ਸੋਇਆਬੀਨ ਇੱਕ ਕੀਮਤੀ ਫ਼ਸਲ ਹੈ ਜਿਸਦੀ ਖੁਰਾਕ ਅਤੇ ਸੰਨ੍ਹਤ ਵਿੱਚ ਕਈ ਤਰ੍ਹਾਂ ਨਾਲ ਵਰਤੋਂ ਕੀਤੀ ਜਾਂਦੀ ਹੈ। ਖਾਣ ਵਾਲਾ ਤੇਲ, ਸੋਇਆ ਦੁੱਧ ਅਤੇ ਇਸ ਤੋਂ ਬਣਨ ਵਾਲੀਆਂ ਚੀਜ਼ਾਂ, ਬੇਕਰੀ ਦੀਆਂ ਚੀਜ਼ਾਂ, ਦਵਾਈਆਂ ਵਿੱਚ ਅਤੇ ਤਾਜ਼ੀ ਹਰੀ ਸੋਇਆਬੀਨ ਦੇ ਤੌਰ ਤੇ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਫ਼ਸਲ ਪ੍ਰਾਂਤ ਵਿੱਚ ਫ਼ਸਲੀ ਭਿੰਨਤਾ ਲਿਆਉਣ ਵਿੱਚ ਕਾਫ਼ੀ ਯੋਗਦਾਨ ਪਾ ਸਕਦੀ ਹੈ।
ਜ਼ਮੀਨ: ਇਹ ਫ਼ਸਲ ਭਾਂਤ-ਭਾਂਤ ਦੀਆਂ ਜ਼ਮੀਨਾਂ ਵਿੱਚ ਬੀਜੀ ਜਾ ਸਕਦੀ ਹੈ ਪਰ ਚੰਗੇ ਜਲ ਨਿਕਾਸ ਵਾਲੀਆਂ, ਲੂਣ ਤੇ ਖਾਰ ਤੋਂ ਰਹਿਤ ਉਪਜਾਊ ਜ਼ਮੀਨਾਂ ਇਸ ਦੀ ਕਾਸ਼ਤ ਲਈ ਬਹੁਤ ਚੰਗੀਆਂ ਹਨ।
ਫ਼ਸਲ ਚੱਕਰ: ਸੋਇਆਬੀਨ-ਕਣਕ/ਜੌਂ, ਸੋਇਆਬੀਨ-ਗੋਭੀ ਸਰ੍ਹੋਂ (ਪਨੀਰੀ ਦੁਆਰਾ)
ਉੱਨਤ ਕਿਸਮਾਂ:
ਐਸ ਐਲ ੯੫੮ (੨੦੧੪): ਇਸ ਕਿਸਮ ਦੇ ਦਾਣੇ ਚਮਕੀਲੇ, ਹਲਕੇ ਪੀਲੇ ਰੰਗ ਦੇ ਹਨ ਅਤੇ ਬੀਜ ਦੇ ਹਾਈਲਮ ਦਾ ਰੰਗ ਕਾਲਾ ਹੈ। ਇਸਦੇ ਦਾਣਿਆਂ ਵਿੱਚ ੪੧.੭% ਪ੍ਰੋਟੀਨ ਅਤੇ ੨੦.੨% ਤੇਲ ਹੁੰਦਾ ਹੈ। ਇਹ ਕਿਸਮ ਵਿਸ਼ਾਣੂੰ ਰੋਗਾਂ ਤੋਂ ਰਹਿਤ ਹੈ। ਇਹ ਪੱਕਣ ਲਈ ਤਕਰੀਬਨ ੧੪੨ ਦਿਨ ਲੈਂਦੀ ਹੈ। ਇਸ ਕਿਸਮ ਦਾ ਔਸਤ ਝਾੜ ੭.੩ ਕੁਇੰਟਲ ਪ੍ਰਤੀ ਏਕੜ ਹੈ।
