ ਅੰਦਰ ਸਪਰੇਅ ਕਰਕੇ ਵੀ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਦੱਸੀ ਗਈ ਦਵਾਈ ਦੀ ਮਿਕਦਾਰ ਨੂੰ ੧੫੦-੨੦੦ ਲਿਟਰ ਪਾਣੀ ਪ੍ਰਤੀ ਏਕੜ ਵਿੱਚ ਘੋਲ ਕੇ ਸਪਰੇਅ ਕਰੋ। ਇਹ ਦਵਾਈ ਘਾਹ ਅਤੇ ਚੌੜੇ ਪੱਤੇ ਵਾਲੇ ਨਦੀਨਾਂ ਨੂੰ ਮਾਰਦੀ ਹੈ। ਅਗਰ ਦਵਾਈ ਦੀ ਸਪਰੇਅ ਤੋਂ ਬਾਅਦ ਵੀ ਕੁਝ ਨਦੀਨ ਨਾ ਮਰਨ ਤਾਂ ੪੦ ਦਿਨਾਂ ਬਾਅਦ ਇੱਕ ਗੋਡੀ ਕਰ ਦਿਓ। ਇਨ੍ਹਾਂ ਦੇ ਬਦਲੇ ਵਿੱਚ ਘਾਹ, ਚੌੜੀ ਪੱਤੀ ਅਤੇ ਮੋਥਿਆਂ ਦੀ ਰੋਕਥਾਮ ਲਈ ਬਿਜਾਈ ਤੋਂ ੧੫ - ੨੦ ਦਿਨਾਂ ਬਾਅਦ ਪਰੀਮੇਜ਼ ੧੦ ਐਸ.ਐਲ. (ਇਮੇਜ਼ਥਾਪਾਇਰ) ੩੦੦ ਮਿਲੀਲੀਟਰ ਪ੍ਰਤੀ ਏਕੜ ਦਾ ਛਿੜਕਾਅ ਕਰਨਾ ਚਾਹੀਦਾ ਹੈ।
ਜੇਕਰ ਵਰਖਾ ਚੰਗੀ ਅਤੇ ਠੀਕ ਸਮੇਂ ਹੋਵੇ ਤਾਂ ਕਿਸੇ ਪਾਣੀ ਦੀ ਲੋੜ ਨਹੀਂ। ਆਮ ਕਰਕੇ ਫ਼ਸਲ ਨੂੰ ੩ - ੪ ਪਾਣੀ ਚਾਹੀਦੇ ਹਨ। ਇੱਕ ਪਾਣੀ ਫ਼ਲੀਆਂ ਵਿੱਚ ਦਾਣੇ ਪੈਣ ਸਮੇਂ ਦੇਣਾ ਬਹੁਤ ਜ਼ਰੂਰੀ ਹੈ।
ਸੋਇਆਬੀਨ ਤੋਂ ਵਧੇਰੇ ਝਾੜ ਪ੍ਰਾਪਤ ਕਰਨ ਲਈ ਬਿਜਾਈ ਤੋਂ ਪਹਿਲਾਂ ੪ ਟਨ ਪ੍ਰਤੀ ਏਕੜ ਦੇ ਹਿਸਾਬ ਰੂੜੀ ਦੀ ਖਾਦ ਦੀ ਵਰਤੋਂ ਕਰੋ। ਫ਼ਸਲ ਨੂੰ ੨੮ ਕਿਲੋ ਯੂਰੀਆ ਅਤੇ ੨੦੦ ਕਿਲੋ ਸਿੰਗਲ ਸੁਪਰਫਾਸਫੇਟ ਪ੍ਰਤੀ ਏਕੜ ਬਿਜਾਈ ਸਮੇਂ ਪਾਉ। ਕਣਕ ਪਿੱਛੋਂ ਬੀਜੀ ਫ਼ਸਲ ਨੂੰ ੧੫੦ ਕਿਲੋ ਸਿੰਗਲ ਸੁਪਰਫਾਸਫੇਟ ਪ੍ਰਤੀ ਏਕੜ ਪਾਉ, ਜੇਕਰ ਕਣਕ ਨੂੰ ਫਾਸਫੋਰਸ ਤੱਤ ਦੀ ਸਿਫ਼ਾਰਸ਼ ਕੀਤੀ ਮਾਤਰਾ ਪਾਈ ਗਈ ਹੋਵੇ। ਵਧੇਰੇ ਝਾੜ ਲੈਣ ਵਾਸਤੇ, ਉਪਰੋਕਤ ਖਾਦ ਮਾਤਰਾ ਤੋਂ ਇਲਾਵਾ, ਫ਼ਸਲ ਬੀਜਣ ਤੋਂ ੬੦ ਅਤੇ ੭੫ ਦਿਨਾਂ ਬਾਅਦ ੨% ਯੂਰੀਆ (੩ ਕਿਲੋ ਯੂਰੀਆ ੧੫੦ ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਛਿੜਕੋ।
ਹਰੀ ਖਾਦ ਦੇ ਤੌਰ ਤੇ ਵਰਤਣ ਲਈ ਸਣ (੨੦ ਕਿਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਨਾਲ) ਦੀ ਅਪ੍ਰੈਲ ਦੇ ਦੂਸਰੇ ਪੰਦਰ੍ਹਵਾੜੇ ਵਿੱਚ ਬਿਜਾਈ ਕਰ ਦਿਓ। ਹਰੀ ਖਾਦ ਦੀ ਫ਼ਸਲ ਨੂੰ ੪੦ - ੪੫ ਦਿਨਾਂ ਬਾਅਦ ਖੇਤ ਵਿੱਚ ਸੋਇਆਬੀਨ ਦੀ ਬਿਜਾਈ ਤੋਂ ੫ ਤੋਂ ੭ ਦਿਨ ਪਹਿਲਾਂ ਦੱਬ ਦਿਓ। ਸੋਇਆਬੀਨ ਦਾ ਪੂਰਾ ਝਾੜ ਲੈਣ ਲਈ ਹਰੀ ਖਾਦ ਦੇ ਨਾਲ-ਨਾਲ ਨਾਈਟ੍ਰੋਜਨ ਖਾਦ ਦੀ ਪੂਰੀ ਮਾਤਰਾ (੧੩ ਕਿਲੋ ਨਾਈਟ੍ਰੋਜਨ ਪ੍ਰਤੀ ਏਕੜ ਦੇ ਹਿਸਾਬ ਨਾਲ) ਪਾਓ। ਹਰੀ ਖਾਦ ਨਾਲ ਜ਼ਮੀਨ ਦੀ ਸਿਹਤ ਬਰਕਰਾਰ ਰਹਿੰਦੀ ਹੈ। ਜੇਕਰ ਫ਼ਾਸਫ਼ੋਰਸ ਅਤੇ ਜਿਪਸਮ ਨਾ ਉਪਲਬਧ ਹੋਵੇ ਤਾਂ ਫ਼ਾਸਫ਼ੋਰਸ ਅਤੇ ਗੰਧਕ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ ਗੰਧਕੀ ਫ਼ਾਸਫ਼ੇਟ ਖਾਦ (੧੩ ਕਿਲੋ ਨਾਈਟ੍ਰੋਜਨ, ੩੩ ਕਿਲੋ ਫ਼ਾਸਫ਼ੋਰਸ ਅਤੇ ੧੫ ਕਿਲੋ ਗੰਧਕ ਤੱਤ ਪ੍ਰਤੀ ੧੦੦ ਕਿਲੋ ਖਾਦ ਹੁੰਦੀ ਹੈ) ਦੇ ਬਦਲਵੇਂ ਰੂਪ ਵਿੱਚ ਪਾਇਆ ਜਾ ਸਕਦਾ ਹੈ।
