ਪੰਛੀ ਖੇਤੀ ਨੂੰ ਫਾਇਦਾ ਵੀ ਕਰਦੇ ਹਨ ਤੇ ਨੁਕਸਾਨ ਵੀ। ਪੰਜਾਬ ਵਿਚ ਮਿਲਣ ਵਾਲੇ ੩੦੦ ਕਿਸਮ ਦੇ ਪੰਛੀਆਂ ਵਿਚੋਂ ਕੁਝ ਹੀ ਫ਼ਸਲਾਂ ਅਤੇ ਫ਼ਲਾਂ ਦਾ ਅਤੇ ਗੋਦਾਮਾਂ, ਸ਼ੈਲਰਾਂ ਅਤੇ ਮੰਡੀਆਂ ਵਿਚ ਦਾਣਿਆਂ ਨੂੰ ਨੁਕਸਾਨ ਕਰਦੇ ਹਨ। ਸਿਰਫ਼ ਤੋਤਾ ਹੀ ਇਕ ਅਜਿਹਾ ਪੰਛੀ ਹੈ ਜੋ ਖੇਤੀ ਨੂੰ ਕੋਈ ਫ਼ਾਇਦਾ ਨਹੀਂ ਕਰਦਾ, ਨੁਕਸਾਨ ਹੀ ਕਰਦਾ ਹੈ।
ਤੋਤਾ ਸਭ ਤੋਂ ਜ਼ਿਆਦਾ ਹਾਨੀਕਾਰਕ ਪੰਛੀ ਹੈ ਜੋ ਤਕਰੀਬਨ ਸਾਰੀਆਂ ਫ਼ਸਲਾਂ ਤੇ ਫ਼ਲਾਂ ਨੂੰ ਬਹੁਤ ਨੁਕਸਾਨ ਕਰਦਾ ਹੈ। ਇਹ ਪੰਛੀ ਸੂਰਜਮੁਖੀ ਲਈ ਖਾਸ ਤੌਰ ਤੇ ਹਾਨੀਕਾਰਕ ਹੈ। ਕਾਂ ਪੁੰਗਰਦੀ ਕਣਕ, ਮੱਕੀ ਅਤੇ ਸੂਰਜਮੁਖੀ ਅਤੇ ਪੱਕਦੀ ਮੱਕੀ ਲਈ ਹਾਨੀਕਾਰਕ ਹੈ। ਘੁੱਗੀਆਂ ਅਤੇ ਕਬੂਤਰ ਦਾਲਾਂ ਨੂੰ ਬਹੁਤ ਨੁਕਸਾਨ ਕਰਦੇ ਹਨ ਅਤੇ ਚਿੜੀਆਂ ਬਿਜੜਿਆਂ ਨਾਲ ਰਲ ਕੇ ਗੋਦਾਮਾਂ ਅਤੇ ਸ਼ੈਲਰਾਂ ਤੋਂ ਤਕਰੀਬਨ ੨.੪ ਕਰੋੜ ਰੁਪਏ ਸਲਾਨਾ ਦੇ ਮੁੱਲ ਦਾ ਝੋਨਾ ਖਾ ਜਾਂਦੇ ਹਨ। ਚਿੜੀਆਂ ਅਤੇ ਬਿਜੜੇ ਝੋਨੇ ਦੀ ਪਨੀਰੀ ਅਤੇ ਪੱਕਦੇ ਬਾਜਰੇ ਅਤੇ ਚਰ੍ਹੀ ਦਾ ਨੁਕਸਾਨ ਕਰਦੇ ਹਨ।
(ੳ) ਯਾਂਤਰਿਕ ਵਿਧੀ:
(੧) ਬੰਦੂਕ ਦੇ ਧਮਾਕੇ ਵੱਖ ਵੱਖ ਵਕਫ਼ੇ ਤੇ ਪੰਛੀ ਉਡਾਉਣ ਲਈ ਕਰੋ।
(੨) ਡਰਨੇ ਦੀ ਵਰਤੋਂ ਕਰੋ: ਡਰਨੇ ਦੀ ਵਰਤੋਂ ਬਹੁਤ ਪੁਰਾਣੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇੱਕ ਪੁਰਾਣੀ ਮਿੱਟੀ ਦੀ ਹਾਂਡੀ ਆਦਿ ਲੈ ਕੇ ਉਸ ਉੱਤੇ ਰੰਗ ਨਾਲ ਮਨੁੱਖੀ ਸਿਰ ਉਲੀਕ ਦਿੱਤਾ ਜਾਂਦਾ ਹੈ ਤੇ ਉਸਨੂੰ ਖੇਤ ਵਿਚ ਗੱਡੇ ਡੰਡਿਆਂ ਤੇ ਟਿਕਾ ਕੇ ਮਨੁੱਖੀ ਪੋਸ਼ਾਕ ਪੁਆ ਦਿੱਤੀ ਜਾਂਦੀ ਹੈ। ਇਸਨੂੰ ਮਨੁੱਖ ਸਮਝ ਕੇ ਪੰਛੀ ਖੇਤ ਦੇ ਨੇੜੇ ਨਹੀਂ ਆਉਂਦੇ। ਡਰਨੇ ਦੀ ਥਾਂ, ਦਿਸ਼ਾ ਅਤੇ ਪੁਸ਼ਾਕ ਦਸ ਦਿਨ ਦੇ ਵਕਫੇ ਤੇ ਬਦਲ ਦੇਣੀ ਚਾਹੀਦੀ ਹੈ। ਡਰਨਾ ਫ਼ਸਲ ਦੀ ਉਚਾਈ ਤੋਂ ਘੱਟੋ ਘੱਟ ਇਕ ਮੀਟਰ ਉੱਚਾ ਹੋਣਾ ਚਾਹੀਦਾ ਹੈ।
(੩) ਸਵੈਚਾਲਕ ਪੰਛੀ ਉਡਾਉਣ ਵਾਲੀ ਮਸ਼ੀਨ ਦੇ ਨਾਲ ਨਾਲ ਬੰਦੂਕ ਦੇ ਧਮਾਕੇ ਕਰਕੇ ਮਸ਼ੀਨ ਦੀ ਥਾਂ ਲਗਾਤਾਰ ਬਦਲ ਕੇ ਪੰਛੀਆਂ ਨੂੰ ਉਡਾਉਣ ਵਿੱਚ ਕਾਫ਼ੀ ਸਹਾਈ ਹੁੰਦੀ ਹੈ। ਇੱਕ ਹੋਰ ਅਸਾਨ ਤਰੀਕਾ ਹੈ ਜਿਸ ਵਿੱਚ ਅਸੀਂ ਰੱਸੀ ਨਾਲ ਹਰ ਛੇ ਤੋਂ ਅੱਠ ਇੰਚ ਦੀ ਦੂਰੀ ਦੇ ਉੱਤੇ ਪਟਾਕਿਆਂ ਦੇ ਛੋਟੇ-ਛੋਟੇ ਬੰਡਲ ਬੰਨ੍ਹ ਦਿੰਦੇ ਹਾਂ ਅਤੇ ਰੱਸੀ ਨੂੰ ਥੱਲੜੇ ਹਿੱਸੇ ਤੋਂ ਧੁਖਾ ਦਿੰਦੇ ਹਾਂ। ਇਸ ਤਰ੍ਹਾਂ ਪਟਾਕਿਆਂ ਦੇ ਅੱਗ ਫੜਣ ਨਾਲ ਵੱਖ-ਵੱਖ ਸਮੇਂ ਤੇ ਧਮਾਕੇ ਹੁੰਦੇ ਹਨ ਜਿਸ ਨਾਲ ਪੁੰਗਰ ਰਹੀ ਤੇ ਪੱਕ ਰਹੀ ਫ਼ਸਲ ਤੋਂ ਪੰਛੀਆਂ ਨੂੰ ਉਡਾਇਆ ਜਾ ਸਕਦਾ ਹੈ। ਬੀਜ ਦੇ ਪੁੰਗਰਣ ਦੀ ਅਵਸਥਾ ਸਮੇਂ ਪਟਾਕਿਆਂ ਦੀ ਰੱਸੀ ਖੇਤ ਦੇ ਵਿਚਕਾਰ ਲਟਕਾਓ ਜਦ ਕਿ ਫ਼ਸਲ ਦੇ ਪੱਕਣ ਵੇਲੇ ਖੇਤ ਦੇ ਕੰਢੇ ਥੋੜੀ ਦੂਰ ਲਟਕਾਣੀ ਚਾਹੀਦੀ ਹੈ।