ਐਸ ਐਲ ੭੪੪ (੨੦੧੦): ਇਸ ਕਿਸਮ ਦੇ ਦਾਣੇ ਚਮਕੀਲੇ, ਹਲਕੇ ਪੀਲੇ ਰੰਗ ਦੇ ਹਨ ਅਤੇ ਬੀਜ ਦੇ ਹਾਈਲਮ ਦਾ ਰੰਗ ਸਲੇਟੀ ਹੈ। ਇਸ ਦੇ ਦਾਣਿਆਂ ਵਿੱਚ ੪੨.੩% ਪ੍ਰੋਟੀਨ ਅਤੇ ੨੧.੦% ਤੇਲ ਹੁੰਦਾ ਹੈ। ਇਹ ਕਿਸਮ ਵਿਸ਼ਾਣੂੰ ਰੋਗਾਂ ਤੋਂ ਰਹਿਤ ਹੈ। ਇਹ ਪੱਕਣ ਲਈ ਤਕਰੀਬਨ ੧੩੯ ਦਿਨ ਲੈਂਦੀ ਹੈ। ਇਸ ਕਿਸਮ ਦਾ ਔਸਤ ਝਾੜ ੭.੩ ਕੁਇੰਟਲ ਪ੍ਰਤੀ ਏਕੜ ਹੈ।
ਐਸ ਐਲ ੫੨੫ (੨੦੦੩): ਇਸ ਕਿਸਮ ਦੇ ਦਾਣੇ ਇਕਸਾਰ ਮੋਟੇ, ਚਮਕੀਲੇ, ਕਰੀਮ ਰੰਗ ਦੇ ਹੁੰਦੇ ਹਨ। ਬੀਜ ਦੇ ਹਾਈਲਮ ਦਾ ਰੰਗ ਸਲੇਟੀ ਹੈ। ਇਸ ਦੇ ਦਾਣਿਆਂ ਵਿੱਚ ੩੭.੨% ਪ੍ਰੋਟੀਨ ਅਤੇ ੨੧.੯% ਤੇਲ ਹੁੰਦਾ ਹੈ। ਇਹ ਕਿਸਮ ਵਿਸ਼ਾਣੂ ਰੋਗ ਤੋਂ ਰਹਿਤ ਹੈ ਅਤੇ ਇਸ ਵਿੱਚ ਤਣੇ ਦਾ ਝੁਲਸ ਰੋਗ ਅਤੇ ਜੜ੍ਹ-ਸੂਤਰ ਨਿਮਾਟੋਡ ਵਿਰੁੱਧ ਸਹਿਣਸ਼ਕਤੀ ਹੈ। ਇਹ ਕਿਸਮ ੧੪੪ ਦਿਨਾਂ ਵਿੱਚ ਪੱਕ ਜਾਂਦੀ ਹੈ। ਔਸਤ ਝਾੜ ੬.੧ ਕੁਇੰਟਲ ਪ੍ਰਤੀ ਏਕੜ ਹੈ।
ਕਾਸ਼ਤ ਦੇ ਢੰਗ: ਜ਼ਮੀਨ ਦੀ ਤਿਆਰੀ: ਜ਼ਮੀਨ ਨੂੰ ਦੋ ਵਾਰ ਵਾਹ ਕੇ ਅਤੇ ਪਿੱਛੋਂ ਹਰ ਵਾਰ ਸੁਹਾਗਾ ਮਾਰ ਕੇ ਤਿਆਰ ਕਰੋ। ਖੇਤ ਵਿੱਚ ਢੇਲੇ ਨਾ ਰਹਿਣ ਦਿਉ। ਖੇਤ ਭੁਰਭੁਰਾ ਹੋਵੇ ਤਾਂ ਕਿ ਬੀਜ ਦਾ ਪੁੰਗਾਰ ਠੀਕ ਹੋਵੇ।
ਬੀਜ ਦੀ ਮਾਤਰਾ: ੨੫ - ੩੦ ਕਿਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਵਰਤੋ।
ਬੀਜ ਨੂੰ ਟੀਕਾ ਲਾਉਣਾ: ਇੱਕ ਏਕੜ ਦੇ ਬੀਜ ਨੂੰ ਘੱਟ ਤੋਂ ਘੱਟ ਪਾਣੀ ਨਾਲ ਸਿੱਲ੍ਹਾ ਕਰਕੇ ਇਸ ਵਿੱਚ ਬਰੈਡੀਰਾਈਜ਼ੋਬੀਅਮ (ਐਲ ਐਸ ਬੀ ਆਰ ੩) ਦੇ ਇੱਕ ਪੈਕਟ ਨੂੰ ਚੰਗੀ ਤਰ੍ਹਾਂ ਰਲਾਓ ਅਤੇ ਇਸ ਨੂੰ ਛਾਂ ਵਿੱਚ ਸੁਕਾ ਕੇ ਤੁਰੰਤ ਬੀਜ ਦਿਉ। ਇਸ ਟੀਕੇ ਦੀ ਵਰਤੋਂ ਨਾਲ ੪ ਤੋਂ ੮% ਵੱਧ ਝਾੜ ਲਿਆ ਜਾ ਸਕਦਾ ਹੈ।
