ਜੂਨ ਦੇ ਸ਼ੁਰੂ ਵਿੱਚ ਝੋਨੇ ਦੀ ਥੋੜ੍ਹੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ ਆਰ ੧੧੫ ਲਾਉ ਤਾਂ ਕਿ ਖੇਤ ਅੱਧ ਸਤੰਬਰ ਤੱਕ ਖਾਲੀ ਹੋ ਜਾਵੇ। ਆਲੂਆਂ ਦੀ ਕਿਸਮ ਚੰਦਰਮੁਖੀ ਜਾਂ ਅਲੰਕਾਰ ਨੂੰ ਸਤੰਬਰ ਦੇ ਤੀਜੇ ਹਫਤੇ ਵਿੱਚ ਬੀਜ ਕੇ ਦਸੰਬਰ ਅਖੀਰ ਵਿੱਚ ਪੁੱਟ ਲਉ। ਉਸ ਤੋਂ ਉਪਰੰਤ ਸੂਰਜਮੁਖੀ (ਥੋੜ੍ਹੇ ਅਰਸੇ ਵਾਲੀ ਕਿਸਮ) ਫ਼ਸਲ ਦੀ ਬਿਜਾਈ ਜਨਵਰੀ ਦੇ ਪਹਿਲੇ ਪੰਦਰਵਾੜੇ ਵਿੱਚ ਪੂਰਬ-ਪੱਛਮ ਦਿਸ਼ਾ ਵਿੱਚ ਵੱਟਾਂ ਪਾ ਕੇ ਦੱਖਣ ਵਾਲੇ ਪਾਸੇ ਕਰੋ। ਆਲੂਆਂ ਪਿਛੋਂ ਬੀਜੀ ਸੂਰਜਮੁਖੀ ਦੀ ਫ਼ਸਲ ਨੂੰ ੧੨ ਕਿਲੋ ਨਾਈਟ੍ਰੋਜਨ ਪਾਉਣ ਦੀ ਲੋੜ ਹੈ ਜੇ ਆਲੂਆਂ ਦੀ ਫ਼ਸਲ ਨੂੰ ਸਿਫ਼ਾਰਸ਼ ਕੀਤੀ ਐਨ.ਪੀ.ਕੇ ਅਤੇ ੨੦ ਟਨ ਰੂੜੀ ਦੀ ਖਾਦ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਈ ਹੋਵੇ। ਸੂਰਜਮੁਖੀ ਦੀ ਫ਼ਸਲ ਖੇਤ ਨੂੰ ਝੋਨੇ ਦੀ ਸਮੇਂ ਸਿਰ ਲੁਆਈ ਲਈ ਅੱਧ ਮਈ ਤੱਕ ਖਾਲੀ ਕਰ ਦਿੰਦੀ ਹੈ।
ਇਸ ਫ਼ਸਲ ਚੱਕਰ ਵਿੱਚ ਮੱਕੀ ਦੀ ਬਿਜਾਈ ਜੂਨ ਦੇ ਸ਼ੁਰੂ ਵਿੱਚ ਕਰਨ ਨਾਲ ਆਲੂਆਂ ਦੀ ਸਮੇਂ ਸਿਰ ਬਿਜਾਈ ਲਈ ਸਤੰਬਰ ਦੇ ਦੂਜੇ ਪੰਦਰਵਾੜੇ ਵਿੱਚ ਖੇਤ ਖਾਲੀ ਹੋ ਜਾਵੇਗਾ। ਆਲੂਆਂ ਦੀ ਫ਼ਸਲ ੧੨ ਹਫਤੇ ਪਿਛੋਂ ਦਸੰਬਰ ਦੇ ਅੰਤ ਤੱਕ ਪੁੱਟ ਲਵੋ। ਇਸ ਦੇ ਬਦਲੇ ਮੱਕੀ ਪਿਛੋਂ ਤੋਰੀਆ ਦੀ ਥੋੜ੍ਹੇ ਸਮੇਂ ਵਿੱਚ ਪੱਕਣ ਵਾਲੀ ਕਿਸਮ (ਟੀ ਐਲ-੧੫) ਬੀਜੀ ਜਾ ਸਕਦੀ ਹੈ। ਇਸ ਤੋਂ ਪਿਛੋਂ, ਜਨਵਰੀ ਦੇ ਪਹਿਲੇ ਪੰਦਰ੍ਹਵਾੜੇ ਵਿੱਚ ਪੂਰਬ-ਪੱਛਮ ਦਿਸ਼ਾ ਵਿੱਚ ਵੱਟਾਂ ਪਾ ਕੇ ਦੱਖਣ ਵਾਲੇ ਪਾਸੇ ਸੂਰਜਮੁਖੀ ਦੀ ਬਿਜਾਈ ਕਰੋ। ਆਲੂਆਂ ਪਿਛੋਂ ਬੀਜੀ ਸੂਰਜਮੁਖੀ ਦੀ ਫ਼ਸਲ ਨੂੰ ੧੨ ਕਿਲੋ ਨਾਈਟ੍ਰੋਜਨ ਪ੍ਰਤੀ ਏਕੜ ਪਾਓ, ਜੇਕਰ ਆਲੂਆਂ ਨੂੰ ੨੦ ਟਨ ਰੂੜੀ ਦੀ ਖਾਦ ਅਤੇ ਸਿਫ਼ਾਰਸ਼ ਕੀਤੀਆ ਰਸਾਇਣਕ ਖਾਦਾਂ ਪਾਈਆਂ ਗਈਆਂ ਹੋਣ। ਮੱਕੀ ਦੀ ਸਮੇਂ ਸਿਰ ਬਿਜਾਈ ਲਈ ਸੂਰਜਮੁਖੀ ਵਾਲਾ ਖੇਤ ਅੱਧ ਮਈ ਤੱਕ ਖਾਲੀ ਹੋ ਜਾਵੇਗਾ।
ਗਰਮ ਰੁੱਤ ਦੀ ਮੂੰਗਫਲੀ ਅਤੇ ਕਣਕ ਦੇ ਪ੍ਰਚਲਤ ਫ਼ਸਲੀ ਚੱਕਰ ਵਿੱਚ ਆਲੂ/ਤੋਰੀਆ/ਮਟਰ ਜਾਂ ਸਾਉਣੀ ਦੇ ਪਛੇਤੇ ਚਾਰੇ ਦੀ ਫ਼ਸਲ ਬੜੀ ਕਾਮਯਾਬੀ ਨਾਲ ਲਈ ਜਾ ਸਕਦੀ ਹੈ। ਮੂੰਗਫ਼ਲੀ ਦੀ ਕਿਸਮ ਐਸ ਜੀ ੮੪, ਐਸ ਜੀ ੯੯, ਐੱਮ ੫੨੨ ਨੂੰ ਅਖੀਰ ਅਪ੍ਰੈਲ ਜਾਂ ਸ਼ੁਰੂ ਮਈ ਵਿੱਚ ਕਣਕ ਤੋਂ ਪਿਛੋਂ ਬੀਜੋ। ਮੂੰਗਫ਼ਲੀ ਐਸ ਜੀ ੯੯ ਸ਼ੁਰੂ ਸਤੰਬਰ ਵਿੱਚ ਖੇਤ ਖਾਲੀ ਕਰ ਦਿੰਦੀ ਹੈ ਜਿਸ ਵਿੱਚ ਆਲੂਆਂ ਜਾਂ ਅਗੇਤੇ ਮਟਰ (ਅਗੇਤਾ ੬ ਜਾਂ ਅਰਕਲ) ਜਾਂ ਤੋਰੀਆ (ਟੀ ਐਲ ੧੫) ਜਾਂ ਪਛੇਤਾ ਮੱਕੀ ਦਾ ਚਾਰਾ ਸਤੰਬਰ ਦੇ ਦੂਸਰੇ ਪੰਦਰ੍ਹਵਾੜੇ ਵਿਚ ਬੀਜੋ। ਤੋਰੀਆ/ਮਟਰ/ਪਛੇਤਾ ਚਾਰਾ ਜਾਂ ਆਲੂ ਦਸੰਬਰ ਵਿੱਚ ਖੇਤ ਖਾਲੀ ਕਰ ਦਿੰਦੇ ਹਨ। ਇਸ ਤੋਂ ਪਿਛੋਂ ਪਛੇਤੀ ਕਣਕ ਦੀ ਕੋਈ ਕਿਸਮ ਬੀਜੀ ਜਾ ਸਕਦੀ ਹੈ। ਇਹ ਫ਼ਸਲੀ ਚੱਕਰ ਬਹੁਤ ਲਾਹੇਵੰਦ ਸਿੱਧ ਹੋਏ ਹਨ।
