ਮੱਕੀ ਦੀ ਛੱਲੀ ਜਿਸ ਨੇ ਅਜੇ ਸੂਤ ਕੱਤਣਾ ਸ਼ੁਰੂ ਹੀ ਕੀਤਾ ਹੋਵੇ, ਪਰ ਅਜੇ ਦਾਣੇ ਬਣਨ ਦੀ ਕਿਰਿਆ ਸ਼ੁਰੂ ਨਾ ਹੋਈ ਹੋਵੇ, ਨੂੰ ਤੋੜ ਕੇ ਬੇਬੀ ਕੌਰਨ ਦੇ ਤੌਰ ਤੇ ਵਰਤਿਆ ਜਾ ਸਕਦਾ ਹੈ। ਬੇਬੀ ਕੌਰਨ ਨੂੰ ਸਲਾਦ, ਪਕੌੜੇ, ਆਚਾਰ ਅਤੇ ਸੂਪ ਆਦਿ ਤਿਆਰ ਕਰਨ ਵਾਸਤੇ ਵਰਤਿਆ ਜਾ ਸਕਦਾ ਹੈ। ਇਸ ਦੀ ਵੱਡੇ ਹੋਟਲਾਂ ਅਤੇ ਜਹਾਜ਼ ਕੰਪਨੀਆਂ ਵਿੱਚ ਬਹੁਤ ਮੰਗ ਹੈ। ਪੱਛਮੀ ਦੇਸ਼ਾਂ ਵਿੱਚ ਲੋਕ ਇਸ ਨੂੰ ਕਾਫ਼ੀ ਪਸੰਦ ਕਰਦੇ ਹਨ। ਇਹ ਫ਼ਸਲ ਕੋਈ ੬੦ ਦਿਨਾਂ ਵਿੱਚ ਖਤਮ ਹੋ ਜਾਂਦੀ ਹੈ ਅਤੇ ਬਾਕੀ ਦੇ ਟਾਂਡੇ ਨੂੰ ਪਸ਼ੂਆਂ ਦੇ ਹਰੇ ਚਾਰੇ ਵਜੋਂ ਵਰਤਿਆ ਜਾ ਸਕਦਾ ਹੈ।
ਮੱਕੀ ਦਾ ਹਾਈਬ੍ਰਿਡ 'ਪ੍ਰਕਾਸ਼' ਅਤੇ 'ਕੰਪੋਜ਼ਿਟ ਕੇਸਰੀ' ਬੇਬੀ ਕੌਰਨ ਵਾਸਤੇ ਢੁਕਵੀਆਂ ਕਿਸਮਾਂ ਹਨ। ਪ੍ਰਕਾਸ਼ ਦਾ ਔਸਤਨ ੭.੦ ਕੁਇੰਟਲ ਅਤੇ ਕੇਸਰੀ ਦਾ ਝਾੜ ੫.੭ ਕੁਇੰਟਲ ਪ੍ਰਤੀ ਏਕੜ ਹੈ। ਪ੍ਰਕਾਸ਼ ਕਿਸਮ ਤੋਂ ਇਕਸਾਰ ਅਤੇ ਜ਼ਿਆਦਾ ਵਧੀਆ ਕੁਆਲਿਟੀ ਦੀ ਬੇਬੀ ਕੌਰਨ ਪ੍ਰਾਪਤ ਹੁੰਦੀ ਹੈ। ਫ਼ਸਲ ਦੀ ਬਿਜਾਈ ਅਪ੍ਰੈਲ ਮਹੀਨੇ ਤੋਂ ਲੈ ਕੇ ਅਗਸਤ ਤੱਕ ਕੀਤੀ ਜਾ ਸਕਦੀ ਹੈ। ਇੱਕ ਖੇਤ ਵਿੱਚੋਂ ੨ ਜਾਂ ਜ਼ਿਆਦਾ ਫ਼ਸਲਾ ਲਈਆਂ ਜਾ ਸਕਦੀਆਂ ਹਨ। ਫ਼ਸਲ ਸਮੇਂ ਦੀ ਥੋੜ੍ਹੀ-ਥੋੜ੍ਹੀ ਵਿੱਥ ਤੇ ਬੀਜਣੀ ਚਾਹੀਦੀ ਹੈ ਤਾ ਕਿ ਲੋੜ ਪੈਣ ਤੇ ਮੰਗ ਪੂਰੀ ਹੋ ਜਾਵੇ। ਬਿਜਾਈ ਵਾਸਤੇ ਲਾਈਨਾਂ ਵਿੱਚ ੩੦ ਸੈਂਟੀਮੀਟਰ ਅਤੇ ਬੂਟਿਆਂ ਵਿੱਚ ੨੦ ਸੈਂਟੀਮੀਟਰ ਦਾ ਫ਼ਾਸਲਾ ਹੋਣਾ ਚਾਹੀਦਾ ਹੈ। ਬੀਜ ਦੀ ਮਾਤਰਾ ੧੬ ਕਿਲੋਗ੍ਰਾਮ ਪ੍ਰਤੀ ਏਕੜ ਵਰਤੋ। ੨੪ ਕਿਲੋਗ੍ਰਾਮ ਨਾਈਟ੍ਰੋਜਨ (੫੨ ਕਿਲੋ ਯੂਰੀਆ) ਤੱਤ ਨੂੰ ਦੋ ਬਰਾਬਰ ਕਿਸ਼ਤਾਂ ਵਿੱਚ ਬਿਜਾਈ ਵੇਲੇ ਅਤੇ ਫਿਰ ਜਦੋਂ ਮੱਕੀ ਦੀ ਫ਼ਸਲ ਗੋਡੇ-ਗੋਡੇ ਹੋ ਜਾਵੇ, ਪਾਉ। ਸੂਤ ਨਿਕਲਣ ਸਾਰ ਹੀ ਤੁੜਾਈ ਕਰ ਲਵੋ ਕਿਉਂਕਿ ਪਿਛੇਤ ਕਰਨ ਨਾਲ ਕੁਆਲਿਟੀ ਘੱਟ ਜਾਂਦੀ ਹੈ। ਇੱਕ ਬੂਟੇ ਤੋਂ ੨ ਜਾਂ ੩ ਵਾਰ ਹੀ ਬੇਬੀ ਕੌਰਨ ਲੈਣੀ ਚਾਹੀਦੀ ਹੈ ਕਿਉਂਕਿ ਇਸ ਦੇ ਬਾਅਦ ਕੁਆਲਿਟੀ ਵਧੀਆ ਨਹੀਂ ਰਹਿੰਦੀ। ਜੇਕਰ ਬਾਬੂ ਝੰਡੇ ਨੂੰ ਬੂਟੇ ਤੋਂ ਨਿਕਲਣ ਵੇਲੇ ਹੀ ਤੋੜ ਲਿਆ ਜਾਵੇ ਤਾਂ ਬੇਬੀ ਕੌਰਨ ਦਾ ਝਾੜ ਅਤੇ ਕੁਆਲਿਟੀ ਹੋਰ ਵੀ ਚੰਗੀ ਹੁੰਦੀ ਹੈ। ਮੰਡੀ ਵਿੱਚ ਵੇਚਣ ਵੇਲੇ ਛੱਲੀ ਉੱਤੇ ਪਰਦੇ ਦੀ ਇੱਕ ਤਹਿ ਰਹਿਣ ਦੇਣੀ ਚਾਹੀਦੀ ਹੈ। ਫ਼ਸਲ ਵਾਸਤੇ ਬਾਕੀ ਦੀਆਂ ਸਿਫ਼ਾਰਸ਼ਾਂ ਜਿਵੇਂ ਕਿ ਖੇਤ ਦੀ ਤਿਆਰੀ, ਨਦੀਨਾਂ ਦੀ ਰੋਕਥਾਮ, ਖਾਦਾਂ ਦੀ ਸਹੀ ਵਰਤੋਂ ਆਦਿ ਮੱਕੀ ਦੀ ਦਾਣਿਆਂ ਵਾਲੀ ਫ਼ਸਲ ਵਾਲੀਆਂ ਹੀ ਹਨ।
ਖ਼ਾਲਸ ਬੀਜ ਪੈਦਾ ਕਰਨਾ: ਦੋਗਲੀਆਂ ਕਿਸਮਾਂ ਦਾ ਸਰਟੀਫ਼ਾਈਡ ਬੀਜ ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਲਉ। ਜੇਕਰ ਦੋਗਲੀ ਕਿਸਮ ਦੀ ਉਪਜ ਨੂੰ ਬੀਜ ਦੇ ਤੌਰ ਤੇ ਬੀਜਿਆ ਜਾਵੇ ਤਾਂ ਇਸ ਦਾ ੧੫ - ੨੦ ਪ੍ਰਤੀਸ਼ਤ ਝਾੜ ਘੱਟ ਜਾਂਦਾ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020