ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਮੱਕੀ / ਜ਼ਿੰਕ ਦੀ ਘਾਟ , ਮੱਕੀ ਦੀ ਕਟਾਈ ਅਤੇ ਛੜਾਈ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਜ਼ਿੰਕ ਦੀ ਘਾਟ , ਮੱਕੀ ਦੀ ਕਟਾਈ ਅਤੇ ਛੜਾਈ

ਇਹ ਹਿੱਸਾ ਜ਼ਿੰਕ ਦੀ ਘਾਟ , ਮੱਕੀ ਦੀ ਕਟਾਈ ਅਤੇ ਛੜਾਈ ਬਾਰੇ ਜਾਣਕਾਰੀ।

ਜ਼ਿੰਕ ਦੀ ਘਾਟ

ਬਹੁਤਾ ਝਾੜ ਦੇਣ ਵਾਲੀਆਂ ਕਿਸਮਾਂ ਬੀਜਣ ਵਾਲੇ ਇਲਾਕਿਆਂ ਵਿੱਚ ਜ਼ਿੰਕ ਦੀ ਘਾਟ ਆਮ ਹੈ। ਮੱਕੀ ਦੇ ਉੱਗਣ ਤੋਂ ਦੋ ਹਫ਼ਤਿਆਂ ਵਿਚਕਾਰ ਜ਼ਿੰਕ ਦੀ ਘਾਟ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਲੱਗ ਪੈਂਦੀਆਂ ਹਨ। ਸ਼ੁਰੂ-ਸ਼ੁਰੂ ਵਿੱਚ ਬੂਟੇ ਦੇ ਉੱਪਰੋਂ ਦੂਜੇ ਜਾਂ ਤੀਜੇ ਪੱਤੇ ਦੇ ਮੁੱਢ ਵੱਲ ਸਫ਼ੈਦ ਜਾਂ ਹਲਕਾ ਪੀਲਾ ਪੱਟੀ ਨੁਮਾ ਧੱਬਾ ਪੈ ਜਾਂਦਾ ਹੈ ਅਤੇ ਮੁੱਖ ਨਾੜ ਦੇ ਦੋਹੀਂ ਪਾਸੀਂ ਲਾਲ ਰੰਗ ਦੀਆਂ ਧਾਰੀਆਂ ਪੈ ਜਾਂਦੀਆਂ ਹਨ। ਇਹ ਸਫ਼ੈਦ ਪੱਟੀ ਨੁਮਾ ਧੱਬਾ ਬਾਅਦ ਵਿੱਚ ਪੱਤੇ ਦੇ ਸਿਰ ਵੱਲ, ਮੁੱਖ ਨਾੜ ਦੇ ਸਮਾਨੰਤਰ, ਵਧਣਾ ਸ਼ੁਰੂ ਹੋ ਜਾਂਦਾ ਹੈ। ਪੱਤੇ ਦੀ ਮੁੱਖ ਨਾੜ ਅਤੇ ਸਿਰੇ ਹਰੇ ਰਹਿੰਦੇ ਹਨ। ਬੂਟੇ ਮੱਧਰੇ ਰਹਿੰਦੇ ਹਨ ਅਤੇ ਤਣੇ ਦੀਆਂ ਗੰਢਾਂ ਨੇੜੇ-ਨੇੜੇ ਪੈਂਦੀਆਂ ਹਨ। ਜੇਕਰ ਜ਼ਿੰਕ ਦੀ ਘਾਟ ਮਾਮੂਲੀ ਹੋਵੇ ਤਾਂ ਉਪਰਲੇ ਪੱਤਿਆਂ ਤੇ ਚਿੱਟੀਆਂ ਧਾਰੀਆਂ ਪੈ ਜਾਂਦੀਆਂ ਹਨ ਜੋ ਕਿ ਮੌਸਮ ਦੇ ਅੱਧ ਵਿੱਚ ਜਾ ਕੇ ਹਟ ਜਾਂਦੀਆਂ ਹਨ। ਪਰ ਬਾਬੂ ਝੰਡਿਆਂ ਦਾ ਬੂਰ ਅਤੇ ਛੱਲੀਆਂ ਦਾ ਸੂਤ ਦੇਰ ਨਾਲ ਨਿੱਕਲਦਾ ਹੈ। ਜੇਕਰ ਜ਼ਿੰਕ ਦੀ ਘਾਟ ਮੱਕੀ ਤੋਂ ਪਹਿਲੀ ਫ਼ਸਲ ਵਿੱਚ ਨਜ਼ਰ ਆਈ ਹੋਵੇ ਤਾਂ ਬਿਜਾਈ ਸਮੇਂ ੧੦ ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ (੨੧%) ਜਾਂ ੬.੫ ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (੩੩%) ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿੱਚ ਮਿਲਾ ਦਿਉ। ਜੇਕਰ ਜ਼ਿੰਕ ਸਲਫੇਟ ਦੀ ਵਰਤੋਂ ਬਿਜਾਈ ਸਮੇਂ ਨਾ ਕੀਤੀ ਗਈ ਹੋਵੇ ਅਤੇ ਮੱਕੀ ਦੀ ਫ਼ਸਲ ਵਿੱਚ ਜ਼ਿੰਕ ਦੀ ਘਾਟ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ੧੦ ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ (੨੧%) ਜਾਂ ੬.੫ ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (੩੩%) ਇਤਨੀ ਹੀ ਮਿੱਟੀ ਵਿੱਚ ਮਿਲਾ ਕੇ ਮੱਕੀ ਦੀਆਂ ਕਤਾਰਾਂ ਦੇ ਨਾਲ-ਨਾਲ ਪਾ ਦਿਉ ਤੇ ਗੋਡੀ ਕਰਕੇ ਮਿੱਟੀ ਵਿੱਚ ਮਿਲਾ ਦਿਉ ਅਤੇ ਬਾਅਦ ਵਿੱਚ ਫ਼ਸਲ ਨੂੰ ਪਾਣੀ ਦਿਉ। ਜੇ ਜ਼ਿੰਕ ਦੀ ਘਾਟ ਦਾ ਪਤਾ ਅਜਿਹੇ ਸਮੇਂ ਲੱਗੇ ਜਦੋਂ ਗੋਡੀ ਕਰਨੀ ਮੁਸ਼ਕਲ ਹੋਵੇ ਤਾਂ ਜ਼ਿੰਕ ਸਲਫੇਟ ਦੀ ਸਪਰੇਅ ਵੀ ਕੀਤੀ ਜਾ ਸਕਦੀ ਹੈ। ਇੱਕ ਏਕੜ ਵਾਸਤੇ ਇਹ ਸਪਰੇਅ ਤਿਆਰ ਕਰਨ ਲਈ ੧੨੦੦ ਗ੍ਰਾਮ ਜ਼ਿੰਕ ਸਲਫੇਟ (ਹੈਪਟਾਹਾਈਡ੍ਰੇਟ), ੬੦੦ ਗ੍ਰਾਮ ਅਣਬੁਝਿਆ ਚੂਨਾ ਜਾਂ ੭੫੦ ਗ੍ਰਾਮ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ, ੩੭੫ ਗ੍ਰਾਮ ਅਣਬੁਝਿਆ ਚੂਨਾ ਅਤੇ ੨੦੦ ਲਿਟਰ ਪਾਣੀ ਵਰਤੋ।

ਮੱਕੀ ਦੀ ਕਟਾਈ ਅਤੇ ਛੜਾਈ

ਮੱਕੀ ਦੀ ਕਟਾਈ ਉਸ ਸਮੇਂ ਕਰ ਲਉ ਜਦੋਂ ਛੱਲੀਆਂ ਦੇ ਖੱਗੇ ਸੁੱਕ ਕੇ ਭੂਰੇ ਹੋ ਜਾਣ। ਇਸ ਸਮੇਂ ਟਾਂਡੇ ਅਤੇ ਪੱਤੇ ਕੁਝ ਹਰੇ ਹੀ ਹੁੰਦੇ ਹਨ। ਪਛੇਤੀ ਬੀਜੀ ਜਾਂ ਗਰਮੀ ਰੁੱਤ ਦੀ ਮੱਕੀ ਤੋਂ ਬਾਅਦ ਜੇਕਰ ਖੇਤ ਜਲਦੀ ਖਾਲੀ ਕਰਨਾ ਹੋਵੇ ਤਾਂ ਉਥੋਂ ਟਾਂਡੇ ਛੱਲੀਆਂ ਸਮੇਤ ਕੱਟ ਲਉ। ਮੱਕੀ ਦੇ ਦਾਣੇ ਸੁਕਾ ਕੇ ਹੀ ਮੰਡੀ ਵਿੱਚ ਵੇਚੋ। ਦਾਣਿਆਂ ਵਿੱਚ ਸਿੱਲ੍ਹ ਦੀ ਮਾਤਰਾ ੧੫ ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ। ਛੱਲੀਆਂ ਦੇ ਪਰਦੇ ਲਾਹੁਣ ਅਤੇ ਦਾਣੇ ਕੱਢਣ ਵਾਲੀ ਮਸ਼ੀਨ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ, ਜਿਸ ਨਾਲ ਪਰਦਿਆਂ ਸਮੇਤ ਛੱਲੀਆਂ 'ਚੋਂ ਦਾਣੇ ਕੱਢੇ ਜਾ ਸਕਦੇ ਹਨ । ਚੰਗੇ ਨਤੀਜੇ ਲੈਣ ਲਈ ਪਰਦਿਆਂ ਸਮੇਤ ਛੱਲੀਆਂ 'ਚੋਂ ਦਾਣੇ ਕੱਢਣ ਲਈ ਆਮ ਪ੍ਰਚੱਲਿਤ ਸ਼ੈਲਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਬਜ਼ਾਰ ਵਿੱਚੋਂ ਮੱਕੀ ਕੱਢਣ ਵਾਲੀਆਂ ਮਸ਼ੀਨਾਂ ਮਿਲ ਜਾਂਦੀਆਂ ਹਨ। ਇਹ ਮਸ਼ੀਨਾਂ ਹੱਥ ਨਾਲ ਜਾਂ ਮੋਟਰ ਨਾਲ ਚੱਲਦੀਆਂ ਹਨ। ਇਸ ਕੰਮ ਲਈ ਕੰਬਾਈਨ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ ਜਿਸ ਨਾਲ ਛੱਲੀਆਂ ਉੱਤੋਂ ਪਰਦੇ ਲਾਹੁਣ ਦੀ ਮਜ਼ਦੂਰੀ ਬਚ ਜਾਂਦੀ ਹੇ। ਪਰ ਇਸ ਕੰਮ ਲਈ ਮਸ਼ੀਨ ਵਿੱਚ ਕੁਝ ਅਦਲਾ-ਬਦਲੀ ਕਰਨ ਦੀ ਲੋੜ ਜ਼ਰੂਰ ਪੈਂਦੀ ਹੈ। ਕਟਾਈ ਤੋਂ ਬਾਅਦ ੩-੪ ਦਿਨਾਂ ਤੱਕ ਛੱਲੀਆਂ ਸੁਕਾ ਲੈਣੀਆਂ ਚਾਹੀਦੀਆਂ ਹਨ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.20979020979
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top