ਘਣੀ ਖੇਤੀ, ਫ਼ਸਲਾਂ ਦੀਆਂ ਜ਼ਿਆਦਾ ਝਾੜ ਦੇਣ ਵਾਲੀਆਂ ਕਿਸਮਾਂ ਦੀ ਕਾਸ਼ਤ ਅਤੇ ਸੂਖਮ ਤੱਤਾਂ ਦੀ ਮਿਲਾਵਟ ਰਹਿਤ ਰਸਾਇਣਕ ਖਾਦਾਂ ਦੀ ਲੰਮੇ ਸਮੇਂ ਤੋਂ ਵਰਤੋਂ ਨਾਲ ਪੰਜਾਬ ਦੀਆਂ ਜ਼ਮੀਨਾਂ ਵਿੱਚ ਸੂਖਮ ਤੱਤਾਂ, ਖਾਸ ਕਰਕੇ ਜ਼ਿੰਕ, ਲੋਹਾ ਅਤੇ ਮੈਂਗਨੀਜ਼ ਦੀ ਘਾਟ ਵਧ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮਿੱਟੀ ਪਰਖ ਦੇ ਆਧਾਰ ਤੇ ਸੂਖਮ ਤੱਤਾਂ ਦੀਆਂ ਖਾਦਾਂ ਦੀ ਵੀ ਸਿਫ਼ਾਰਸ਼ ਕਰਦੀ ਹੈ। ਜੇ ਮਿੱਟੀ ਵਿੱਚ ਕੋਈ ਸੂਖਮ ਤੱਤ ਇੱਕ ਖਾਸ ਮਾਤਰਾ ਤੋਂ ਘੱਟ ਹੋਵੇ ਤਾਂ ਫ਼ਸਲ ਵਿੱਚ ਉਸ ਦੀ ਘਾਟ ਆਉਣ ਦੀ ਸੰਭਾਵਨਾ ਹੁੰਦੀ ਹੈ। ਜ਼ਿੰਕ ਦੀ ਘਾਟ ਵਾਲੀ ਜ਼ਮੀਨ (ਉਪਲਬਧ ਜ਼ਿੰਕ ੦.੬ ਕਿਲੋ/ਏਕੜ ਤੋਂ ਘੱਟ) ਵਿੱਚ ਝੋਨੇ ਅਤੇ ਮੂੰਗਫ਼ਲੀ ਦੀਆਂ ਫ਼ਸਲਾਂ ਲਈ ੨੫ ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ ਜਾਂ ੧੬ ਕਿਲੋ ਜ਼ਿੰਕ ਸਲਫੇਟ ਮੋਨੋਹਾਈਡਰੇਟ ਪ੍ਰਤੀ ਏਕੜ ਪਾਉਣਾ ਚਾਹੀਦਾ ਹੈ। ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਵਾਸਤੇ ਜ਼ਿੰਕ ਦੀ ਘਾਟ ਵਾਲੀ ਜ਼ਮੀਨ ਵਿੱਚ ੧੦ ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ ਜਾਂ ੬.