ਇਹ ਫ਼ਸਲੀ ਚੱਕਰ ਝੋਨੇ ਅਤੇ ਕਣਕ ਦੇ ਫ਼ਸਲੀ ਚੱਕਰ ਨਾਲੋਂ ਦੁਗਣੀ ਪੈਦਾਵਾਰ ਅਤੇ ਆਮਦਨ ਦਿੰਦਾ ਹੈ ਅਤੇ ਇਸ ਦੇ ਨਾਲ ਪਾਣੀ ਦੀ ਵੀ ਚੋਖੀ ਬੱਚਤ ਹੁੰਦੀ ਹੈ। ਇਸ ਫ਼ਸਲੀ ਚੱਕਰ ਨੂੰ ਅਪਨਾਉਣ ਵਾਸਤੇ ਮੱਕੀ (ਪਾਰਸ) ਦੀ ਬਿਜਾਈ ਅੱਧ ਜੂਨ ਤੱਕ ਕਰ ਦੇਣੀ ਚਾਹੀਦੀ ਹੈ। ਆਲੂ (ਕੁਫ਼ਰੀ ਚੰਦਰਮੁੱਖੀ) ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਵਿਚ ਅਤੇ ਪਿਆਜ਼ (ਪੰਜਾਬ ਨਰੋਆ) ਦੀ ਬਿਜਾਈ ੧੫ ਜਨਵਰੀ ਤੱਕ ਕਰ ਲੈਣੀ ਚਾਹੀਦੀ ਹੈ। ਇਹ ਫ਼ਸਲੀ ਚੱਕਰ ਅਪਨਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ (ਜੀਵਕ ਕਾਰਬਨ, ਨਾਈਟ੍ਰੋਜਨ, ਫ਼ਾਸਫੋਰਸ ਅਤੇ ਪੋਟਾਸ਼) ਵਿਚ ਬਹੁਤ ਸੁਧਾਰ ਹੋ ਜਾਂਦਾ ਹੈ।
ਇਹ ਫ਼ਸਲੀ ਚੱਕਰ ਮੈਰਾ ਰੇਤਲੀਆਂ ਜ਼ਮੀਨਾਂ ਵਾਸਤੇ ਬਹੁਤ ਢੁੱਕਵਾਂ ਹੈ ਅਤੇ ਝੋਨੇ-ਕਣਕ ਦੇ ਫ਼ਸਲੀ ਚੱਕਰ ਨਾਲੋਂ ੧੭ ਪ੍ਰਤੀਸ਼ਤ ਤੱਕ ਜ਼ਿਆਦਾ ਪੈਦਾਵਾਰ ਦਿੰਦਾ ਹੈ। ਇਸ ਦੇ ਨਾਲ-ਨਾਲ ਸਿੰਚਾਈ ਦੇ ਪਾਣੀ ਵਿਚ ਬਹੁਤ ਬੱਚਤ ਹੁੰਦੀ ਹੈ ਜਿਹੜੀ ਕਿ ਝੋਨੇ-ਕਣਕ ਦੇ ਫ਼ਸਲੀ ਚੱਕਰ ਨਾਲੋਂ ਅੱਧੀ ਹੁੰਦੀ ਹੈ। ਇਸ ਫ਼ਸਲੀ ਚੱਕਰ ਵਿਚ ਮੂੰਗਫ਼ਲੀ (ਐੱਮ ੫੨੨, ਐਸ ਜੀ ੯੯) ਦੀ ਬਿਜਾਈ ਮਈ ਦੇ ਪਹਿਲੇ ਹਫ਼ਤੇ ਵਿਚ ਕਰਨੀ ਚਾਹੀਦੀ ਹੈ। ਆਲੂਆਂ ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਅਤੇ ਚਾਰੇ ਵਾਲੇ ਬਾਜਰੇ ਦੀ ਬਿਜਾਈ ਮਾਰਚ ਦੇ ਪਹਿਲੇ ਪੰਦਰ੍ਹਵਾੜੇ ਵਿਚ ਪੂਰੀ ਕਰ ਲੈਣੀ ਚਾਹੀਦੀ ਹੈ।
ਇਹ ਫ਼ਸਲੀ ਚੱਕਰ ਬਾਸਮਤੀ-ਕਣਕ ਨਾਲੋਂ ਜ਼ਿਆਦਾ ਪੈਦਾਵਾਰ ਅਤੇ ਵਧੇਰੇ ਆਮਦਨ ਦਿੰਦਾ ਹੈ। ਇਸ ਫ਼ਸਲੀ ਚੱਕਰ ਵਿਚ ਬਾਸਮਤੀ ਦੀ ਪਨੀਰੀ ਅੱਧ ਜੁਲਾਈ ਵਿਚ ਲਗਾਓ। ਫ਼ਸਲ ਅੱਧ ਨਵੰਬਰ ਵਿਚ ਖੇਤ ਖਾਲੀ ਕਰ ਦੇਵੇਗੀ। ਇਸ ਉਪਰੰਤ ਦਸੰਬਰ ਮਹੀਨੇ ਵਿਚ ਕਰਨੌਲੀ ਬੀਜੋ, ਜੋ ਮਈ ਦੇ ਪਹਿਲੇ ਪੰਦਰ੍ਹਵਾੜੇ ਵਿਚ ਪੱਕ ਜਾਂਦੀ ਹੈ। ਇਸ ਤੋਂ ਬਾਅਦ ਬਾਜਰੇ ਦੀ ਚਾਰੇ ਲਈ ਭਰਪੂਰ ਫ਼ਸਲ ਲਈ ਜਾ ਸਕਦੀ ਹੈ।
ਇਸ ਫ਼ਸਲ ਚੱਕਰ ਤੋਂ ਪ੍ਰਚਲਿਤ ਬਾਸਮਤੀ-ਕਣਕ ਨਾਲੋਂ ਵੱਧ ਝਾੜ ਅਤੇ ਜ਼ਿਆਦਾ ਆਮਦਨ ਮਿਲਦੀ ਹੈ। ਇਸ ਫ਼ਸਲੀ ਚੱਕਰ ਵਿਚ ਬਾਸਮਤੀ ਦੀ ਪਨੀਰੀ ਅੱਧ ਜੁਲਾਈ ਵਿਚ ਲਗਾਉ ਤੇ ਫ਼ਸਲ ਅੱਧ ਨਵੰਬਰ ਵਿਚ ਖੇਤ ਖਾਲੀ ਕਰ ਦੇਵੇਗੀ। ਬਾਸਮਤੀ ਕੱਟਣ ਉਪਰੰਤ ਬਰਸੀਮ ਨੂੰ ਬੀਜ ਲਈ ਅਖ਼ੀਰ ਨਵੰਬਰ ਵਿਚ ਬੀਜੋ। ਇਸ ਤੋਂ ਚਾਰੇ ਲਈ ਤਿੰਨ ਕਟਾਈਆਂ ਲੈਣ ਉਪਰੰਤ ਫ਼ਸਲ ਨੂੰ ਬੀਜ ਲਈ ਛੱਡੋ। ਇਸ ਫ਼ਸਲ ਤੋਂ ਚੰਗਾ ਝਾੜ ਲਿਆ ਜਾ ਸਕਦਾ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020