>ਜ਼ਮੀਨ ਦੀ ਉਪਰਲੀ ਤਹਿ ’ਤੋਂ ਘਾਹ-ਫੂਸ ਪਰੇ ਕਰ ਦਿਓ ਪਰ ਮਿੱਟੀ ਬਿਲਕੁਲ ਨਾ ਖ਼ੁਰਚੋ। ਕਹੀ ਜਾਂ ਖ਼ੁਰਪੇ ਨਾਲ ਅੰਗਰੇਜ਼ੀ ਦੇ ਅੱਖਰ ‘V’ ਦੀ ਸ਼ਕਲ ਦਾ ੬ ਇੰਚ ਡੂੰਘਾ ਟੋਆ ਪੁੱਟੋ। ਇਸ ਦੇ ਇਕ ਪਾਸਿਓਂ ਇਕ ਇੰਚ ਮਿੱਟੀ ਦੀ ਤਹਿ ਉਪਰੋਂ-ਥੱਲੇ ਇਕਸਾਰ ਕੱਟੋ। ਇਸ ਤਰ੍ਹਾਂ ਦੇ ੭- ੮ ਥਾਵਾਂ ਤੋਂ ਹੋਰ ਮਿੱਟੀ ਦੇ ਨਮੂਨੇ ਲਓ। ਸਾਰੇ ਨਮੂਨਿਆਂ ਨੂੰ ਕਿਸੇ ਸਾਫ਼ ਬਰਤਨ ਜਾਂ ਕੱਪੜੇ ਤੇ ਪਾ ਕੇ ਚੰਗੀ ਤਰ੍ਹਾਂ ਮਿਲਾ ਲਓ। ਇਸ ਵਿਚੋਂ ਅੱਧਾ ਕਿਲੋ ਮਿੱਟੀ ਲੈ ਲਓ ਅਤੇ ਕੱਪੜੇ ਦੀ ਥੈਲੀ ਵਿੱਚ ਪਾ ਲਓ।
ਖ਼ੇਤ ਨੰਬਰ, ਕਿਸਾਨ ਦਾ ਨਾਮ, ਪਤਾ, ਨਮੂਨਾ ਲੈਣ ਦੀ ਤਰੀਕ ਆਦਿ। ਮਿੱਟੀ ਦੇ ਨਮੂਨੇ ਫ਼ਸਲ ਕੱਟਣ ਤੋਂ ਬਾਅਦ ਲੈਣੇ ਚਾਹੀਦੇ ਹਨ। ਜਿਸ ਜ਼ਮੀਨ ਦੀ ਕਿਸਮ ਅਤੇ ਉਪਜਾਊ ਸ਼ਕਤੀ ਵੱਖ ਹੋਵੇ, ਉਸ ਵਿਚੋਂ ਅਲੱਗ ਨਮੂਨਾ ਭਰਨਾ ਚਾਹੀਦਾ ਹੈ।
ਜ਼ਮੀਨ ਵਿੱਚ 3 ਫੁੱਟ ਡੂੰਘਾ ਟੋਆ ਪੁੱਟੋ ਜਿਸ ਦਾ ਇਕ ਪਾਸਾ ਸਿੱਧਾ ਅਤੇ ਦੂਜਾ ਤਿਰਛਾ ਹੋਵੇ। ਇਸ ਟੋਏ ਦੇ ਸਿੱਧੇ ਪਾਸੇ ਤੋਂ ਖ਼ੁਰਪੇ ਨਾਲ ੦-੬, ੬-੧੨, ੧੨-੨੪ ਅਤੇ ੨੪-੩੬ ਇੰਚ ਦੀ ਡੂੰਘਾਈ ਤੋਂ ਇਕ ਇੰਚ ਮੋਟੀ ਮਿੱਟੀ ਦੀ ਤਹਿ ਉਪਰੋਂ ਥੱਲੇ ਅਲੱਗ-ਅਲੱਗ ਕੱਟੋ। ਹਰ ਡੂੰਘਾਈ ਦੇ ਨਮੂਨੇ ਨੂੰ ਕੱਪੜੇ ਦੀ ਸਾਫ਼ ਥੈਲੀ ਵਿੱਚ ਪਾਓ ਅਤੇ ਇਸ ਉਪਰ ਜਾਣਕਾਰੀ ਦਿਓ : ਖੇਤ ਨੰਬਰ, ਨਮੂਨੇ ਦੀ ਡੂੰਘਾਈ, ਕਿਸਾਨ ਦਾ ਨਾਮ, ਪਤਾ, ਨਮੂਨਾ ਲੈਣ ਦੀ ਤਰੀਕ ਆਦਿ। ਹਰ ਨਮੂਨੇ ਲਈ ਅਲੱਗ-ਅਲੱਗ ਡੂੰਘਾਈ ਤੋਂ ਅੱਧਾ ਕਿਲੋ ਮਿੱਟੀ ਲਓ।
ਖੇਤ ਦੇ ਵਿਚਾਲੇ ੬ ਫੁੱਟ ਡੂੰਘਾ ਟੋਆ ਪੁੱਟੋ ਜਿਸ ਦਾ ਇਕ ਪਾਸਾ ਸਿੱਧਾ ਅਤੇ ਦੂਜਾ ਤਿਰਛਾ ਹੋਵੇ। ਇਸ ਟੋਏ ਦੇ ਸਿੱਧੇ ਪਾਸੇ ਤੋਂ ਖੁਰਪੇ ਨਾਲ ੦-੬, ੬-੧੨, ੧੨-੨੪, ੨੪-੩੬, ੩੬-੪੮, ੪੮- ੬੦ ਅਤੇ ੬੦-੭੨ ਇੰਚ ਦੀ ਡੂੰਘਾਈ ਤੋਂ ਇਕ ਇੰਚ ਮੋਟੀ ਮਿੱਟੀ ਦੀ ਤਹਿ ਇਕਸਾਰ ਉਤਾਰੋ। ਹਰ ਨਮੂਨੇ ਲਈ ਅਲੱਗ-ਅਲੱਗ ਡੂੰਘਾਈ ਤੋਂ ਅੱਧਾ ਕਿਲੋ ਮਿੱਟੀ ਲਓ। ਜੇ ਕਿਤੇ ਰੋੜਾਂ ਦੀ ਤਹਿ ਹੋਵੇ ਤਾਂ ਉਸ ਦਾ ਨਮੂਨਾ ਅਲੱਗ ਲੈ ਕੇ ਵੱਖਰੀ ਥੈਲੀ ਵਿੱਚ ਪਾ ਲਓ। ਇਸ ਬਾਰੇ ਜਾਣਕਾਰੀ ਵੀ ਲਿਖੋ ਜਿਵੇਂ ਕਿ ਰੋੜਾਂ ਵਾਲੀ ਤਹਿ ਦੀ ਡੂੰਘਾਈ ਅਤੇ ਮੋਟਾਈ। ਬਾਕੀ ਜਾਣਕਾਰੀ, ਜਿਵੇਂ ਕੱਲਰ ਸੁਧਾਰ ਵਾਸਤੇ ਥੈਲੀਆਂ ਤੇ ਦਿੱਤੀ ਹੈ, ਉਸੇ ਤਰ੍ਹਾਂ ਦਿਓ। ਜੇ ਮਿੱਟੀ ਗਿੱਲੀ ਹੋਵੇ ਤਾਂ ਥੈਲੀਆਂ ਵਿੱਚ ਪਾਉਣ ਤੋਂ ਪਹਿਲਾਂ ਉਸ ਨੂੰ ਛਾਂ ਵਿੱਚ ਸੁਕਾ ਲਓ।
ਸ੍ਰੋਤ : ਭੂਮੀ ਵਿਗਿਆਨ ਵਿਭਾਗ
ਆਖਰੀ ਵਾਰ ਸੰਸ਼ੋਧਿਤ : 1/5/2020