੫ ਕਿਲੋ ਜ਼ਿੰਕ ਸਲਫੇਟ ਮੌਨੋਹਾਈਡਰੇਟ ਪ੍ਰਤੀ ਏਕੜ ਪਾਉਣਾ ਚਾਹੀਦਾ ਹੈ। ਜੇਕਰ ਮੱਕੀ ਦੀ ਫ਼ਸਲ ਵਿੱਚ ਜ਼ਿੰਕ ਦੀ ਘਾਟ ਦੇ ਨਿਸ਼ਾਨ ਉਸ ਵੇਲੇ ਨਜ਼ਰ ਆਉਣ ਜਦੋਂ ਗੋਡੀ ਕਰਨੀ ਸੰਭਵ ਨਾ ਹੋਵੇ ਤਾਂ ਫ਼ਸਲ ਤੇ ਜ਼ਿੰਕ ਸਲਫ਼ੇਟ ਦੇ ਘੋਲ (ਜਿਹੜਾ ੧੨੦੦ ਗ੍ਰਾਮ ਜ਼ਿੰਕ ਸਲਫ਼ੇਟ ਹੈਪਟਾਹਾਈਡਰੇਟ ਅਤੇ ੬੦੦ ਗ੍ਰਾਮ ਅਣਬੁਝਿਆ ਚੂਨਾ ੨੦੦ ਲਿਟਰ ਪਾਣੀ ਜਾਂ ੭੫੦ ਗ੍ਰਾਮ ਜ਼ਿੰਕ ਸਲਫੇਟ ਮੌਨੋਹਾਈਡਰੇਟ ਅਤੇ ੩੭੫ ਗ੍ਰਾਮ ਅਣਬੁਝਿਆ ਚੂਨਾ ੨੦੦ ਲਿਟਰ ਪਾਣੀ ਵਿੱਚ ਘੋਲ ਕੇ ਬਣਾਇਆ ਜਾ ਸਕਦਾ ਹੈ) ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਕਿਉਂਕਿ ਸਾਉਣੀ ਦੀਆਂ ਫ਼ਸਲਾਂ ਖਾਸ ਕਰਕੇ ਝੋਨਾ ਅਤੇ ਮੱਕੀ ਜ਼ਿੰਕ ਦੀ ਘਾਟ ਨੂੰ ਜ਼ਿਆਦਾ ਮੰਨਦੀਆਂ ਹਨ ਇਸ ਕਰਕੇ ਫ਼ਸਲੀ ਚੱਕਰ ਵਿੱਚ ਜ਼ਿਆਦਾ ਮੁਨਾਫ਼ਾ ਲੈਣ ਲਈ ਜ਼ਿੰਕ ਸਲਫੇਟ ਦੀ ਵਰਤੋਂ ਸਾਉਣੀ ਦੀ ਫ਼ਸਲ ਵਿੱਚ ਹੀ ਕਰਨੀ ਚਾਹੀਦੀ ਹੈ।
ਲੋਹੇ ਦੀ ਘਾਟ ਆਮ ਤੌਰ ਤੇ ਰੇਤਲੀਆਂ ਜ਼ਮੀਨਾਂ ਵਿੱਚ ਲਾਏ ਗਏ ਝੋਨੇ ਵਿੱਚ ਅਤੇ ਜ਼ਿਆਦਾ ਖਾਰੀ ਅੰਗ ਵਾਲੀ ਜ਼ਮੀਨ ਵਿੱਚ ਕਮਾਦ ਦੀ ਫ਼ਸਲ ਤੇ ਆਉਂਦੀ ਹੈ। ਇਸ ਦੀ ਪੂਰਤੀ ਲਈ ਘਾਟ ਦੇ ਚਿੰਨ ਨਜ਼ਰ ਆਉਂਦਿਆਂ ਹੀ ਫ਼ਸਲ ਤੇ ਫੈਰਿਸ ਸਲਫੇਟ ਦੇ ੧.੦ ਪ੍ਰਤੀਸ਼ਤ ਘੋਲ ਦੇ ਛਿੜਕਾ ਸ਼ੁਰੂ ਕਰਨੇ ਚਾਹੀਦੇ ਹਨ। ਆਮ ਤੌਰ ਤੇ ਹਫ਼ਤੇ ਹਫ਼ਤੇ ਦੇ ਵਕਫ਼ੇ ਤੇ ਕੀਤੇ ਦੋ ਤੋਂ ਤਿੰਨ ਛਿੜਕਾ ਕਾਫੀ ਹੁੰਦੇ ਹਨ। ਜੇ ਝੋਨਾ ਲਗਾਉਣ ਤੋਂ ਪਹਿਲਾਂ ਖੇਤ ਵਿੱਚ ਜੰਤਰ ਦੀ ਹਰੀ ਖਾਦ ਵਾਹ ਦਿੱਤੀ ਜਾਵੇ ਤਾਂ ਵੀ ਲੋਹੇ ਦੀ ਘਾਟ ਤੇ ਕਾਬੂ ਪਾਇਆ ਜਾ ਸਕਦਾ ਹੈ।
ਕਾਲੇ ਕੱਲਰ ਵਾਲੀਆਂ ਜਾਂ ਖਾਰੀਆਂ (ਖਾਰੀ ਅੰਗ ੯.੩ ਤੋਂ ਵੱਧ): ਇਨ੍ਹਾਂ ਜ਼ਮੀਨਾਂ ਨੂੰ ਸੁਧਾਰਨ ਵਾਸਤੇ ਇਨ੍ਹਾਂ ਵਿੱਚ ਮਿੱਟੀ ਪਰਖ ਦੇ ਆਧਾਰ ਤੇ ਸਿਫ਼ਾਰਸ਼ ਕੀਤੀ ਜਿਪਸਮ ਦੀ ਮਾਤਰਾ ਪਾਉਣੀ ਚਾਹੀਦੀ ਹੈ। ਇਨ੍ਹਾਂ ਜ਼ਮੀਨਾਂ ਵਿੱਚ ਆਮ ਜ਼ਮੀਨਾਂ ਨਾਲੋਂ ਨਾਈਟ੍ਰੋਜਨ ਖਾਦ ਦੀ ੨੫ ਪ੍ਰਤੀਸ਼ਤ ਵੱਧ ਮਾਤਰਾ ਪਾਉਣੀ ਚਾਹੀਦੀ ਹੈ ਕਿਉਂਕਿ ਕਾਲੇ ਕੱਲਰ ਵਾਲੀਆਂ ਜ਼ਮੀਨਾਂ ਵਿੱਚ ਬੀਜੀਆਂ ਫ਼ਸਲਾਂ ਵਿੱਚ ਆਮ ਤੌਰ ਤੇ ਜ਼ਿੰਕ ਦੀ ਘਾਟ ਆ ਜਾਂਦੀ ਹੈ। ਇਸ ਕਰਕੇ ਇਨ੍ਹਾਂ ਵਿੱਚ ਜ਼ਿੰਕ ਸਲਫੇਟ ਦੀ ਵੀ ਆਮ ਜ਼ਮੀਨਾਂ ਨਾਲੋਂ ਵੱਧ ਮਾਤਰਾ ਪਾਉਣ ਦੀ ਲੋੜ ਪੈਂਦੀ ਹੈ।
ਇਨ੍ਹਾਂ ਜ਼ਮੀਨਾਂ ਵਿੱਚ ਫ਼ਸਲਾਂ ਤੋਂ ਪੂਰਾ ਝਾੜ ਲੈਣ ਵਾਸਤੇ ਫਸਲ ਦੀ ਚੋਣ, ਪਾਣੀ ਦੀ ਸੁਚੱਜੀ ਵਰਤੋਂ ਅਤੇ ਬਿਜਾਈ ਤੋਂ ਪਹਿਲਾਂ ਖੇਤ ਦੀ ਤਿਆਰੀ ਕਰਨ ਵੇਲੇ ਖਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਇਨ੍ਹਾਂ ਜ਼ਮੀਨਾਂ ਵਿੱਚ ਵੀ ਆਮ ਜ਼ਮੀਨਾਂ ਨਾਲੋਂ ੨੫ ਪ੍ਰਤੀਸ਼ਤ ਜ਼ਿਆਦਾ ਨਾਈਟ੍ਰੋਜਨ ਖਾਦ ਦੀ ਲੋੜ ਹੁੰਦੀ ਹੈ ਅਤੇ ਇਨ੍ਹਾਂ ਵਿੱਚ ਜੈਵਿਕ ਖਾਦਾਂ/ ਹਰੀਆਂ ਖਾਦਾਂ/ਫ਼ਸਲਾਂ ਦੀ ਰਹਿੰਦ-ਖੂੰਹਦ ਆਦਿ ਪਾਉਣਾ ਲਾਭਦਾਇਕ ਸਿੱਧ ਹੁੰਦਾ ਹੈ। ਜ਼ਮੀਨ ਵਿੱਚ ਕਾਸ਼ਤ ਕੀਤੀਆਂ ਫ਼ਸਲਾਂ ਤੋਂ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦਾ ਸੁਨਹਿਰੀ ਅਸੂਲ ਇਹ ਹੈ ਕਿ ਖਾਦਾਂ ਸਭ ਤੋਂ ਪਹਿਲਾਂ ਉਨ੍ਹਾਂ ਖੇਤਾਂ ਵਿੱਚ ਪਾਉ ਜਿੱਥੇ ਤੱਤਾਂ ਦੀ ਘਾਟ ਬਹੁਤ ਜ਼ਿਆਦਾ ਹੋਵੇ ਅਤੇ ਉਸ ਤੋਂ ਬਾਅਦ ਦਰਮਿਆਨੀਆਂ ਜ਼ਮੀਨਾਂ ਵਿੱਚ। ਇਸ ਤੋਂ ਇਲਾਵਾ ਜਿੱਥੇ ਤੱਤਾਂ ਦੀ ਮਾਤਰਾ ਵੱਧ ਹੋਵੇ ਉਨ੍ਹਾਂ ਜ਼ਮੀਨਾਂ ਵਿੱਚ ਖਾਦਾਂ ਦੀ ਵਰਤੋਂ ੨੫ ਪ੍ਰਤੀਸ਼ਤ ਘਟਾ ਦਿਉ।
ਫ਼ਸਲਾਂ ਵਿੱਚ ਖਾਦਾਂ ਦੀ ਜਰੂਰਤ ਵਾਸਤੇ: ਜ਼ਮੀਨ ਦੀ ਉਪਰਲੀ ਤਹਿ 'ਤੋਂ ਘਾਹ-ਫੂਸ ਪਰੇ ਕਰ ਦਿਓ ਪਰ ਮਿੱਟੀ ਬਿਲਕੁਲ ਨਾ ਖ਼ੁਰਚੋ। ਕਹੀ ਜਾਂ ਖ਼ੁਰਪੇ ਨਾਲ ਅੰਗਰੇਜ਼ੀ ਦੇ ਅੱਖਰ 'ੜ' ਦੀ ਸ਼ਕਲ ਦਾ ੬ ਇੰਚ ਡੂੰਘਾ ਟੋਆ ਪੁੱਟੋ। ਇਸ ਦੇ ਇਕ ਪਾਸਿਓਂ ਇਕ ਇੰਚ ਮਿੱਟੀ ਦੀ ਤਹਿ ਉਪਰੋਂ-ਥੱਲੇ ਇਕਸਾਰ ਕੱਟੋ। ਇਸ ਤਰ੍ਹਾਂ ਦੇ ੭-੮ ਥਾਵਾਂ ਤੋਂ ਹੋਰ ਮਿੱਟੀ ਦੇ ਨਮੂਨੇ ਲਓ। ਸਾਰੇ ਨਮੂਨਿਆਂ ਨੂੰ ਕਿਸੇ ਸਾਫ਼ ਬਰਤਨ ਜਾਂ ਕੱਪੜੇ ਤੇ ਪਾ ਕੇ ਚੰਗੀ ਤਰ੍ਹਾਂ ਮਿਲਾ ਲਓ। ਇਸ ਵਿਚੋਂ ਅੱਧਾ ਕਿਲੋ ਮਿੱਟੀ ਲੈ ਲਓ ਅਤੇ ਕੱਪੜੇ ਦੀ ਥੈਲੀ ਵਿੱਚ ਪਾ ਲਓ।
ਖ਼ੇਤ ਨੰਬਰ, ਕਿਸਾਨ ਦਾ ਨਾਮ, ਪਤਾ, ਨਮੂਨਾ ਲੈਣ ਦੀ ਤਰੀਕ ਆਦਿ। ਮਿੱਟੀ ਦੇ ਨਮੂਨੇ ਫ਼ਸਲ ਕੱਟਣ ਤੋਂ ਬਾਅਦ ਲੈਣੇ ਚਾਹੀਦੇ ਹਨ । ਜਿਸ ਜ਼ਮੀਨ ਦੀ ਕਿਸਮ ਅਤੇ ਉਪਜਾਊ ਸ਼ਕਤੀ ਵੱਖ ਹੋਵੇ, ਉਸ ਵਿਚੋਂ ਅਲੱਗ ਨਮੂਨਾ ਭਰਨਾ ਚਾਹੀਦਾ ਹੈ।