(੪) ਪੱਕਣ ਵੇਲੇ ਮੱਕੀ ਨੂੰ ਪੰਛੀਆਂ ਤੋਂ ਬਚਾਉਣ ਲਈ ਚਮਕੀਲੇ ਫੀਤੇ ਦੀ ਵਰਤੋਂ ਕਰੋ ਜੋ ਕਿ ਪੋਲਿਸਟਰ ਦਾ ਬਣਿਆ ਹੁੰਦਾ ਹੈ, ਜਿਸ ਦਾ ਇਕ ਪਾਸਾ ਲਾਲ ਰੰਗ ਦਾ ਅਤੇ ਦੂਜਾ ਪਾਸਾ ਚਾਂਦੀ ਰੰਗਾ ਹੁੰਦਾ ਹੈ। ਇਸ ਫੀਤੇ ਦੀ ਚੌੜਾਈ ੧.੫ ਸੈਂਟੀਮੀਟਰ ਹੁੰਦੀ ਹੈ। ਚਮਕੀਲੇ ਫ਼ੀਤੇ ਨੂੰ ਫ਼ਸਲ ਦੀ ਉਚਾਈ ਤੋਂ ੩੦ ਸੈ.ਮੀ. ਉਪਰ ਅਤੇ ਸਮਾਨਅੰਤਰ ਕਤਾਰਾਂ ਵਿੱਚ ੫ ਮੀਟਰ ਦੀ ਵਿੱਥ ਤੇ ਉੱਤਰ-ਦੱਖਣ ਦਿਸ਼ਾ ਵਿੱਚ ਲਗਾਉਣਾ ਚਾਹੀਦਾ ਹੈ। ਜੇਕਰ ਖੇਤ ਦੇ ਨੇੜੇ ਪੰਛੀਆਂ ਦੇ ਬੈਠਣ ਲਈ ਢੁਕਵੀਆਂ ਥਾਵਾਂ ਹੋਣ ਤਾਂ ਖੇਤ ਦੇ ਚਾਰੇ ਪਾਸੇ ਚਮਕੀਲੇ ਫ਼ੀਤੇ ਦਾ ਇਕ ਗੇੜਾ ਦੇ ਦੇਣਾ ਚਾਹੀਦਾ ਹੈ। ਚਮਕੀਲਾ ਫ਼ੀਤਾ ਮੱਕੀ ਨੂੰ ਪੰਛੀਆਂ ਤੋਂ ਅਸਰਦਾਰ, ਸੌਖੇ ਅਤੇ ਵਾਤਾਵਰਣ ਸਹਾਇਕ ਤਰੀਕੇ ਨਾਲ ਬਚਾਉਂਦਾ ਹੈ।
(੧) ਸੂਰਜਮੁਖੀ ਅਤੇ ਮੱਕੀ ਵਰਗੀਆਂ ਕੀਮਤੀ ਫ਼ਸਲਾਂ ਦੇ ਆਲੇ-ਦੁਆਲੇ ਬਾਹਰਲੀਆਂ ਦੋ ਤਿੰਨ ਲਾਈਨਾਂ ਵਿੱਚ ਘੱਟ ਕੀਮਤੀ ਫ਼ਸਲਾਂ ਜਿਵੇਂ ਕਿ ਢੈਂਚਾ ਜਾਂ ਬਾਜਰਾ ਜਿਹੜਾ ਕਿ ਪੰਛੀਆਂ ਦੁਆਰਾ ਖਾਣ ਲਈ ਪਸੰਦ ਵੀ ਕੀਤਾ ਜਾਂਦਾ ਹੈ ਖੇਤ ਵਿੱਚ ਬੀਜੀਆਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾ ਸਕਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਫ਼ਸਲਾਂ ਦਾ ਕੱਦ ਲੰਬਾ ਹੋਣ ਕਰਕੇ ਇਹ ਹਵਾ ਰੋਕਣ ਦਾ ਕੰਮ ਵੀ ਕਰਦੀਆਂ ਹਨ ਅਤੇ ਹਨ੍ਹੇਰੀ-ਝੱਖੜ ਜਾਂ ਬੱਦਲਵਾਈ ਸਮੇਂ ਖੇਤ ਅੰਦਰਲੀ ਫ਼ਸਲ ਨੂੰ ਡਿੱਗਣ ਤੋਂ ਵੀ ਬਚਾਉਂਦੀਆਂ ਹਨ।