ਫ਼ਸਲ ਦੀ ਕਟਾਈ ਉਸ ਸਮੇਂ ਕਰ ਲਉ ਜਦੋਂ ਬਹੁਤ ਸਾਰੇ ਪੱਤੇ ਝੜ ਜਾਣ ਅਤੇ ਫ਼ਲੀਆਂ ਦਾ ਰੰਗ ਬਦਲ ਜਾਵੇ। ਕਟਾਈ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ ਤਾਂ ਕਿ ਦਾਣੇ ਨਾ ਕਿਰਨ। ਗਹਾਈ ਦਾ ਕੰਮ ਪ੍ਰਚੱਲਤ ਢੰਗ ਨਾਲ ਹੋਰ ਦਾਲਾਂ ਦੀ ਤਰ੍ਹਾਂ ਹੀ ਕਰਨਾ ਚਾਹੀਦਾ ਹੈ, ਪਰ ਇਸ ਗੱਲ ਦਾ ਧਿਆਨ ਰੱਖੋ ਕਿ ਫ਼ਸਲ ਨੂੰ ਬਹੁਤਾ ਕੁੱਟਿਆ ਜਾਂ ਲਿਤਾੜਿਆ ਨਾ ਜਾਵੇ ਜਿਸ ਨਾਲ ਉਪਜ ਦੀ ਕੁਆਲਟੀ ਅਤੇ ਬੀਜ ਦੀ ਉੱਗਣ ਸ਼ਕਤੀ ਵਿੱਚ ਫ਼ਰਕ ਪੈਂਦਾ ਹੈ।
ਸਟੋਰ ਕਰਨਾ: ਸਟੋਰ ਕਰਨ ਸਮੇਂ ਬੀਜ ਵਿੱਚ ਨਮੀ ੭ ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ। ਬੀਜ ਸੁੱਕੇ ਭੜੋਲਿਆਂ ਵਿੱਚ ਜਾਂ ਬੋਰੀਆਂ ਵਿੱਚ ਪਾ ਕੇ ਲੱਕੜ ਦੇ ਚੌਖਟਿਆਂ ਉੱਪਰ ਰੱਖੋ।
ਕੀੜੇ-ਮਕੌੜੇ - ਵਾਲਾਂ ਵਾਲੀ ਸੁੰਡੀ, ਭੰਵਰੇ ਅਤੇ ਸਫੈਦ ਮੱਖੀ: ਇਹ ਫ਼ਸਲ ਦਾ ਨੁਕਸਾਨ ਕਰਦੇ ਹਨ। ਇਨ੍ਹਾਂ ਦੀ ਰੋਕਥਾਮ ਲਈ ਮੂੰਗੀ ਦੀ ਫ਼ਸਲ ਵਿੱਚ ਦੱਸੀਆਂ ਹਦਾਇਤਾਂ ਤੇ ਅਮਲ ਕਰੋ।
ਚਿਤਕਬਰਾ ਰੋਗ (ਪੀਲੇ ਪੱਤਿਆਂ ਦਾ ਰੋਗ): ਇਹ ਰੋਗ ਚਿੱਟੀ ਮੱਖੀ ਰਾਹੀਂ ਫੈਲਦਾ ਹੈ। ਹਮਲੇ ਵਾਲੇ ਪੱਤਿਆਂ ਉੱਤੇ ਪੀਲੇ ਅਤੇ ਹਰੇ ਚਟਾਖ ਜਿਹੇ ਪੈ ਜਾਂਦੇ ਹਨ। ਬਿਮਾਰੀ ਦੇ ਮਾਰ ਹੇਠ ਆਏ ਪੌਦਿਆਂ ਨੂੰ ਬਹੁਤ ਘੱਟ ਫ਼ਲੀਆਂ ਲੱਗਦੀਆਂ ਹਨ। ਚਿੱਟੀ ਮੱਖੀ ਦੀ ਰੋਕਥਾਮ ਲਈ ਮੂੰਗੀ ਦੀ ਫ਼ਸਲ ਵਿੱਚ ਦਿੱਤੇ ਤਰੀਕੇ ਅਪਣਾਉ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020