ਜ਼ਮੀਨ ਵਿੱਚ ੩ ਫੁੱਟ ਡੂੰਘਾ ਟੋਆ ਪੁੱਟੋ ਜਿਸ ਦਾ ਇਕ ਪਾਸਾ ਸਿੱਧਾ ਅਤੇ ਦੂਜਾ ਤਿਰਛਾ ਹੋਵੇ। ਇਸ ਟੋਏ ਦੇ ਸਿੱਧੇ ਪਾਸੇ ਤੋਂ ਖ਼ੁਰਪੇ ਨਾਲ ੦-੬, ੬-੧੨, ੧੨-੨੪ ਅਤੇ ੨੪-੩੬ ਇੰਚ ਦੀ ਡੂੰਘਾਈ ਤੋਂ ਇਕ ਇੰਚ ਮੋਟੀ ਮਿੱਟੀ ਦੀ ਤਹਿ ਉਪਰੋਂ ਥੱਲੇ ਅਲੱਗ-ਅਲੱਗ ਕੱਟੋ। ਹਰ ਡੂੰਘਾਈ ਦੇ ਨਮੂਨੇ ਨੂੰ ਕੱਪੜੇ ਦੀ ਸਾਫ਼ ਥੈਲੀ ਵਿੱਚ ਪਾਓ ਅਤੇ ਇਸ ਉਪਰ ਜਾਣਕਾਰੀ ਦਿਓ: ਖੇਤ ਨੰਬਰ, ਨਮੂਨੇ ਦੀ ਡੂੰਘਾਈ, ਕਿਸਾਨ ਦਾ ਨਾਮ, ਪਤਾ, ਨਮੂਨਾ ਲੈਣ ਦੀ ਤਰੀਕ ਆਦਿ। ਹਰ ਨਮੂਨੇ ਲਈ ਅਲੱਗ-ਅਲੱਗ ਡੂੰਘਾਈ ਤੋਂ ਅੱਧਾ ਕਿਲੋ ਮਿੱਟੀ ਲਓ।
ਖੇਤ ਦੇ ਵਿਚਾਲੇ ੬ ਫੁੱਟ ਡੂੰਘਾ ਟੋਆ ਪੁੱਟੋ ਜਿਸ ਦਾ ਇਕ ਪਾਸਾ ਸਿੱਧਾ ਅਤੇ ਦੂਜਾ ਤਿਰਛਾ ਹੋਵੇ। ਇਸ ਟੋਏ ਦੇ ਸਿੱਧੇ ਪਾਸੇ ਤੋਂ ਖੁਰਪੇ ਨਾਲ ੦-੬, ੬-੧੨, ੧੨-੨੪, ੨੪-੩੬, ੩੬-੪੮, ੪੮- ੬੦ ਅਤੇ ੬੦-੭੨ ਇੰਚ ਦੀ ਡੂੰਘਾਈ ਤੋਂ ਇਕ ਇੰਚ ਮੋਟੀ ਮਿੱਟੀ ਦੀ ਤਹਿ ਇਕਸਾਰ ਉਤਾਰੋ। ਹਰ ਨਮੂਨੇ ਲਈ ਅਲੱਗ-ਅਲੱਗ ਡੂੰਘਾਈ ਤੋਂ ਅੱਧਾ ਕਿਲੋ ਮਿੱਟੀ ਲਓ। ਜੇ ਕਿਤੇ ਰੋੜਾਂ ਦੀ ਤਹਿ ਹੋਵੇ ਤਾਂ ਉਸ ਦਾ ਨਮੂਨਾ ਅਲੱਗ ਲੈ ਕੇ ਵੱਖਰੀ ਥੈਲੀ ਵਿੱਚ ਪਾ ਲਓ। ਇਸ ਬਾਰੇ ਜਾਣਕਾਰੀ ਵੀ ਲਿਖੋ ਜਿਵੇਂ ਕਿ ਰੋੜਾਂ ਵਾਲੀ ਤਹਿ ਦੀ ਡੂੰਘਾਈ ਅਤੇ ਮੋਟਾਈ। ਬਾਕੀ ਜਾਣਕਾਰੀ, ਜਿਵੇਂ ਕੱਲਰ ਸੁਧਾਰ ਵਾਸਤੇ ਥੈਲੀਆਂ ਤੇ ਦਿੱਤੀ ਹੈ, ਉਸੇ ਤਰ੍ਹਾਂ ਦਿਓ। ਜੇ ਮਿੱਟੀ ਗਿੱਲੀ ਹੋਵੇ ਤਾਂ ਥੈਲੀਆਂ ਵਿੱਚ ਪਾਉਣ ਤੋਂ ਪਹਿਲਾਂ ਉਸ ਨੂੰ ਛਾਂ ਵਿੱਚ ਸੁਕਾ ਲਓ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/16/2020