(੨) ਜਿਥੋਂ ਤੱਕ ਸੰਭਵ ਹੋ ਸਕੇ ਮੱਕੀ ਅਤੇ ਸੂਰਜਮੁਖੀ ਦੀ ਬਿਜਾਈ ਪੰਛੀਆਂ ਦੇ ਅਕਸਰ ਬੈਠਣ ਵਾਲੀਆਂ ਥਾਵਾਂ ਜਾਂ ਸੰਘਣੇ ਬਿਰਖਾਂ ਅਤੇ ਫ਼ਸਲ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਆਦਿ ਤੋਂ ਦੂਰ ਕਰਨੀ ਚਾਹੀਦੀ ਹੈ।
(੩) ਸੂਰਜਮੁਖੀ ਅਤੇ ਮੱਕੀ ਦੀ ਫ਼ਸਲ ਨੂੰ ਤੋਤੇ ਦੇ ਨੁਕਸਾਨ ਤੋਂ ਬਚਾਉਣ ਲਈ ਇਨ੍ਹਾਂ ਦੀ ਬਿਜਾਈ ਵੱਡੇ ਰਕਬੇ (ਘੱਟੋ ਘੱਟ ਦੋ ਤਿੰਨ ਏਕੜ) ਵਿੱਚ ਕਰਨੀ ਚਾਹੀਦੀ ਹੈ ਕਿਉਂਕਿ ਤੋਤਾ ਫ਼ਸਲ ਦੇ ਅੰਦਰ ਜਾ ਕੇ ਖਾਣ ਤੋਂ ਗੁਰੇਜ਼ ਕਰਦਾ ਹੈ।
ਤੋਤੇ ਅਤੇ ਕਾਵਾਂ ਦੀਆਂ ਚੇਤਾਵਨੀ ਭਰੀਆਂ ਅਤੇ ਪੰਛੀਆਂ ਦੇ ਝੁੰਡਾਂ ਦੀਆਂ ਅਵਾਜਾਂ ਇੱਕ ਕੈਸਿਟ ਵਿੱਚ ਭਰੀਆਂ ਹੋਈਆਂ ਹਨ। ਇਹ ਕੈਸਿਟਾਂ ਬਿਨਜਸ ਮੈਨੇਜਰ, ਸੰਚਾਰ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਉਪਲਬਧ ਹਨ। ਇਨ੍ਹਾਂ ਕੈਸਟਾਂ ਵਿੱਚ ਭਰੀਆਂ ਅਵਾਜਾਂ ਨੂੰ ਟੇਪ-ਰਿਕਾਰਡ ਵਿੱਚ ਉੱਚੀ ਅਵਾਜ਼ ਵਿੱਚ ਇਕ ਘੰਟੇ ਦੇ ਵਕਫ਼ੇ ਨਾਲ, ਅੱਧੇ ਘੰਟੇ ਵਾਸਤੇ ਦੋ ਵਾਰੀ ਸਵੇਰੇ ੭.੦੦ ਤੋਂ ੯.੦੦ ਅਤੇ ਸ਼ਾਮ ਨੂੰ ੫.੦੦ ਤੋਂ ੭.੦੦ ਵਜੇ ਦੌਰਾਨ ਵਜਾਉਣ ਨਾਲ ਨਵੀਂ ਬੀਜੀ ਫ਼ਸਲ, ਪੁੰਗਰ ਰਹੀ ਫ਼ਸਲ ਜਾਂ ਪੱਕ ਰਹੀ ਫ਼ਸਲ ਵਾਲੇ ਖੇਤਾਂ ਅਤੇ ਬਾਗਾਂ ਵਿਚੋਂ ਪੰਛੀ ਪੂਰੇ ਦਿਨ ਵਾਸਤੇ ਉੱਡ ਜਾਂਦੇ ਹਨ ਅਤੇ ਮੁੜ ਵਾਪਸ ਨਹੀਂ ਆਉਂਦੇ। ਚੇਤਾਵਨੀ ਆਵਾਜ਼ਾਂ ਜਾਂ ਪੰਛੀਆਂ ਦੇ ਝੁੰਡਾਂ ਦੀਆਂ ਅਵਾਜਾਂ ਦੇ ਵਜਾਉਣ ਦਾ ਅਸਰ ਪੰਦਰਾਂ ਤੋਂ ਵੀਹ ਦਿਨ ਤੱਕ ਰਹਿੰਦਾ ਹੈ। ਇਸ ਵਿਧੀ ਨੂੰ ਤਰਤੀਬਵਾਰ ਜਾਂ ਇਕ ਤੋਂ ਵੱਧ ਤਰੀਕਿਆਂ ਨਾਲ, ਇਕ ਸੰਯੋਜਕ ਵਿਧੀ ਅਨੁਸਾਰ ਵਰਤਣ ਨਾਲ ਚੰਗੇ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ। ਜ਼ਿਆਦਾ ਰਕਬੇ ਵਿੱਚ ਪੰਛੀਆਂ ਨੂੰ ਉਡਾਉਣ ਲਈ ਐਮਪਲੀਫ਼ਾਇਰ ਅਤੇ ਜ਼ਰੂਰਤ ਅਨੁਸਾਰ ਵੱਧ ਸਪੀਕਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਸ਼ਿਕਾਰੀ ਪੰਛੀ, ਜਿਵੇਂ ਕਿ ਉੱਲੂ, ਬਾਜ਼, ਉਕਾਬ, ਇੱਲਾਂ ਆਦਿ ਬਹੁਤ ਮਾਤਰਾ ਵਿੱਚ ਚੂਹੇ ਖਾਂਦੇ ਹਨ। ਆਮ ਤੌਰ ਤੇ ਇਕ ਉੱਲੂ ਇਕ ਦਿਨ ਵਿੱਚ ੪-੫ ਚੂਹੇ ਖਾ ਜਾਂਦਾ ਹੈ। ਕੀੜੇ-ਮਕੌੜੇ ਖਾਣ ਵਾਲੇ ਪੰਛੀ ਜਿਵੇਂ ਕਿ ਕੋਤਵਾਲ, ਸੇਹੜੀਆਂ, ਬੁੱਚੜ ਪੰਛੀ, ਟਟੀਹਰੀਆਂ, ਗੁਟਾਰਾਂ ਅਤੇ ਕਈ ਹੋਰ ਛੋਟੇ ਪੰਛੀ ਅਣਗਣਿਤ ਹਾਨੀਕਾਰਕ ਕੀੜੇ-ਮਕੌੜਿਆਂ ਨੂੰ ਖਾ ਜਾਂਦੇ ਹਨ। ਇਥੋਂ ਤੱਕ ਕਿ ਅਨਾਜ ਖਾਣ ਵਾਲੇ ਚਿੜੀਆਂ ਅਤੇ ਬਿਜੜਿਆਂ ਵਰਗੇ ਪੰਛੀ ਵੀ ਆਪਣੇ ਬੱਚਿਆਂ ਨੂੰ ਬਹੁਤ ਸਾਰੇ ਕੀੜੇ-ਮਕੌੜੇ ਖੁਆਉਂਦੇ ਹਨ। ਚਿੜੀਆਂ ਦਾ ਇਕ ਜੋੜਾ ਇਕ ਦਿਨ ਵਿਚ ਤਕਰੀਬਨ ੨੫੦ ਵਾਰ ਆਪਣੇ ਬੱਚਿਆਂ ਨੂੰ ਚੋਗਾ ਖੁਆਉਂਦਾ ਹੈ। ਇਸ ਕਰਕੇ ਲਾਭਦਾਇਕ ਪੰਛੀਆਂ ਨੂੰ ਮਾਰਨਾ ਨਹੀਂ ਚਾਹੀਦਾ। ਸਗੋਂ ਉਨ੍ਹਾਂ ਨੂੰ ਫ਼ਸਲਾਂ ਵੱਲ ਕਈ ਤਰੀਕਿਆਂ ਨਾਲ ਆਕਰਸ਼ਿਤ ਕੀਤਾ ਜਾ ਸਕਦਾ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/16/2020