ਬੀਜ ਨੂੰ ਰੋਗ ਰਹਿਤ ਕਰਨਾ: ਬੀਜ ਨੂੰ ਰਸਾਇਣਾਂ ਨਾਲ ਸੋਧ ਕੇ ਬੀਜਣ ਨਾਲ ਜ਼ਮੀਨ ਵਿਚਲੀਆਂ ਬਿਮਾਰੀਆਂ ਨਹੀਂ ਲੱਗਦੀਆਂ । ਬੀਜ ਦੀ ਸੋਧ, ਬਿਜਾਈ ਤੋਂ ਪਹਿਲਾਂ ਕਿਸੇ ਸਮੇਂ ਵੀ ਕੀਤੀ ਜਾ ਸਕਦੀ ਹੈ। ਇੱਕ ਕਿਲੋ ਬੀਜ ਲਈ ੩ ਗ੍ਰਾਮ ਕੈਪਟਾਨ ਜਾਂ ਥੀਰਮ ਦਵਾਈ ਵਰਤੋ। ਜਦੋਂ ਸੋਇਆਬੀਨ ਪਹਿਲੀ ਵਾਰੀ ਖੇਤ ਵਿੱਚ ਬੀਜਣੀ ਹੋਵੇ ਤਾਂ ਬੀਜ ਨੂੰ ਟੀਕਾ ਲਾਉਣਾ ਚਾਹੀਦਾ ਹੈ।
ਬਿਜਾਈ ਦਾ ਸਮਾਂ ਤੇ ਢੰਗ: ਫ਼ਸਲ ਦੀ ਬਿਜਾਈ ਚੰਗੇ ਵੱਤਰ ਵਿੱਚ ਕਰੋ। ਇਸ ਲਈ ਜੇਕਰ ਵਰਖਾ ਨਾ ਹੋਵੇ ਤਾਂ ਪਹਿਲਾਂ ਰੌਣੀ ਕਰ ਲਉ। ਬਿਜਾਈ ਪਿੱਛੋਂ ਵਰਖਾ ਫ਼ਸਲ ਦੇ ਉੱਗਣ ਤੇ ਮਾੜਾ ਅਸਰ ਪਾਉਂਦੀ ਹੈ। ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਵਿੱਚ ਕਰੋ। ਬੀਜ ੨.੫ ਤੋਂ ੫ ਸੈਂਟੀਮੀਟਰ ਡੂੰਘਾ ਬੀਜੋ ਅਤੇ ਬੂਟਿਆਂ ਤੇ ਕਤਾਰਾਂ ਵਿੱਚ ਫ਼ਾਸਲਾ ਕ੍ਰਮਵਾਰ ੪ - ੫ ਸੈਂਟੀਮੀਟਰ ਅਤੇ ੪੫ ਸੈਂਟੀਮੀਟਰ ਰੱਖੋ।
ਬਿਨਾਂ ਵਹਾਈ ਬਿਜਾਈ: ਸੋਇਆਬੀਨ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਵਾਹ ਕੇ ਜਾਂ ਬਿਨਾਂ ਵਹਾਈ ਬੀਜੀ ਕਣਕ ਤੋਂ ਬਾਅਦ ਬੀਜੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿੱਚ ਨਦੀਨ ਜ਼ਿਆਦਾ ਹੋਣ ਉਥੇ ਅੱਧਾ ਲਿਟਰ ਗ੍ਰਾਮੈਕਸੋਨ ੨੦੦ ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕਣ ਨਾਲ ਬੀਜਣ ਤੋਂ ਪਹਿਲਾਂ ਉਨ੍ਹਾਂ ਦੀ ਰੋਕਥਾਮ ਕਰ ਸਕਦੇ ਹਾਂ।
ਬੈਡ ਉਤੇ ਸੋਇਆਬੀਨ ਦੀ ਬਿਜਾਈ: ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਉਤੇ ਸੋਇਆਬੀਨ ਦੀ ਬਿਜਾਈ ਕਣਕ ਲਈ ਵਰਤੇ ਜਾਂਦੇ ਬੈਡ ਪਲਾਂਟਰ ਨਾਲ ੬੭.੫ ਸੈ.ਮੀ. ਵਿੱਥ ਤੇ ਤਿਆਰ ਕੀਤੇ ਬੈਡਾਂ (੩੭.੫ ਸੈ.ਮੀ. ਬੈਡ ਤੇ ੩੦ ਸੈ.ਮੀ. ਖਾਲੀ) ਉੱਤੇ ਕੀਤੀ ਜਾ ਸਕਦੀ ਹੈ। ਸੋਇਆਬੀਨ ਦੀਆਂ ਦੋ ਕਤਾਰਾਂ ਪ੍ਰਤੀ ਬੈਡ ਬੀਜੋ। ਬਾਕੀ ਕਾਸ਼ਤਕਾਰੀ ਢੰਗ, ਬੀਜ, ਖਾਦ ਆਦਿ ਦੀ ਮਾਤਰਾ ਪਹਿਲਾਂ ਕੀਤੀ ਗਈ ਸਿਫ਼ਾਰਸ਼ ਮੁਤਾਬਿਕ ਵਰਤੋ। ਸਿੰਚਾਈ ਖਾਲੀਆਂ ਦੁਆਰਾ ਹੀ ਕੀਤੀ ਜਾਵੇ ਤਾਂ ਜੋ ਪਾਣੀ ਵੱਟਾਂ ਉੱਤੋਂ ਦੀ ਨਾ ਵਗੇ। ਅਜਿਹਾ ਕਰਨ ਨਾਲ ਫ਼ਸਲ ਨੂੰ ਖਾਸ ਕਰਕੇ ਉੱਗਣ ਸਮੇਂ ਨਾ ਸਿਰਫ਼ ਮੀਂਹ ਦੇ ਨੁਕਸਾਨ ਤੋਂ ਹੀ ਬਚਾਇਆ ਜਾ ਸਕਦਾ ਹੈ ਸਗੋਂ ਪੱਧਰੀ ਬਿਜਾਈ ਦੇ ਮੁਕਾਬਲੇ ਜ਼ਿਆਦਾ ਝਾੜ ਪ੍ਰਾਪਤ ਹੁੰਦਾ ਹੈ ਅਤੇ ੨੦ - ੩੦ ਪ੍ਰਤੀਸ਼ਤ ਪਾਣੀ ਦੀ ਬੱਚਤ ਵੀ ਹੁੰਦੀ ਹੈ। ਫ਼ਸਲ ਦੇ ਸਹੀ ਜਮਾਅ ਲਈ ਬਿਜਾਈ ਵੇਲੇ ਪੂਰਾ ਵੱਤਰ ਹੋਣਾ ਜ਼ਰੂਰੀ ਹੈ ਅਤੇ ਅਜਿਹਾ ਨਾ ਹੋਣ ਦੀ ਸਥਿਤੀ ਵਿੱਚ ਬਿਜਾਈ ਤੋਂ ੨ - ੩ ਦਿਨ ਬਾਅਦ ਖਾਲੀਆਂ ਵਿੱਚ ਪਾਣੀ ਲਾ ਦੇਣਾ ਚਾਹੀਦਾ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020